ਹੁਸ਼ਿਆਰਪੁਰ, 02 ਅਕਤੂਬਰ (ਹਿ. ਸ.)। ਕੈਬਨਿਟ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ ਜੈਅੰਤੀ ਪੂਰੇ ਦੇਸ਼ ’ਚ ਸਵੱਛਤਾ ਨੂੰ ਸਮਰਪਿਤ ਕਰਕੇ ਮਨਾਈ ਜਾ ਰਹੀ ਹੈ। ਇਸ ਲਈ ਮਹਾਤਮਾ ਗਾਂਧੀ ਦੇ ਸੁਪਨਿਆਂ ਨੂੰ ਸਾਕਾਰ ਕਰਨ ਲਈ ਆਪਣੇ ਵਾਤਾਵਰਨ ਅਤੇ ਆਸ-ਪਾਸ ਨੂੰ ਸਾਫ਼ ਰੱਖਣ ਵਿਚ ਸਾਰੇ ਸਹਿਯੋਗ ਕਰਨ। ਉਹ ਪਿੰਡ ਨਾਰੂ ਨੰਗਲ ਕਿਲਾ ਵਿਚ ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵਲੋਂ ਸਵੱਛਤਾ ਹੀ ਸੇਵਾ ਅਭਿਆਨ ਤਹਿਤ ਆਯੋਜਿਤ ਸਫ਼ਾਈ ਮੁਹਿੰਮ ਵਿਚ ਸ਼੍ਰਮਦਾਨ ਕਰਨ ਮੌਕੇ ਪਿੰਡ ਵਾਸੀਆਂ ਨੂੰ ਸੰਬੋਧਨ ਕਰ ਰਹੇ ਸਨ। ਇਸ ਤੋਂ ਪਹਿਲਾਂ ਉਨ੍ਹਾਂ ਨੇ ਵਿਧਾਇਕ ਦਸੂਹਾ ਕਰਮਬੀਰ ਸਿੰਘ ਘੁੰਮਣ ਅਤੇ ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਕੋਮਲ ਮਿੱਤਲ ਦੀ ਮੌਜੂਦਗੀ ਵਿਚ ਲਾਜਵੰਤੀ ਸਟੇਡੀਅਮ ਹੁਸ਼ਿਆਰਪੁਰ ਵਿਚ ਵੀ ਨਗਰ ਨਿਗਮ ਵਲੋਂ ‘ਇਕ ਤਾਰੀਕ, ਇਕ ਘੰਟਾ, ਇਕ ਸਾਥ ਸ਼੍ਮਦਾਨ’ ਪ੍ਰੋਗਰਾਮ ਵਿਚ ਵੀ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ ਅਤੇ ਡਿਪਟੀ ਮੇਅਰ ਰਣਜੀਤ ਚੌਧਰੀ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਇਸ ਦੌਰਾਨ ਪਿੰਡ ਵਾਸੀਆਂ ਨੂੰ ਸਵੱਛਤਾ ਦੀ ਸਹੁੰ ਚੁਕਾਉਂਦੇ ਹੋਏ ਕਿਹਾ ਕਿ ‘ਸਵੱਛਤਾ ਹੀ ਸੇਵਾ’ ਨੂੰ ਪੂਰੇ ਦੇਸ਼ ਵਿਚ ਇਕ ਮੁਹਿੰਮ ਵਜੋਂ ਚਲਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਸੂਬੇ ਨੂੰ ਸਾਫ਼-ਸੁਥਰਾ ਰੱਖਣ ਵਿਚ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਅਤੇ ਲੋਕਾਂ ਵਿਚ ਵੱਧ ਤੋਂ ਵੱਧ ਜਾਗਰੂਕਤਾ ਫੈਲਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਗਾਂਧੀ ਜੀ ਦੇ ਸੁਪਨਿਆਂ ਦਾ ਭਾਰਤ ਪਿੰਡਾਂ ਵਿਚ ਵੱਸਦਾ ਹੈ, ਇਸ ਲਈ ਪਿੰਡਾਂ ਵਿਚ ਖਾਸ ਕਰਕੇ ਸਫ਼ਾਈ ਮੁਹਿੰਮ ਚਲਾਉਣ ਦੀ ਲੋੜ ਹੈ। ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਬਿਲਕੁਲ ਨਾ ਕਰਨ ਅਤੇ ਸਵੱਛਤਾ ਨੂੰ ਮਿਸ਼ਨ ਬਣਾ ਕੇ ਇਸ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਵਿਚ ਸ਼ਾਮਲ ਕਰਨ।
ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਸਵੱਛ ਭਾਰਤ ਮਿਸ਼ਨ (ਗ੍ਰਾਮੀਣ) ਤਹਿਤ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਵੱਲੋਂ 15 ਸਤੰਬਰ ਤੋਂ ਸ਼ੁਰੂ ਹੋਏ ਇਸ ਪੰਦਰਵਾੜੇ ਦੌਰਾਨ ਪੂਰੇ ਸੂਬੇ ਵਿਚ ਵੱਖ-ਵੱਖ ਗਤੀਵਿਧੀਆਂ ਕੀਤੀਆਂ ਗਈਆਂ ਹਨ, ਜਿਸ ਤਹਿਤ ਪਿੰਡਾਂ ਤੋਂ ਇਲਾਵਾ ਨਗਰ ਨਿਗਮਾਂ, ਨਗਰ ਕੌਂਸਲਾਂ ਨੂੰ ਵੀ ਇਸ ਮੁਹਿੰਮ ਦਾ ਹਿੱਸਾ ਬਣਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਜਾਗਰੂਕਤਾ ਮੁਹਿੰਮ ਵਿੱਚ ਸੂਬੇ ਦੇ ਨੌਜਵਾਨਾਂ ਨੇ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਲੋਕਾਂ ਨੂੰ ਠੋਸ ਅਤੇ ਤਰਲ ਰਹਿੰਦ-ਖੂੰਹਦ ਪ੍ਰਬੰਧਨ ਬਾਰੇ ਜਾਣਕਾਰੀ ਦਿੰਦਿਆਂ ਕੂੜੇ ਪ੍ਰਬੰਧਨ ਪਲਾਂਟਾਂ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਸਹਿਯੋਗ ਕਰਨ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਇਸ ਪੰਦਰਵਾੜੇ ਦੌਰਾਨ ਵੱਧ ਤੋਂ ਵੱਧ ਪਿੰਡਾਂ ਨੂੰ ਓ. ਡੀ. ਐਫ ਤੋਂ ਓ. ਡੀ. ਐਫ ਪਲੱਸ ਵਿਚ ਤਬਦੀਲ ਕਰਨ ਲਈ ਵੀ ਉਪਰਾਲੇ ਕੀਤੇ ਗਏ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
