ਜਲੰਧਰ, 05 ਅਕਤੂਬਰ (ਹਿ. ਸ.)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਸਰਕਾਰ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ ਜਿਸ ਦੇ ਤਹਿਤ ਸੂਬੇ ਦੀਆਂ ਸਾਰੀਆਂ ਮੰਡੀਆਂ ਵਿੱਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ ਤਾਂ ਕਿ ਕਿਸਾਨਾ ਨੂੰ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਜਲੰਧਰ ਤੋਂ ਲੋਕ ਸਭਾ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਨੇ ਦਾਣਾ ਮੰਡੀ ਆਦਮਪੁਰ ਵਿਖੇ ਝੋਨੇ ਦੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਨੇ ਮੰਡੀ ਬੋਰਡ, ਖੁਰਾਕ ਤੇ ਸਿਵਲ ਸਪਲਾਈ ਵਿਭਾਗ ਅਤੇ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ ਅਤੇ ਕਿਸਾਨਾਂ ਪਾਸੋਂ ਸਮੁੱਚੀ ਖ਼ਰੀਦ ਪ੍ਰਕਿਰਿਆ ਸਬੰਧੀ ਫੀਡਬੈਕ ਵੀ ਹਾਸਿਲ ਕੀਤੀ।
ਉਨ੍ਹਾਂ ਕਿਹਾ ਕਿ ਇਸ ਮੰਡੀ ਵਿੱਚ ਲਗਭਗ ਢਾਈ ਲੱਖ ਟਨ ਫ਼ਸਲ ਆਉਣ ਦੀ ਸੰਭਾਵਨਾ ਹੈ ਜਿਸ ਦੇ ਮੱਦੇਨਜ਼ਰ ਇਥੇ ਪਹਿਲਾਂ ਹੀ ਪੁਖ਼ਤਾ ਇੰਤਜ਼ਾਮ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਮੰਡੀ ਵਿੱਚ ਬਿਜਲੀ, ਪਾਣੀ ਅਤੇ ਸੜਕਾਂ ਸਮੇਤ ਹੋਰ ਕਿਸੇ ਵੀ ਸਾਧਨ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜੇਕਰ ਕਿਸੇ ਕਿਸਾਨ ਨੂੰ ਕੋਈ ਪਰੇਸ਼ਾਨੀ ਪੇਸ਼ ਆਈ ਤਾਂ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਖ਼ਰੀਦ ਅਤੇ ਚੁਕਾਈ ਨਿਰਧਾਰਿਤ ਸਮੇਂ ਵਿੱਚ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਦੀ ਫ਼ਸਲ ਦੀ ਅਦਾਇਗੀ ਸਿੱਧੇ ਉਨ੍ਹਾਂ ਦੇ ਖਾਤਿਆਂ ਵਿੱਚ ਕੀਤੀ ਜਾਵੇ। ਇਸ ਮੌਕੇ ਹਲਕਾ ਇੰਚਾਰਜ ਜੀਤ ਲਾਲ ਭੱਟੀ ਅਤੇ ਚੇਅਰਮੇਨ ਇੰਦਰਜੀਤ ਰਾਜਵੰਸ਼ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ/ ਅਸ਼੍ਵਨੀ ਠਾਕੁਰ/ਸੰਜੀਵ
