ਮੋਹਾਲੀ, 17 ਅਕਤੂਬਰ (ਹਿ. ਸ.)। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸਿੱਖਿਆ ਵਿਭਾਗ ਵਿੱਚ ਅਧਿਆਪਕਾਂ ਨੂੰ ਪੱਕੇ ਕਰਨ ਉਪਰੰਤ ਸਿੱਖਿਆ ਪ੍ਰੋਵਾਈਡਰ ਅਧਿਆਪਕ ਐਸੋਸੀਏਟ ਟੀਚਰਜ਼ ਯੂਨੀਅਨ ਪੰਜਾਬ ਵਲੋਂ ਸ਼ੁਕਰਾਨੇ ਵਜੋਂ ਗੁਰਦੁਆਰਾ ਸ੍ਰੀ ਅੰਬ ਸਾਹਿਬ ਫੇਜ਼ 08 ਮੁਹਾਲੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਵਾਏ ਗਏ ਅਤੇ ਕੀਰਤਨ ਸਮਾਗਮ ਦਾ ਆਯੋਜਨ ਕਰਕੇ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਗਿਆ। ਸਮਾਗਮ ਦੌਰਾਨ ਵਿਸ਼ੇਸ਼ ਮਹਿਮਾਨ ਵਜੋਂ ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ ਨੇ ਸ਼ਿਰਕਤ ਕੀਤੀ। ਇਸ ਮੌਕੇ ਸੂਬਾ ਪ੍ਰਧਾਨ ਅਜਮੇਰ ਸਿੰਘ ਔਲਖ, ਕੁਲਦੀਪ ਸਿੰਘ, ਜਿਲ੍ਹਾ ਲੁਧਿਆਣਾ ਪ੍ਰਧਾਨ ਹਰਦੀਪ ਕੌਰ, ਬਲਾਕ ਪ੍ਰਧਾਨ ਕਿਰਨ, ਹਰਦੀਪ ਕੌਰ, ਕਮਲਪ੍ਰੀਤ ਸਿੰਘ, ਗਗਨਦੀਪ ਕੌਰ, ਨਵਦੀਪ ਸਿੰਘ ਬਰਾੜ, ਜੁਝਾਰ ਸਿੰਘ, ਗੁਰਦੀਪ ਸਿੰਘ ਆਦਿ ਹਾਜ਼ਰ ਰਹੇ ।
ਇਸ ਮੌਕੇ ਰੈਗੂਲਰ ਸੇਵਾਵਾਂ ਪ੍ਰਾਪਤ ਕਰਨ ਵਾਲੇ ਅਧਿਆਪਕਾਂ ਵਲੋਂ ਜਿੱਥੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਕਰਨ ਦੇ ਨਾਲ ਨਾਲ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਅਤੇ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵੀ ਧੰਨਵਾਦ ਕੀਤਾ, ਜਿਨ੍ਹਾਂ ਨੇ ਇਸ ਸੰਤਾਪ ਤੋਂ ਉਨ੍ਹਾਂ ਨੂੰ ਇਨਸਾਫ਼ ਦਿੱਤਾ। ਸਮਾਗਮ ਦੌਰਾਨ ਯੂਨੀਅਨ ਦੀ ਸਟੇਟ ਬਾਡੀ, ਜਿਲ੍ਹਾ ਪ੍ਰਧਾਨਾਂ ਅਤੇ ਬਲਾਕ ਪ੍ਰਧਾਨਾਂ ਵਲੋਂ ਸਿੱਖਿਆ ਮੰਤਰੀ ਹਰਜੋਤ ਬੈਂਸ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਸਿੱਖਿਆ ਮੰਤਰੀ ਵਲੋਂ ਆਉਣ ਵਾਲੇ ਸਮੇਂ ਚ ਕਈ ਸ਼ਾਨਦਾਰ ਫੈਸਲੇ ਨੇਸ਼ਨ ਬਿਲਡਰ ਕਾਡਰ ਦੇ ਹੱਕ ’ਚ ਲੈਣ ਦਾ ਵਾਅਦਾ ਕੀਤਾ ਗਿਆ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
