ਨਵਾਂਸ਼ਹਿਰ, 04 ਅਕਤੂਬਰ (ਹਿ. ਸ.)। ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿਹਤ ਵਿਭਾਗ, ਸ਼ਹੀਦ ਭਗਤ ਸਿੰਘ ਨਗਰ ਵੱਲੋਂ ਜ਼ਿਲ੍ਹੇ ਅੰਦਰ ਆਮ ਲੋਕਾਂ ਨੂੰ ਮਿਆਰੀ ਤੇ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਦੰਦਾਂ ਦੇ 36ਵੇਂ ਪੰਦਰਵਾੜੇ ਦੀ ਸ਼ੁਰੂਆਤ ਕੀਤੀ ਗਈ। ਇਸੇ ਕੜੀ ਤਹਿਤ ਸਿਵਲ ਸਰਜਨ ਡਾ. ਜਸਪ੍ਰੀਤ ਕੌਰ ਨੇ ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ ਵਿਖੇ ਦੰਦਾਂ ਦੀ ਮੁਫ਼ਤ ਜਾਂਚ, ਇਲਾਜ ਅਤੇ ਦੰਦਾਂ ਦੇ ਬੀੜ ਲਾਉਣ ਦੇ ਕੰਮਕਾਜ ਦਾ ਨਿਰੀਖਣ ਕੀਤਾ।
ਇਸ ਮੌਕੇ ਸਿਵਲ ਸਰਜਨ ਡਾ ਜਸਪ੍ਰੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਨੂੰ ਮਿਆਰੀ ਤੇ ਬਿਹਤਰ ਸਿਹਤ ਸਹੂਲਤਾਂ ਦੇਣ ਲਈ ਵੱਡੇ ਪੱਧਰ ’ਤੇ ਯਤਨ ਕੀਤੇ ਜਾ ਰਹੇ ਹਨ ਜਿਸਦੇ ਸਾਰਥਕ ਨਤੀਜੇ ਵੀ ਸਾਹਮਣੇ ਆ ਰਹੇ ਹਨ। ਉਨ੍ਹਾਂ ਦੱਸਿਆ ਕਿ ਇਸ ਪੰਦਰਵਾੜੇ ਦੌਰਾਨ ਜ਼ਿਲ੍ਹੇ ਦੀਆਂ ਚਾਰ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਲੋੜਵੰਦ ਵਿਅਕਤੀਆਂ ਨੂੰ ਕੁੱਲ 120 ਡੈਂਚਰ (ਦੰਦਾਂ ਦੀ ਬੀੜ) ਮੁਫ਼ਤ ਲਾਏ ਜਾਣਗੇ। ਜ਼ਿਲ੍ਹਾ ਹਸਪਤਾਲ, ਨਵਾਂਸ਼ਹਿਰ, ਸਬ ਡਿਵੀਜ਼ਨ ਹਸਪਤਾਲ, ਬਲਾਚੌਰ, ਕਮਿਊਨਿਟੀ ਹੈਲਥ ਸੈਂਟਰ, ਬੰਗਾ, ਕਮਿਊਨਿਟੀ ਹੈਲਥ ਸੈਂਟਰ, ਸੜੋਆ ਨੂੰ 30-30 ਦੰਦਾਂ ਦੇ ਮੁਫ਼ਤ ਬੀੜ ਲਗਾਉਣ ਦਾ ਟੀਚਾ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਦੰਦਾਂ ਦੀਆਂ ਬਿਮਾਰੀਆਂ ਦੀ ਜਾਂਚ ਤੇ ਇਲਾਜ ਵੀ ਮੁਫ਼ਤ ਕੀਤਾ ਜਾਵੇਗਾ।
ਡਾ. ਜਸਪ੍ਰੀਤ ਕੌਰ ਨੇ ਬਜ਼ੁਰਗਾਂ ਅਤੇ ਹੋਰ ਲੋਕਾਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਬਜ਼ੁਰਗ ਸਾਡਾ ਕੀਮਤੀ ਸਰਮਾਇਆ ਹਨ ਜਿਨ੍ਹਾਂ ਦੀ ਸਿਹਤ ਸੰਭਾਲ ਸਾਡਾ ਪਹਿਲਾ ਫ਼ਰਜ਼ ਹੈ। ਉਨ੍ਹਾਂ ਕਿਹਾ ਕਿ ਬਜ਼ੁਰਗਾਂ ਨੂੰ ਆਮ ਹੀ ਦੰਦਾਂ ਦੀ ਸਮੱਸਿਆ ਦਾ ਸਾਹਮਣਾ ਕਰਨਾ ਪੈਂਦਾ ਹੈ, ਜਿਸ ਦਾ ਸਮੇਂ ਸਿਰ ਇਲਾਜ ਕਰਵਾਇਆ ਜਾਣਾ ਚਾਹੀਦਾ ਹੈ। ਅੱਖਾਂ ਗਈਆਂ ਜਹਾਨ ਗਿਆ, ਦੰਦ ਗਏ ਤਾਂ ਸਵਾਦ ਗਿਆ’ ਕਹਾਵਤ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਦੰਦਾਂ ਦੇ ਖ਼ਰਾਬ ਹੋਣ ਨਾਲ ਨਾ ਕੇਵਲ ਖਾਣ-ਪੀਣ ਦਾ ਸਵਾਦ ਚੱਲਿਆ ਜਾਂਦਾ ਹੈ, ਸਗੋਂ ਸ਼ਰੀਰ ਵਿੱਚ ਭੋਜਨ ਦਾ ਸਹੀ ਪਾਚਨ ਨਾ ਹੋਣ ਕਾਰਨ ਹੋਰ ਵੀ ਕਈ ਬਿਮਾਰੀਆਂ ਲੱਗ ਜਾਂਦੀਆਂ ਹਨ। ਪਰ ਸਰਕਾਰੀ ਸਿਹਤ ਸੰਸਥਾਵਾਂ ਵਿਚ ਉਨ੍ਹਾਂ ਨੂੰ ਮੁਫ਼ਤ ਡੈਂਚਰ (ਦੰਦਾਂ ਦੀ ਬੀੜ) ਦੇ ਕੇ ਉਨ੍ਹਾਂ ਦਾ ਪੂਰਾ ਖ਼ਿਆਲ ਰੱਖਿਆ ਜਾ ਰਿਹਾ ਹੈ।
ਸਿਵਲ ਸਰਜਨ ਨੇ ਕਿਹਾ ਕਿ ਦੰਦਾਂ ਦੀ ਸਾਂਭ-ਸੰਭਾਲ ਬਚਪਨ ਤੋਂ ਹੀ ਸ਼ੁਰੂ ਹੋ ਜਾਣੀ ਚਾਹੀਦੀ ਹੈ। ਔਸਤਨ ਹਰ ਤਿੰਨ ਮਹੀਨਿਆਂ ਮਗਰੋਂ ਦੰਦਾਂ ਦੀ ਜਾਂਚ ਬਹੁਤ ਜ਼ਰੂਰੀ ਹੈ। ਕਈ ਵਾਰ ਅਸੀਂ ਦੰਦ ਪੀੜ ਨੂੰ ਮਾਮੂਲੀ ਗੱਲ ਸਮਝ ਕੇ ਅਣਡਿੱਠ ਕਰ ਦਿੰਦੇ ਹਾਂ ਪਰ ਛੋਟੀ-ਮੋਟੀ ਤਕਲੀਫ਼ ਵੱਡੀ ਹੋ ਸਕਦੀ ਹੈ ਅਤੇ ਦੰਦ ਖ਼ਰਾਬ ਹੋ ਸਕਦੇ ਹਨ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
