ਖੰਨਾ, 29 ਸਤੰਬਰ (ਹਿ. ਸ.)। ਏਸ਼ੀਆ ਦੀ ਸਭ ਤੋਂ ਵੱਡੀ ਅਨਾਜ ਮੰਡੀ ਖੰਨਾ ਵਿਖੇ ਝੋਨੇ ਦੀ ਫਸਲ ਦੇ ਖਰੀਦ ਪ੍ਰਬੰਧਾਂ ਨੂੰ ਲੈ ਕੇ ਮਾਰਕੀਟ ਕਮੇਟੀ ਦਫ਼ਤਰ ਖੰਨਾ ਵਿਖੇ ਹਲਕਾ ਵਿਧਾਇਕ ਤਰੁਣਪ੍ਰੀਤ ਸੌਂਦ ਵਲੋਂ ਮੀਟਿੰਗ ਦੀ ਪ੍ਰਧਾਨਗੀ ਕੀਤੀ ਗਈ। ਇਸ ਮੀਟਿੰਗ ’ਚ ਡੀ. ਐੱਫ. ਐੱਸ. ਓ. ਸ਼ਿਫਾਲੀ ਚੋਪੜਾ, ਐੱਸ. ਡੀ. ਐੱਮ. ਸਵਾਤੀ, ਤਹਿਸੀਲਦਾਰ ਹਰਮਿੰਦਰ ਸਿੰਘ ਹੁੰਦਲ, ਡੀ. ਐੱਸ. ਪੀ. ਰਾਜੇਸ਼ ਕੁਮਾਰ, ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਹਰਬੰਸ ਸਿੰਘ ਰੋਸ਼ਾ, ਪਨਸਪ ਡੀ. ਐੱਮ., ਮਾਰਕਫੈੱਡ ਡੀ.ਐੱਮ., ਵੇਅਰ ਹਾਊਸ ਦੇ ਡੀ. ਐੱਮ. ਸਮੇਤ ਮਾਰਕੀਟ ਕਮੇਟੀ, ਖ਼ਰੀਦ ਏਜੰਸੀਆਂ, ਆੜ੍ਹਤੀਆ ਐਸੋਸੀਏਸ਼ਨ, ਲੇਬਰ ਯੂਨੀਅਨ, ਮੁਨੀਮਾਂ ਸਮੇਤ ਸੀਜ਼ਨ ਨਾਲ ਜੁੜੇ ਹਰ ਇੱਕ ਵਰਗ ਦੇ ਨੁਮਾਇੰਦਿਆਂ ਨੇ ਸ਼ਮੂਲੀਅਤ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਨੁਸਾਰ 1 ਅਕਤੂਬਰ ਤੋਂ ਝੋਨੇ ਦੀ ਫਸਲ ਦੀ ਨਿਰਵਿਘਨ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ 182 ਲੱਖ ਮੀਟ੍ਰਿਕ ਟਨ ਫਸਲ ਦੀ ਖਰੀਦ ਦਾ ਟੀਚਾ ਮਿੱਥਿਆ ਗਿਆ ਹੈ।
ਇਸ ਮੌਕੇ ਵਿਧਾਇਕ ਸੌਂਦ ਨੇ ਝੋਨੇ ਦੇ ਖਰੀਦ ਪ੍ਰਬੰਧਾਂ ਲਈ ਕੀਤੀਆਂ ਗਈਆਂ ਤਿਆਰੀਆਂ ਅਤੇ ਮੰਡੀ ’ਚ ਕੀਤੇ ਗਏ ਪ੍ਰਬੰਧਾਂ ਦਾ ਜਾਇਜ਼ਾ ਲਿਆ। ਮੀਟਿੰਗ ’ਚ ਖ਼ਰੀਦ ਏਜੰਸੀ ਤੋਂ ਲੈ ਕੇ ਵੱਖ-ਵੱਖ ਵਿਭਾਗਾਂ ਵੱਲੋਂ ਖ਼ਰੀਦ ਪ੍ਰਬੰਧਾਂ ਨੂੰ ਲੈ ਕੇ ਕੀਤੇ ਗਏ ਇੰਤਜਾਮ ਸਬੰਧੀ ਰਿਪੋਰਟ ਵਿਧਾਇਕ ਨੂੰ ਦਿੱਤੀ ਗਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਵਿਧਾਇਕ ਸੌਂਦ ਨੇ ਕਿਹਾ ਕਿ 01 ਅਕਤੂਬਰ ਨੂੰ ਫਸਲ ਦੀ ਖਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਮੰਡੀ ਵਿਚ ਹਰ ਤਰ੍ਹਾਂ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ ਤੇ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾ ਰਹੀ ਹੈ। ਉਨ੍ਹਾਂ ਕਿਹਾ ਕਿ ਭ੍ਰਿਸ਼ਟਾਚਾਰ ’ਤੇ ਨਕੇਲ ਕਸਣਾ ਸਾਡਾ ਸਭ ਤੋਂ ਵੱਡਾ ਮੰਤਵ ਹੈ। ਪਿਛਲੇ ਸਮੇਂ ਦੌਰਾਨ ਵੱਖ ਵੱਖ ਵਿਭਾਗਾਂ ’ਚ ਹੋਈਆਂ ਵਧੀਕੀਆਂ ਨੂੰ ਲੈ ਕੇ ਵੱਡੇ ਪੱਧਰ ’ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਸਖ਼ਤ ਲਹਿਜ਼ੇ ’ਚ ਕਿਹਾ ਕਿ ਆਉਣ ਵਾਲੇ ਸਮੇਂ ’ਚ ਜੋ ਵੀ ਕੋਤਾਹੀ ਕਰੇਗਾ ਜਾਂ ਦੋਸ਼ੀ ਹੋਵੇਗਾ ਉਸਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਤੋਂ ਪਹਿਲਾਂ ਵਿਧਾਇਕ ਸੌਂਦ ਨੇ ਅਨਾਜ ਮੰਡੀ ਦਾ ਦੌਰਾ ਕਰਕੇ ਮੰਡੀ ’ਚ ਸਫਾਈ ਪ੍ਰਬੰਧਾਂ, ਪਾਣੀ ਦੇ ਪ੍ਰਬੰਧ, ਕਿਸਾਨਾਂ ਦੇ ਬੈਠਣ ਜਾਂ ਅਰਾਮ ਕਰਨ, ਲਿਫਟਿੰਗ ਸਬੰਧੀ ਪ੍ਰਬੰਧਾਂ ਦਾ ਨਿਰੀਖਣ ਕੀਤਾ। ਉਨ੍ਹਾਂ ਕਿਹਾ ਕਿ ਝੋਨੇ ਦੇ ਸੀਜ਼ਨ ਨੂੰ ਲੈ ਕੇ ਪੰਜਾਬ ਦੇ ਮੁੱਖ ਮੰਤਰੀ ਸਮੇਤ ਸਾਰੀ ਕੈਬਨਿਟ ਵੱਲੋਂ ਖਾਸ ਨਜ਼ਰ ਰੱਖੀ ਜਾ ਰਹੀ ਹੈ। ਅਫਸਰਸ਼ਾਹੀ ਨੂੰ ਇਸ ਸੀਜ਼ਨ ਦੌਰਾਨ ਇਸ ਨਾਲ ਜੁੜੇ ਕਿਸੇ ਵੀ ਵਰਗ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਨਾ ਆਵੇ, ਦੇ ਨਿਰਦੇਸ਼ ਦਿੱਤੇ ਗਏ ਹਨ। ਉਨ੍ਹਾਂ ਖੰਨਾ ਅਤੇ ਇਸ ਨਾਲ ਸਬੰਧਤ ਸਮੂਹ ਮੰਡੀਆਂ ਵਿਚ ਝੋਨੇ ਦੇ ਮੁਕੰਮਲ ਸੀਜ਼ਨ ਨੂੰ ਇਕਜੁਟਤਾ ਨਾਲ ਬਿਨ੍ਹਾਂ ਕਿਸੇ ਮੁਸ਼ਕਿਲ ਦੇ ਨਿਪਟਾਉਣ ਲਈ ਸਾਰਿਆਂ ਨੂੰ ਸਹਿਯੋਗ ਕਰਨ ਦੀ ਅਪੀਲ ਕੀਤੀ।
ਇਸ ਮੌਕੇ ਮਾਰਕੀਟ ਕਮੇਟੀ ਸਕੱਤਰ ਸੁਰਜੀਤ ਸਿੰਘ ਚੀਮਾ ਨੇ ਕਿਸਾਨਾਂ ਅਪੀਲ ਕੀਤੀ ਕਿ ਕਿਸਾਨ ਆਪਣੀ ਫਸਲ ਨੂੰ ਸੁਕਾ ਕੇ ਹੀ ਮੰਡੀ ’ਚ ਲਿਆਉਣ ਤਾਂ ਜੋ ਕਿਸੇ ਵੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਵੇ। ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸਰਕਾਰੀ ਖਰੀਦ 2203 ਰੁਪਏ ਪ੍ਰਤਿ ਕੁਇੰਟਲ ਤੈਅ ਕੀਤੀ ਗਈ ਹੈ।ਮੰਡੀ ਵਿਚ ਸਫਾਈ, ਪਾਣੀ, ਬਿਜਲੀ ਸੰਬੰਧੀ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
