ਚੰਡੀਗੜ੍ਹ, 02 ਅਕਤੂਬਰ। 2015 ਦੇ ਐਨ. ਡੀ. ਪੀ. ਐਸ. ਕੇਸ ’ਚ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਪੰਜਾਬ ਵਿੱਚ ਗਰਮਾਈ ਸਿਆਸਤ ਦਰਮਿਆਨ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਡੀ. ਜੀ. ਪੀ. ਗੌਰਵ ਯਾਦਵ ਨੂੰ ਪੱਤਰ ਲਿਖ ਕੇ ਖਹਿਰਾ ਦੀ ਗ੍ਰਿਫ਼ਤਾਰੀ ਬਾਰੇ ਜਾਣਕਾਰੀ ਮੰਗੀ ਹੈ।
ਜਿਕਰਯੋਗ ਹੈ ਕਿ ਪੰਜਾਬ ਪੁਲਿਸ ਵੱਲੋਂ ਸੁਖਪਾਲ ਖਹਿਰਾ ਨੂੰ ਕੁੱਝ ਦਿਨ ਪਹਿਲਾਂ ਚੰਡੀਗੜ੍ਹ ਸਥਿਤ ਉਨ੍ਹਾਂ ਦੇ ਘਰ ਤੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਸਰਕਾਰ ਨੇ ਨਸ਼ਾ ਤਸਕਰੀ ਨਾਲ ਉਨ੍ਹਾਂ ਦੇ ਸਬੰਧਾਂ ਦੀ ਜਾਂਚ ਲਈ ਐਸਆਈਟੀ ਦਾ ਗਠਨ ਕੀਤਾ ਸੀ। ਖਹਿਰਾ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨੇ ਰਾਜਪਾਲ ਨੂੰ ਮਿਲ ਕੇ ਖਹਿਰਾ ਦੀ ਗ੍ਰਿਫ਼ਤਾਰੀ ਨੂੰ ਸਿਆਸੀ ਬਦਲਾਖੋਰੀ ਕਰਾਰ ਦਿੰਦਿਆਂ ਰਾਜਪਾਲ ਨੂੰ ਮਾਮਲੇ ਵਿੱਚ ਦਖ਼ਲ ਦੇਣ ਦੀ ਬੇਨਤੀ ਕੀਤੀ ਸੀ।
