ਪਾਤੜਾਂ, 03 ਨਵੰਬਰ (ਹਿ. ਸ.)। ਭ੍ਰਿਸ਼ਟਾਚਾਰ ਵਿਰੋਧੀ ਸਾਲਾਨਾ ਜਾਗਰੂਕਤਾ ਹਫ਼ਤੇ ਤਹਿਤ ਇੱਥੇ ਮਦਰ ਇੰਡੀਆ ਕਾਲਜ ਵਿਖੇ ਰੋਟਰੀ ਕਲੱਬ ਪਾਤੜਾਂ ਦੇ ਸਹਿਯੋਗ ਨਾਲ ਭ੍ਰਿਸ਼ਟਾਚਾਰ ਵਿਰੋਧੀ ਪ੍ਰੋਗਰਾਮ ਮੌਕੇ ਪੁੱਜੇ ਡੀ.ਐਸ.ਪੀ. ਵਿਜੀਲੈਂਸ ਬਿਊਰੋ ਪਟਿਆਲਾ ਰੇਂਜ, ਪਰਮਿੰਦਰ ਸਿੰਘ ਬਰਾੜ ਨੇ ਕਿਹਾ ਕਿ ਭ੍ਰਿਸ਼ਟਾਚਾਰ ਸਾਡੇ ਦੇਸ਼ ਨੂੰ ਖੋਖਲਾ ਕਰ ਰਿਹਾ ਹੈ। ਉਨ੍ਹਾਂ ਨੇ ਭ੍ਰਿਸ਼ਟਾਚਾਰ ਰੋਕਣ ਲਈ ਟੋਲ ਫਰੀ ਨੰਬਰ 180018001000 ਤੇ ਐਂਟੀ ਕੁਰੱਪਸ਼ਨ ਐਕਸ਼ਨ ਲਾਈਨ 9501200200 ‘ਤੇ ਸੰਪਰਕ ਕਰਨ ਲਈ ਪ੍ਰੇਰਿਤ ਕਰਦਿਆਂ ਦੱਸਿਆ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਹਦਾਇਤਾਂ ਤਹਿਤ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਨੂੰ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪਰਮਿੰਦਰ ਸਿੰਘ ਬਰਾੜ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਸਪੈਸ਼ਲ ਡੀ.ਜੀ.ਪੀ-ਕਮ-ਚੀਫ਼ ਡਾਇਰੈਕਟਰ ਚੌਕਸੀ ਬਿਊਰੋ ਵਰਿੰਦਰ ਕੁਮਾਰ ਤੇ ਐਸ.ਐਸ.ਪੀ. ਪਟਿਆਲਾ ਰੇਂਜ ਜਗਤਪ੍ਰੀਤ ਸਿੰਘ ਦੇ ਨਿਰਦੇਸ਼ਾਂ ਤਹਿਤ ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੁੱਧ ਜਾਗਰੂਕ ਕਰਨ ਲਈ ਅਜਿਹੇ ਪ੍ਰੋਗਰਾਮ ਕਰਵਾਏ ਜਾ ਰਹੇ ਹਨ। ਉਨ੍ਹਾਂ ਨੇ ਇਸ ਮੌਕੇ ਹਾਜ਼ਰੀਨ ਤੇ ਵਿਦਿਆਰਥੀਆਂ ਨੂੰ ਭ੍ਰਿਸ਼ਟਾਚਾਰ ਰੋਕਣ ਵਿੱਚ ਮਦਦ ਕਰਨ ਲਈ ਸਹੁੰ ਵੀ ਚੁਕਾਈ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
