ਨਵੀਂ ਦਿੱਲੀ, 26 ਅਕਤੂਬਰ। ਭਾਰਤੀ ਜਨਤਾ ਪਾਰਟੀ (ਭਾਜਪਾ) ਨੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਈਡੀ ਦੀ ਦੁਰਵਰਤੋਂ ਦੇ ਦੋਸ਼ਾਂ ‘ਤੇ ਜਵਾਬੀ ਹਮਲਾ ਕਰਦਿਆਂ ਰਾਜਸਥਾਨ ਨੂੰ ਭ੍ਰਿਸ਼ਟਾਚਾਰ ਦੀ ਰਾਜਧਾਨੀ ਕਿਹਾ ਹੈ। ਵੀਰਵਾਰ ਨੂੰ ਭਾਜਪਾ ਹੈੱਡਕੁਆਰਟਰ ‘ਚ ਆਯੋਜਿਤ ਪ੍ਰੈੱਸ ਕਾਨਫਰੰਸ ‘ਚ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਕਿਹਾ ਕਿ ਅਸ਼ੋਕ ਗਹਿਲੋਤ ਦੇ ਸਾਰੇ ਦੋਸ਼ ਬੇਬੁਨਿਆਦ ਹਨ। ਉਹ ਆਪਣੇ ਬੇਟੇ ਖਿਲਾਫ ਈਡੀ ਦੀ ਕਾਰਵਾਈ ਤੋਂ ਬੌਖਲਾਹਟ ’ਚ ਹਨ। ਗਜੇਂਦਰ ਸਿੰਘ ਨੇ ਕਿਹਾ ਕਿ ਅਸ਼ੋਕ ਗਹਿਲੋਤ ਦੀ ਅਗਵਾਈ ਵਾਲੀ ਸਰਕਾਰ ਨੇ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਹਨ ਅਤੇ ਭ੍ਰਿਸ਼ਟਾਚਾਰ ਦੇ ਨਵੇਂ ਮਾਪਦੰਡ ਤੈਅ ਕੀਤੇ ਹਨ। ਰਾਜਸਥਾਨ ਵਿੱਚ ਪੇਪਰ ਲੀਕ ਦੀ ਲੜੀ ਨੇ ਲੱਖਾਂ ਨੌਜਵਾਨਾਂ ਦਾ ਭਵਿੱਖ ਖਤਰੇ ਵਿੱਚ ਪਾ ਦਿੱਤਾ ਹੈ।
ਉਨ੍ਹਾਂ ਦੋਸ਼ ਲਾਇਆ ਕਿ ਰਾਜਸਥਾਨ ਦੇ ਵਿਧਾਇਕ ਤੇ ਮੰਤਰੀ ਖ਼ੁਦ ਜਨਤਾ ਵਿੱਚ ਜਾ ਕੇ ਸਰਕਾਰ ਦੇ ਭ੍ਰਿਸ਼ਟਾਚਾਰ ਦਾ ਪਰਦਾਫਾਸ਼ ਕਰ ਰਹੇ ਹਨ। ਪੇਪਰ ਲੀਕ ਹੋਣ ’ਤੇ ਕਰੋੜਾਂ ਰੁਪਏ ਦਾ ਲੈਣ-ਦੇਣ ਹੋਇਆ ਹੈ। ਗਹਿਲੋਤ ਸਰਕਾਰ ਨੇ 70 ਲੱਖ ਨੌਜਵਾਨਾਂ ਦਾ ਭਵਿੱਖ ਹਨੇਰੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਈਡੀ ਅਤੇ ਸਰਕਾਰੀ ਜਾਂਚ ਏਜੰਸੀਆਂ ਕੇਂਦਰ ਸਰਕਾਰ ਦੇ ਦਬਾਅ ਹੇਠ ਨਹੀਂ ਹਨ। ਅਸ਼ੋਕ ਗਹਿਲੋਤ ਦੇ ਸਾਰੇ ਦੋਸ਼ ਬੇਬੁਨਿਆਦ ਹਨ।
ਜ਼ਿਕਰਯੋਗ ਹੈ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਨੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਦੇ ਬੇਟੇ ਵੈਭਵ ਗਹਿਲੋਤ ਨੂੰ ਸੰਮਨ ਭੇਜੇ ਹਨ। ਈਡੀ ਨੇ ਪ੍ਰਦੇਸ਼ ਕਾਂਗਰਸ ਪ੍ਰਧਾਨ ਗੋਵਿੰਦ ਸਿੰਘ ਡੋਟਾਸਰਾ ਅਤੇ ਓਮ ਪ੍ਰਕਾਸ਼ ਹੁੱਡਲਾ ਨਾਲ ਜੁੜੇ ਕਈ ਟਿਕਾਣਿਆਂ ‘ਤੇ ਛਾਪੇਮਾਰੀ ਕੀਤੀ ਹੈ। ਜਾਂਚ ਏਜੰਸੀ ਦੀ ਕਾਰਵਾਈ ‘ਤੇ ਅਸ਼ੋਕ ਗਹਿਲੋਤ ਨੇ ਬਿਆਨ ਦਿੱਤਾ ਕਿ ਸਰਕਾਰ ਜਾਂਚ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ।
