ਚੰਡੀਗੜ੍ਹ, 22 ਨਵੰਬਰ (ਹਿ.ਸ.)। ਪੰਜਾਬ ਪੁਲਿਸ ਨੇ ਬਠਿੰਡਾ ਵਿੱਚ ਪਾਕਿਸਤਾਨੀ ਖੁਫੀਆ ਏਜੰਸੀ ਆਈਐੱਸਆਈ ਦੇ ਸਮਰਥਨ ਵਾਲੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕਰਕੇ ਭਾਰੀ ਮਾਤਰਾ ਵਿੱਚ ਹਥਿਆਰ ਬਰਾਮਦ ਕੀਤੇ ਹਨ। ਫੜੇ ਗਏ ਅੱਤਵਾਦੀ ਪੰਜਾਬ ‘ਚ ਟਾਰਗੇਟ ਕਿਲਿੰਗ ਦੀ ਤਿਆਰੀ ਕਰ ਰਹੇ ਸਨ। ਪੰਜਾਬ ਦਾ ਇੱਕ ਧਾਰਮਿਕ ਆਗੂ ਅੱਤਵਾਦੀਆਂ ਦੇ ਨਿਸ਼ਾਨੇ ‘ਤੇ ਸੀ। ਮੁਲਜ਼ਮ ਸੰਗਰੂਰ ਜੇਲ੍ਹ ਵਿੱਚ ਯੂਏਪੀਏ ਤਹਿਤ ਬੰਦ ਕੁਲਵਿੰਦਰ ਸਿੰਘ ਕਿੰਦਾ ਅਤੇ ਹਰਚਰਨ ਸਿੰਘ ਦੇ ਸੰਪਰਕ ਵਿੱਚ ਸਨ। ਪੁਲਿਸ ਨੇ ਇਸ ਮਾਮਲੇ ਦੀ ਕਈ ਪਹਿਲੂਆਂ ਦੇ ਆਧਾਰ ‘ਤੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ ਨੇ ਬੁੱਧਵਾਰ ਨੂੰ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਕਾਊਂਟਰ ਇੰਟੈਲੀਜੈਂਸ ਟੀਮ ਨੇ ਆਈਐੱਸਆਈ ਮਾਧਿਅਮ ਰਾਹੀਂ ਪੰਜਾਬ ਵਿੱਚ ਅੱਤਵਾਦੀ ਗਤੀਵਿਧੀਆਂ ਨੂੰ ਅੰਜਾਮ ਦੇਣ ਵਾਲੇ ਤਿੰਨ ਅੱਤਵਾਦੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਰਾਜਭੁਪਿੰਦਰ ਸਿੰਘ ਵਾਸੀ ਬਠਿੰਡਾ, ਰਮਨ ਕੁਮਾਰ ਵਾਸੀ ਫ਼ਿਰੋਜ਼ਪੁਰ ਅਤੇ ਜਗਜੀਤ ਸਿੰਘ ਵਾਸੀ ਫ਼ਰੀਦਕੋਟ ਵਜੋਂ ਹੋਈ ਹੈ।
ਮੁਲਜ਼ਮਾਂ ਕੋਲੋਂ 8 ਪਿਸਤੌਲ, 9 ਮੈਗਜ਼ੀਨ ਅਤੇ 30 ਜਿੰਦਾ ਕਾਰਤੂਸ ਬਰਾਮਦ ਹੋਏ ਹਨ। ਮੁਲਜ਼ਮਾਂ ਨੇ ਇਹ ਹਥਿਆਰ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਤੋਂ ਖਰੀਦੇ ਸਨ। ਪੁਲਿਸ ਨੇ ਮੁਲਜ਼ਮਾਂ ਖ਼ਿਲਾਫ਼ ਥਾਣਾ ਬਠਿੰਡਾ ਵਿੱਚ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
