ਹੁਸ਼ਿਆਰਪੁਰ, 08 ਅਕਤੂਬਰ (ਹਿ. ਸ.)। ਕੈਬਨਿਟ ਮੰਤਰੀ ਬ੍ਰਹਮ ਸ਼ੰਕਰ ਜਿੰਪਾ ਨੇ ਆਪਣੇ ਦਫ਼ਤਰ ਵਿੱਚ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਹਰ ਪਛਾਣੀ ਗਈ ਸਮੱਸਿਆ ਦਾ ਹੱਲ ਕੀਤਾ ਜਾਵੇਗਾ। ਇਸ ਦੌਰਾਨ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਲੋਕਾਂ ਦੀਆਂ ਸ਼ਿਕਾਇਤਾਂ ਦਾ ਬਿਨਾਂ ਦੇਰੀ ਨਿਪਟਾਰਾ ਕਰਨਾ ਯਕੀਨੀ ਬਣਾਇਆ ਜਾਵੇ। ਕੈਬਨਿਟ ਮੰਤਰੀ ਨੇ ਅੱਜ 350 ਤੋਂ ਵੱਧ ਕੇਸਾਂ ਦੀ ਸੁਣਵਾਈ ਕੀਤੀ ਅਤੇ ਮੌਕੇ ’ਤੇ ਹੀ ਸਬੰਧਤ ਅਧਿਕਾਰੀਆਂ ਨੂੰ ਫੋਨ ਰਾਹੀਂ ਹਦਾਇਤਾਂ ਦਿੱਤੀਆਂ। ਉਨ੍ਹਾਂ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਲੋਕ ਹਿੱਤ ਵਿੱਚ ਪੂਰੀ ਇਮਾਨਦਾਰੀ ਨਾਲ ਕੰਮ ਕਰਨ ਲਈ ਕਿਹਾ।
ਕੈਬਨਿਟ ਮੰਤਰੀ ਨੇ ਕਿਹਾ ਕਿ ਜੇਕਰ ਕਿਸੇ ਵਿਅਕਤੀ ਨੂੰ ਕਿਸੇ ਸਰਕਾਰੀ ਦਫ਼ਤਰ ਵਿੱਚ ਕੰਮ ਕਰਵਾਉਣ ਵਿੱਚ ਕੋਈ ਦਿੱਕਤ ਆਉਂਦੀ ਹੈ ਜਾਂ ਕੋਈ ਅਧਿਕਾਰੀ ਜਾਂ ਕਰਮਚਾਰੀ ਜਾਣਬੁੱਝ ਕੇ ਆਪਣਾ ਕੰਮ ਨਹੀਂ ਕਰ ਰਿਹਾ ਤਾਂ ਉਹ ਬਿਨਾਂ ਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀ ਹਰ ਛੋਟੀ-ਵੱਡੀ ਸਮੱਸਿਆ ਦੇ ਹੱਲ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸੂਬੇ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਮੁੱਚੀ ਕੈਬਨਿਟ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਦਿਨ ਰਾਤ ਇੱਕ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਲਈ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ ਕਿ ਅਸੀਂ ਪੰਜਾਬ ਦੀ ਤਰੱਕੀ ਲਈ ਕੋਈ ਕਸਰ ਬਾਕੀ ਨਾ ਛੱਡੀਏ ਅਤੇ ਰਲ ਕੇ ਪੰਜਾਬ ਨੂੰ ਇੱਕ ਖੁਸ਼ਹਾਲ ਸੂਬੇ ਵਜੋਂ ਸਥਾਪਿਤ ਕਰੀਏ।
ਬ੍ਰਹਮ ਸ਼ੰਕਰ ਜਿੰਪਾ ਨੇ ਕਿਹਾ ਕਿ ਲੋਕਾਂ ਦੀਆਂ ਜਾਇਜ਼ ਸਮੱਸਿਆਵਾਂ ਨੂੰ ਸਮਾਂਬੱਧ ਤਰੀਕੇ ਨਾਲ ਹੱਲ ਕਰਨ ਨੂੰ ਪਹਿਲ ਦਿੱਤੀ ਜਾ ਰਹੀ ਹੈ। ਇਸ ਮੌਕੇ ਸਿਹਤ, ਮਾਲ, ਪੁਲਿਸ, ਸਿੱਖਿਆ, ਜਲ ਸਪਲਾਈ ਅਤੇ ਸੈਨੀਟੇਸ਼ਨ, ਸਮਾਜਿਕ ਸੁਰੱਖਿਆ, ਸਮਾਜਿਕ ਨਿਆਂ ਅਤੇ ਸਸ਼ਕਤੀਕਰਨ, ਖੁਰਾਕ ਤੇ ਸਪਲਾਈ, ਡਰੇਨੇਜ, ਮਾਈਨਿੰਗ, ਖੇਤੀਬਾੜੀ, ਟਰਾਂਸਪੋਰਟ, ਸਹਿਕਾਰਤਾ, ਨਗਰ ਨਿਗਮ, ਡੇਅਰੀ ਵਿਕਾਸ, ਬਿਜਲੀ ਵਿਭਾਗ ਨਾਲ ਸਬੰਧਤ ਸ਼ਿਕਾਇਤਾਂ ਆਦਿ ਦਾ ਮੌਕੇ ”ਤੇ ਹੱਲ ਕੀਤਾ ਗਿਆ।
