ਸੰਗਰੂਰ, 28 ਸਤੰਬਰ (ਹਿ. ਸ.)। ਡਿਪਟੀ ਕਮਿਸ਼ਨਰ ਸੰਗਰੂਰ ਜਤਿੰਦਰ ਜੋਰਵਾਲ ਵੱਲੋਂ ਧੂਰੀ ਹਲਕੇ ਦੇ ਪਿੰਡ ਕੱਕੜਵਾਲ ਵਿਖੇ ਕਾਇਆਕਲਪ ਤੋਂ ਬਾਅਦ ਆਂਗਨਵਾੜੀ ਸੈਂਟਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਦੇ ਓਐਸਡੀ ਪ੍ਰੋ. ਓਂਕਾਰ ਸਿੰਘ ਵੀ ਉਨ੍ਹਾਂ ਦੇ ਨਾਲ ਸਨ। ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਦੱਸਿਆ ਕਿ ਸਮਾਇਲ ਫਾਊਂਡੇਸ਼ਨ ਅਤੇ ਪੈਪਸੀਕੋ ਦੇ ਸਹਿਯੋਗ ਨਾਲ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਹਿਲਾਂ 17 ਅਜਿਹੇ ਆਂਗਨਵਾੜੀ ਸੈਂਟਰ ਅਪਗ੍ਰੇਡ ਕੀਤੇ ਜਾ ਚੁੱਕੇ ਹਨ ਅਤੇ ਹੁਣ ਦੂਜੇ ਪੜਾਅ ਵਿੱਚ 10 ਨਵੇਂ ਸੈਂਟਰਾਂ ਦੀ ਚੋਣ ਕੀਤੀ ਗਈ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਆਂਗਨਵਾੜੀ ਸੈਂਟਰਾਂ ਨੂੰ ਅਪਗ੍ਰੇਡ ਕਰਨ ਦਾ ਮੁੱਖ ਮਕਸਦ ਚੰਗੀ ਖੁਰਾਕ ਮੁਹੱਈਆ ਕਰਵਾਉਣ ਦੇ ਨਾਲ-ਨਾਲ ਇੱਥੇ ਆਉਣ ਵਾਲੇ ਬੱਚਿਆਂ ਨੂੰ ਸੁਰੱਖਿਅਤ ਮਾਹੌਲ ਪ੍ਰਦਾਨ ਕਰਨਾ ਹੈ ਤਾਂ ਜੋ ਉਨ੍ਹਾਂ ਦਾ ਧਿਆਨ ਪੜ੍ਹਾਈ ਵੱਲ ਕੇਂਦਰਿਤ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਆਂਗਨਵਾੜੀ ਸੈਂਟਰ ਮਾਡਲ ਕੇਂਦਰ ਵਜੋਂ ਅਪਗ੍ਰੇਡ ਕੀਤੇ ਜਾ ਰਹੇ ਹਨ ਜਿਨ੍ਹਾਂ ਵਿੱਚ ਬੁਨਿਆਦੀ ਢਾਂਚੇ ਨਾਲ ਸਬੰਧਤ ਲੋੜਾਂ ਨੂੰ ਪੂਰੀਆਂ ਕਰਨ ਦੇ ਨਾਲ-ਨਾਲ ਬੱਚਿਆਂ ਦੀ ਰੁਚੀ ਲਈ ਵੱਖ-ਵੱਖ ਤਰ੍ਹਾਂ ਦੀਆਂ ਕਲਾਕਾਰੀਆਂ ਵੀ ਕੀਤੀਆਂ ਗਈਆਂ ਹਨ।
ਡੀ.ਸੀ. ਜਤਿੰਦਰ ਜੋਰਵਾਲ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲਗਾਤਾਰ ਚੁੱਕੇ ਜਾ ਰਹੇ ਸਕਾਰਾਤਮਕ ਕਦਮਾਂ ਨੂੰ ਲਗਾਤਾਰ ਲੋਕਾਂ ਦਾ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਪੰਜਾਬ ਸਰਕਾਰ ਦੀਆਂ ਭਲਾਈ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਪਾਰਦਰਸ਼ੀ ਢੰਗ ਨਾਲ ਲਾਗੂ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
