ਨਵੀਂ ਦਿੱਲੀ, 03 ਅਕਤੂਬਰ (ਹਿ. ਸ.)। ਮਹਾਰਾਸ਼ਟਰ ਦੇ ਨਾਂਦੇੜ ਦੇ ਇੱਕ ਸਰਕਾਰੀ ਹਸਪਤਾਲ ਵਿੱਚ 12 ਨਵਜੰਮੇ ਬੱਚਿਆਂ ਸਮੇਤ 24 ਮਰੀਜ਼ਾਂ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਕਾਂਗਰਸ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕਰਦਿਆਂ ਮਾਮਲੇ ਦੀ ਨਿਆਂਇਕ ਜਾਂਚ ਦੀ ਮੰਗ ਕੀਤੀ ਹੈ।
ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ ਨੇ ਮੰਗਲਵਾਰ ਨੂੰ ਐਕਸ ‘ਤੇ ਲਿਖਿਆ ਕਿ ਮਹਾਰਾਸ਼ਟਰ ਦੇ ਨਾਂਦੇੜ ਦੇ ਸਿਵਲ ਹਸਪਤਾਲ ‘ਚ 12 ਬੱਚਿਆਂ ਸਮੇਤ 24 ਮਰੀਜ਼ਾਂ ਦੀ ਮੌਤ ਦੀ ਖਬਰ ਬੇਹੱਦ ਦਰਦਨਾਕ, ਗੰਭੀਰ ਅਤੇ ਚਿੰਤਾਜਨਕ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਮਰੀਜ਼ਾਂ ਦੀ ਮੌਤ ਦਵਾਈਆਂ ਅਤੇ ਇਲਾਜ ਦੀ ਘਾਟ ਕਾਰਨ ਹੋਈ ਹੈ। ਇਸੇ ਤਰ੍ਹਾਂ ਦੀ ਘਟਨਾ ਅਗਸਤ 2023 ਵਿੱਚ ਠਾਣੇ ਦੇ ਇੱਕ ਸਰਕਾਰੀ ਹਸਪਤਾਲ ਵਿੱਚ ਵਾਪਰੀ ਸੀ, ਜਿਸ ਵਿੱਚ 18 ਮਰੀਜ਼ਾਂ ਦੀ ਜਾਨ ਚਲੀ ਗਈ ਸੀ।
ਖੜਗੇ ਨੇ ਕਿਹਾ ਕਿ ਉਹ ਪੀੜਤ ਪਰਿਵਾਰਾਂ ਪ੍ਰਤੀ ਹਮਦਰਦੀ ਪ੍ਰਗਟ ਕਰਦੇ ਹਨ। ਉਨ੍ਹਾਂ ਕਿਹਾ ਕਿ ਲਗਾਤਾਰ ਇਸ ਤਰ੍ਹਾਂ ਦੇ ਹਾਦਸਿਆਂ ਨੇ ਸੂਬਾ ਸਰਕਾਰ ਦੀ ਸਿਹਤ ਵਿਵਸਥਾ ‘ਤੇ ਸਵਾਲੀਆ ਨਿਸ਼ਾਨ ਖੜ੍ਹਾ ਕਰ ਦਿੱਤਾ ਹੈ। ਕਾਂਗਰਸ ਇਸ ਮਾਮਲੇ ਦੀ ਡੂੰਘਾਈ ਨਾਲ ਜਾਂਚ ਦੀ ਮੰਗ ਕਰਦੀ ਹੈ, ਤਾਂ ਜੋ ਇਸ ਲਾਪ੍ਰਵਾਹੀ ਦੇ ਦੋਸ਼ੀਆਂ ਨੂੰ ਨਿਆਂਪਾਲਿਕਾ ਤੋਂ ਸਖ਼ਤ ਸਜ਼ਾ ਦਿੱਤੀ ਜਾ ਸਕੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
