ਮੁੰਬਈ, 06 ਅਕਤੂਬਰ (ਹਿ. ਸ.)। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਤਿਉਹਾਰ ਤੋਂ ਪਹਿਲਾਂ ਲੋਕਾਂ ਨੂੰ ਵੱਡਾ ਤੋਹਫਾ ਦਿੱਤਾ ਹੈ। ਆਰਬੀਆਈ ਨੇ ਲਗਾਤਾਰ ਚੌਥੀ ਵਾਰ ਨੀਤੀਗਤ ਦਰ ਰੇਪੋ ਦਰ ਨੂੰ 6.5 ਫੀਸਦੀ ‘ਤੇ ਹੀ ਬਰਕਰਾਰ ਰੱਖਿਆ ਹੈ। ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਮੁਦਰਾ ਨੀਤੀ ਕਮੇਟੀ (ਐੱਮਪੀਸੀ) ਦੀ ਤਿੰਨ ਦਿਨਾਂ ਮੀਟਿੰਗ ਤੋਂ ਬਾਅਦ ਇਹ ਐਲਾਨ ਕੀਤਾ। ਉਨ੍ਹਾਂ ਕਿਹਾ ਕਿ ਇਹ ਫੈਸਲਾ ਸਰਬਸੰਮਤੀ ਨਾਲ ਲਿਆ ਗਿਆ ਹੈ।
ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਇੱਥੇ ਪ੍ਰੈੱਸ ਨੂੰ ਦੱਸਿਆ ਕਿ ਐੱਮਪੀਸੀ ਨੇ ਮੁੱਖ ਨੀਤੀਗਤ ਦਰ ਰੇਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਜੀਡੀਪੀ ਦੇ ਅਨੁਮਾਨਾਂ ਵਿੱਚ ਵੀ ਕੋਈ ਬਦਲਾਅ ਨਹੀਂ ਹੋਇਆ ਹੈ। ਸਾਰੇ ਕਾਰਕਾਂ ਨੂੰ ਧਿਆਨ ਵਿੱਚ ਰੱਖਦੇ ਹੋਏ, ਮੌਜੂਦਾ ਵਿੱਤੀ ਸਾਲ 2023-24 ਲਈ ਅਸਲ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿਕਾਸ ਦਰ 6.5 ਫੀਸਦੀ ਰਹਿਣ ਦਾ ਅਨੁਮਾਨ ਹੈ। ਅਗਲੇ ਵਿੱਤੀ ਸਾਲ 2024-25 ਦੀ ਪਹਿਲੀ ਤਿਮਾਹੀ ਵਿੱਚ ਅਸਲ ਜੀਡੀਪੀ ਵਿਕਾਸ ਦਰ 6.6 ਫੀਸਦੀ ਰਹਿਣ ਦਾ ਅਨੁਮਾਨ ਹੈ।
ਜ਼ਿਕਰਯੋਗ ਹੈ ਕਿ ਆਰਬੀਆਈ ਨੇ ਮਈ 2022 ਤੋਂ ਫਰਵਰੀ 2023 ਦਰਮਿਆਨ ਨੀਤੀਗਤ ਦਰ ਰੇਪੋ ਦਰ ਵਿੱਚ ਲਗਾਤਾਰ 6 ਵਾਰ ਵਾਧਾ ਕੀਤਾ ਸੀ। ਰਿਜ਼ਰਵ ਬੈਂਕ ਨੇ ਮਈ 2022 ‘ਚ ਇਸ ਨੂੰ 4 ਫੀਸਦੀ ਤੋਂ ਵਧਾ ਕੇ 4.90 ਫੀਸਦੀ ਕਰ ਦਿੱਤਾ ਸੀ। ਇਸ ਨੂੰ ਆਖਰੀ ਵਾਰ ਫਰਵਰੀ 2023 ਵਿੱਚ 6.25 ਫੀਸਦੀ ਤੋਂ ਵਧਾ ਕੇ 6.50 ਫੀਸਦੀ ਕੀਤਾ ਗਿਆ ਸੀ। ਇਸ ਤੋਂ ਪਹਿਲਾਂ ਰਿਜ਼ਰਵ ਬੈਂਕ ਨੇ ਅਪ੍ਰੈਲ, ਜੂਨ ਅਤੇ ਅਗਸਤ ‘ਚ ਹੋਈਆਂ ਐਮਪੀਸੀ ਬੈਠਕਾਂ ‘ਚ ਵੀ ਵਿਆਜ ਦਰਾਂ ਨੂੰ ਸਥਿਰ ਰੱਖਣ ਦਾ ਫੈਸਲਾ ਕੀਤਾ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
