ਚੰਡੀਗੜ੍ਹ, 17 ਅਕਤੂਬਰ। ਪੰਜਾਬ ਪੁਲਿਸ ਨੇ ਮੰਗਲਵਾਰ ਸਵੇਰੇ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜੀਰਾ ਨੂੰ ਜ਼ੀਰਾ ਤੋਂ ਗ੍ਰਿਫਤਾਰ ਕਰ ਲਿਆ। ਜਦੋਂ ਪੁਲਿਸ ਨੇ ਜੀਰਾ ਦੇ ਘਰ ਛਾਪਾ ਮਾਰਿਆ ਤਾਂ ਉਹ ਸੁੱਤੇ ਪਏ ਸਨ। ਜੀਰਾ ਖ਼ਿਲਾਫ਼ ਸਰਕਾਰੀ ਕੰਮ ਵਿੱਚ ਵਿਘਨ ਪਾਉਣ ਦੇ ਦੋਸ਼ ’ਚ ਮਾਮਲਾ ਦਰਜ ਕੀਤਾ ਗਿਆ ਸੀ। ਜੀਰਾ ਨੇ ਖੁਦ ਪ੍ਰੈੱਸ ਕਾਨਫਰੰਸ ‘ਚ ਆਪਣੀ ਗ੍ਰਿਫਤਾਰੀ ਦਾ ਐਲਾਨ ਕੀਤਾ ਸੀ।
ਚਾਰ ਦਿਨ ਪਹਿਲਾਂ ਫਿਰੋਜ਼ਪੁਰ ਵਿੱਚ ਵਿਧਾਇਕ ਜੀਰਾ ਖ਼ਿਲਾਫ਼ ਕੇਸ ਦਰਜ ਹੋਇਆ ਸੀ। ਸ਼ਿਕਾਇਤ ਅਨੁਸਾਰ ਜੀਰਾ ਦੇ ਬੀਡੀਪੀਓ ਨੇ ਪੁਲਿਸ ਨੂੰ ਦੱਸਿਆ ਕਿ 11 ਤੋਂ 12 ਅਕਤੂਬਰ ਤੱਕ ਕੁਲਬੀਰ ਸਿੰਘ ਜੀਰਾ ਨੇ ਉਨ੍ਹਾਂ ਦੇ ਦਫ਼ਤਰ ਅੱਗੇ ਧਰਨਾ ਲਗਾਇਆ। ਇਸ ਦੌਰਾਨ ਉਹ ਆਪਣੇ ਸਾਥੀਆਂ ਨਾਲ ਦਫ਼ਤਰ ਵਿਚਲੇ ਉਨ੍ਹਾਂ ਦੇ ਕਮਰੇ ਵਿਚ ਜ਼ਬਰਦਸਤੀ ਦਾਖ਼ਲ ਹੋ ਗਏ।
ਕਾਂਗਰਸੀ ਆਗੂ ਨੇ ਸਰਕਾਰੀ ਕੰਮ ਵਿੱਚ ਦਖਲ ਦੇਣ ਤੋਂ ਇਲਾਵਾ ਸਰਕਾਰੀ ਮੁਲਾਜ਼ਮਾਂ ਨਾਲ ਵੀ ਮਾੜਾ ਵਿਵਹਾਰ ਕੀਤਾ। ਬੀਡੀਪੀਓ ਵੱਲੋਂ ਸ਼ਿਕਾਇਤ ਮਿਲਣ ਤੋਂ ਬਾਅਦ ਆਈਪੀਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।
