ਜਲੰਧਰ, 02 ਨਵੰਬਰ
ਪ੍ਰਸ਼ਾਸਨ ਦੇ ਸਾਰਥਕ ਯਤਨਾਂ ਸਦਕਾ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਸੁਚਾਰੂ ਤਰੀਕੇ ਨਾਲ ਜਾਰੀ ਹੈ ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਨੇ ਦੱਸਿਆ ਕਿ ਬੁੱਧਵਾਰ ਤੱਕ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕੁੱਲ 674797 ਮੀਟ੍ਰਿਕ ਟਨ ਫ਼ਸਲ ਦੀ ਆਮਦ ਹੋਈ ਹੈ, ਜਿਸ ਵਿੱਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵੱਲੋਂ 658239 ਮੀਟ੍ਰਿਕ ਟਨ ਫ਼ਸਲ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ। ਸ੍ਰੀ ਸਾਰੰਗਲ ਨੇ ਅੱਗੇ ਦੱਸਿਆ ਕਿ ਪਨਗ੍ਰੇਨ ਵੱਲੋਂ 246645 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 176999 ਮੀਟ੍ਰਿਕ ਟਨ, ਪਨਸਪ ਵੱਲੋਂ 165994 ਮੀਟ੍ਰਿਕ ਟਨ, ਪੰਜਾਬ ਸਟੇਟ ਵੇਅਰ ਹਾਊਸ ਕਾਰਪੋਰੇਸ਼ਨ ਵੱਲੋਂ 67533 ਮੀਟ੍ਰਿਕ ਟਨ ਅਤੇ ਪ੍ਰਾਈਵੇਟ ਵਪਾਰੀਆਂ ਵੱਲੋਂ 1069 ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਫ਼ਸਲ ਦੀ ਮੌਕੇ ’ਤੇ ਹੀ ਖ਼ਰੀਦ ਦੇ ਨਾਲ-ਨਾਲ 72 ਘੰਟੇ ਦੇ ਨਿਰਧਾਰਿਤ ਸਮੇਂ ਦੇ ਅੰਦਰ ਚੁਕਾਈ ਅਤੇ ਸਮੇਂ ਸਿਰ ਅਦਾਇਗੀ ਕੀਤੀ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਵਿਕਰੀ ਵਿੱਚ ਕੋਈ ਮੁਸ਼ਕਲ ਪੇਸ਼ ਨਾ ਆਵੇ। ਉਨ੍ਹਾਂ ਦੱਸਿਆ ਕਿ ਲਿਫ਼ਟਿੰਗ ਲਈ ਨਿਰਧਾਰਿਤ ਸਮੇਂ ਦੇ ਅੰਦਰ ਹੁਣ ਤੱਕ 91 ਫੀਸਦੀ ਫ਼ਸਲ ਦੀ ਚੁਕਾਈ ਕਰਨ ਤੋਂ ਇਲਾਵਾ ਕਿਸਾਨਾਂ ਨੂੰ ਖ਼ਰੀਦ ਕੀਤੀ ਫ਼ਸਲ ਦੇ 1393 ਕਰੋੜ ਰੁਪਏ ਅਦਾ ਕੀਤੇ ਜਾ ਚੁੱਕੇ ਹਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਝੋਨੇ ਦੇ ਮੰਡੀਕਰਨ ਸੀਜ਼ਨ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਦੀ ਵਚਨਬੱਧ ਹੈ ਅਤੇ ਕਿਸਾਨਾਂ ਵੱਲੋਂ ਵਿਕਰੀ ਲਿਆਂਦੀ ਉਪਜ ਦੇ ਦਾਣੇ-ਦਾਣੇ ਦੀ ਖ਼ਰੀਦ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸੁਚਾਰੂ ਖ਼ਰੀਦ ਪ੍ਰਕਿਰਿਆ ਲਈ ਮੰਡੀਆਂ ਵਿੱਚ ਵਿਆਪਕ ਪ੍ਰਬੰਧ ਕਰਨ ਤੋਂ ਇਲਾਵਾ ਸਬੰਧਤ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਹਰ ਸੰਭਵ ਸੁਵਿਧਾ ਅਤੇ ਸਹਾਇਤਾ ਮੁਹੱਈਆ ਕਰਨ ਦੀਆਂ ਹਦਾਇਤਾਂ ਪਹਿਲਾਂ ਹੀ ਜਾਰੀ ਕੀਤੀਆਂ ਜਾ ਚੁੱਕੀਆਂ ਗਈਆਂ ਹਨ ਤਾਂ ਜੋ ਕਿਸਾਨਾਂ ਨੂੰ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਸਾਨਾਂ ਨੂੰ ਸਰਕਾਰ ਵੱਲੋਂ ਨਮੀ ਦੀ ਨਿਰਧਾਰਤ ਸੀਮਾ ਅਨੁਸਾਰ ਸੁੱਕਾ ਝੋਨਾ ਹੀ ਮੰਡੀਆਂ ਵਿੱਚ ਲੈ ਕੇ ਆਉਣ ਦੀ ਅਪੀਲ ਵੀ ਕੀਤੀ ਤਾਂ ਜੋ ਉਨ੍ਹਾਂ ਦੀ ਫ਼ਸਲ ਬਿਨਾਂ ਕਿਸੇ ਦੇਰੀ ਤੋਂ ਖ਼ਰੀਦੀ ਜਾ ਸਕੇ।
