ਖੰਨਾ, 21 ਅਕਤੂਬਰ। ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਦਾ ਹਿੱਸਾ ਬਣਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਖੰਨਾ ਪੁਲਿਸ ਵਲੋਂ “ਨਸ਼ਾ ਵਿਰੋਧੀ ਜਾਗਰੂਕਤਾ” ਵਾਕ ਐਂਡ ਰਨ ਮੈਰਾਥਨ ਦਾ ਆਯੋਜਨ ਕੀਤਾ ਗਿਆ। ਸੀਨੀਅਰ ਪੁਲਿਸ ਕਪਤਾਨ ਅਮਨੀਤ ਕੋਂਡਲ ਆਈ. ਪੀ. ਐੱਸ. ਦੀ ਅਗਵਾਈ ’ਚ ਆਯੋਜਿਤ ਇਸ ਮੈਰਾਥਨ ’ਚ ਜਿਲ੍ਹਾ ਪੁਲਿਸ ਅਧਿਕਾਰੀਆਂ ਅਤੇ ਵਲੰਟੀਅਰਾਂ ਸਮੇਤ ਲਗਭਗ 300 ਭਾਗੀਦਾਰਾਂ ਨੇ ਭਾਗ ਲਿਆ ਅਤੇ ਨਸ਼ਾ ਮੁਕਤੀ ਦਾ ਸੁਨੇਹਾ ਦਿੱਤਾ।
ਮੈਰਾਥਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਨ ਸਮੇਂ ਐੱਸ. ਐੱਸ. ਪੀ. ਕੋਂਡਲ ਨੇ ਭਾਗੀਦਾਰਾਂ ਨੂੰ ਸੰਬੋਧਨ ਕਰਦਿਆਂ ਨਸ਼ਿਆਂ ਵਿਰੁੱਧ ਮੁਹਿੰਮ ਵਿਚ ਪੁਲਿਸ ਦੀ ਤਾਕਤ ਵਧਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਚਾਨਣਾ ਪਾਇਆ ਅਤੇ ਖਾਸ ਕਰਕੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਮਾਮਲਿਆਂ ਨੂੰ ਨੱਥ ਪਾਉਣ ਲਈ ਪੁਲਿਸ ਵੱਲੋਂ ਕਾਰਵਾਈ ਕੀਤੀ ਜਾ ਰਹੀ ਹੈ। ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਰੀਰਕ ਫਿਟਨੈੱਸ ਅਤੇ ਖੇਡਾਂ ਵੱਲ ਪ੍ਰੇਰਿਤ ਕਰਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।
ਐੱਸ. ਐੱਸ. ਪੀ. ਕੋਂਡਲ ਨੇ ਕਿਹਾ ਕਿ ਨਸ਼ਾ ਖਤਮ ਕਰਨ ਲਈ ਸਾਨੂੰ ਸਾਰਿਆਂ ਨੂੰ ਮਿਲ ਕੇ ਉਪਰਾਲੇ ਕਰਨੇ ਪੈਣਗੇ। ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਜਾ ਰਹੀ ਹੈ। ਇਸ ਮੁਹਿੰਮ ਨੂੰ ਸਫ਼ਲ ਬਣਾਉਣ ਲਈ ਹਰ ਵਿਅਕਤੀ ਨੂੰ ਆਪਣਾ ਯੋਗਦਾਨ ਪਾਉਣਾ ਹੋਵੇਗਾ ਤਾਂ ਹੀ ਅਸੀਂ ਆਪਣੇ ਸਮਾਜ ਵਿੱਚੋਂ ਨਸ਼ਿਆਂ ਦੀ ਬੁਰਾਈ ਨੂੰ ਪੂਰੀ ਤਰ੍ਹਾਂ ਖ਼ਤਮ ਕਰ ਸਕਦੇ ਹਾਂ। ਇਸ ਮੌਕੇ ਉਨ੍ਹਾਂ ਵਾਕ ਐਂਡ ਰਨ ਮੈਰਾਥਨ ਦੇ ਭਾਗੀਦਾਰਾਂ ਨੂੰ ਸਰਟੀਫਿਕੇਟ ਵੀ ਵੰਡੇ।
