ਜਲੰਧਰ, 21 ਅਕਤੂਬਰ (ਹਿ. ਸ.)
ਜ਼ਿਲ੍ਹਾ ਪ੍ਰਸ਼ਾਸਨ ਦੇ ਸਾਰਥਕ ਤੇ ਅਣਥੱਕ ਯਤਨਾਂ ਸਦਕਾ ਇਕੋ ਦਿਨ ਵਿੱਚ 24954 ਮੀਟਰਿਕ ਟਨ ਝੋਨੇ ਦੀ ਚੁਕਾਈ ਕਰਕੇ ਜ਼ਿਲ੍ਹਾ ਜਲੰਧਰ ਵਲੋਂ ਪੰਜਾਬ ਭਰ ਵਿੱਚ ਪਹਿਲਾ ਸਥਾਨ ਹਾਸਿਲ ਕੀਤਾ ਗਿਆ ਹੈ। ਇਹ ਲਗਾਤਾਰ ਤੀਜਾ ਦਿਨ ਸੀ ਜਦੋਂ ਜ਼ਿਲ੍ਹੇ ਦੀਆਂ 81 ਮੰਡੀਆਂ ਵਿੱਚ ਝੋਨੇ ਦੀ ਨਿਰਵਿਘਨ ਖ਼ਰੀਦ ਕਰਕੇ ਚੁਕਾਈ ਕਰਨ ਵਿੱਚ ਜ਼ਿਲ੍ਹਾ ਮੋਹਰੀ ਰਿਹਾ। ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਹੁਣ ਤੱਕ 2088861 ਮੀਟਰਿਕ ਟਨ ਝੋਨਾ ਆਇਆ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 206474 ਮੀਟਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਜੋ ਕਿ ਝੋਨੇ ਦੀ ਆਮਦ ਦਾ 99 ਪ੍ਰਤੀਸ਼ਤ ਹੈ। ਉਨ੍ਹਾਂ ਦੱਸਿਆ ਕਿ ਸ਼ੁਕਰਵਾਰ ਨੂੰ ਜ਼ਿਲ੍ਹੇ ਦੀਆਂ ਮੰਡੀਆਂ ਵਿਚੋਂ ਇਕ ਦਿਨ 24954 ਮੀਟਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ ਜੋ ਕਿ ਸੂਬੇ ਦੇ ਕਿਸੇ ਵੀ ਜ਼ਿਲ੍ਹੇ ਨਾਲੋਂ ਸਭ ਤੋਂ ਵੱਧ ਹੈ।
ਜਲੰਧਰ ਤੋਂ ਬਾਅਦ ਪਟਿਆਲਾ ਵਿਖੇ ਇਕ ਦਿਨ ਵਿੱਚ 19015 ਮੀਟਰਿਕ ਟਨ, ਕਪੂਰਥਲਾ ਵਿਖੇ 17744 ਮੀਟਰਿਕ ਟਨ ਅਤੇ ਹੁਸ਼ਿਆਰਪੁਰ ਵਿਖੇ 15459 ਮੀਟਰਿਕ ਟਨ ਝੋਨੇ ਦੀ ਚੁਕਾਈ ਕੀਤੀ ਗਈ। ਸ੍ਰੀ ਸਾਰੰਗਲ ਨੇ ਇਹ ਵੀ ਦੱਸਿਆ ਕਿ ਕਿਸਾਨਾਂ ਨੂੰ ਹੁਣ ਤੱਕ 428 ਕਰੋੜ ਰੁਪੈ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ ਜੋ ਕਿ ਨਿਰਧਾਰਿਤ ਸਮੇਂ ਅੰਦਰ ਕੀਤੀ ਜਾਣ ਵਾਲੀ 357 ਕਰੋੜ ਰੁਪਏ ਦੀ ਅਦਾਇਗੀ ਤੋਂ 71 ਕਰੋੜ ਰੁਪੈ ਵੱਧ ਹੈ । ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਦੀ ਫ਼ਸਲ ਦੀ ਸਮੇਂ ਸਿਰ ਖ਼ਰੀਦ, ਚੁਕਾਈ ਅਤੇ ਅਦਾਇਗੀ ਕਰਨ ਲਈ ਵਚਨਬੱਧ ਹੈ ਤਾਂ ਜੋ ਕਿਸਾਨਾਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਦੌਰਾਨ ਕਿਸੇ ਕਿਸਮ ਦੀ ਕੋਈ ਪਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਫ਼ਸਲ ਆਉਣ ਤੋਂ ਬਾਅਦ ਨਿਰਧਾਰਿਤ ਸਮੇਂ ਵਿੱਚ ਖ਼ਰੀਦ ਕਰਕੇ ਇਸ ਦੀ ਚੁਕਾਈ ਨੂੰ ਯਕੀਨੀ ਬਣਾਇਆ ਜਾਵੇ। ਸ੍ਰੀ ਸਾਰੰਗਲ ਨੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਵਿੱਚ ਹਰ ਪ੍ਰਕਾਰ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਨਾਲ-ਨਾਲ ਸਮੁੱਚੇ ਖ਼ਰੀਦ ਸੀਜ਼ਨ ਦੌਰਾਨ ਪਹਿਲੇ ਸਥਾਨ ਨੂੰ ਬਰਕਰਾਰ ਰੱਖਣ ਨੂੰ ਯਕੀਨੀ ਬਣਾਇਆ ਜਾਵੇ। ਉਨ੍ਹਾਂ ਇਹ ਵੀ ਕਿਹਾ ਕਿ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜਨ ਨੂੰ ਯਕੀਨੀ ਬਣਾਇਆ ਜਾਵੇ ਅਤੇ ਅਣਗਹਿਲੀ ਕਰਨ ਵਾਲਿਆਂ ਖਿਲਾਫ਼ ਸਖਤ ਕਾਰਵਾਈ ਕੀਤੀ ਜਾਵੇਗੀ।
ਹਿੰਦੂਸਥਾਨ ਸਮਾਚਾਰ/ ਅਸ਼ਵਨੀ ਠਾਕੁਰ /ਸੰਜੀਵ
