ਹੁਸ਼ਿਆਰਪੁਰ, 02 ਦਸੰਬਰ (ਹਿ. ਸ.)। ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਲੋਕਾਂ ਨੂੰ ਪੋਲਿੰਗ ਪ੍ਰਕਿਰਿਆ ਸਬੰਧੀ ਜਾਗਰੂਕ ਕਰਨ ਲਈ ਬੀਤੇ ਦਿਨ੍ਹੀਂ ਐੱਸ.ਡੀ.ਐੱਮ. ਦਫ਼ਤਰ ਹੁਸ਼ਿਆਰਪੁਰ ਵਿਖੇ ਪ੍ਰਦਰਸ਼ਨੀ ਲਗਾ ਕੇ ਲੋਕਾਂ ਨੂੰ ਈ.ਵੀ.ਐਮ (ਇਲੈਕਟ੍ਰਾਨਿਕ ਵੋਟਿੰਗ ਮਸ਼ੀਨ) ਅਤੇ ਵੀ.ਵੀ.ਪੈਟ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਜਾਗਰੂਕ ਕੀਤਾ ਗਿਆ। ਇਸ ਦੌਰਾਨ ਐੱਸ.ਡੀ.ਐਮ ਹੁਸ਼ਿਆਰਪੁਰ ਪ੍ਰੀਤਇੰਦਰ ਸਿੰਘ ਬੈਂਸ ਨੇ ਈ.ਵੀ.ਐਮ ਅਤੇ ਵੀ.ਵੀ.ਪੀ.ਏ.ਟੀ (ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ) ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਹੁਣ ਵੋਟਰ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਰਾਹੀਂ ਆਪਣੀ ਵੋਟ ਪਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਵੋਟਾਂ ਵਾਲੇ ਦਿਨ ਪੋਲਿੰਗ ਬੂਥ ਵਿਚ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ ਵਿਚ ਉਮੀਦਵਾਰਾਂ ਦੇ ਨਾਮ ਅਤੇ ਉਨ੍ਹਾਂ ਦੇ ਚੋਣ ਨਿਸ਼ਾਨ ਦੇ ਅੱਗੇ ਇਕ ਬਟਨ ਹੁੰਦਾ ਹੈ ਅਤੇ ਕਿਸੇ ਇਕ ਉਮੀਦਵਾਰ ਦੇ ਸਾਹਮਣੇ ਵਾਲਾ ਬਟਨ ਦਬਾ ਕੇ ਵੋਟ ਪਾਈ ਜਾ ਸਕਦੀ ਹੈ।
ਐੱਸ.ਡੀ.ਐੱਮ. ਨੇ ਦੱਸਿਆ ਕਿ ਵੀ.ਵੀ.ਪੈਟ ਮਸ਼ੀਨ ਵਰਗਾ ਇਕ ਛੋਟਾ ਪ੍ਰਿੰਟਰ ਹੈ, ਜੋ ਈ.ਵੀ.ਐਮ (ਇਲੈਕਟ੍ਰੋਨਿਕ ਵੋਟਿੰਗ ਮਸ਼ੀਨ) ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਵੀ.ਵੀ.ਪੈਟ ਰਾਹੀਂ ਵੋਟਰ ਨੂੰ ਪਤਾ ਲੱਗ ਸਕੇਗਾ ਕਿ ਉਸ ਦੀ ਵੋਟ ਸਹੀ ਉਮੀਦਵਾਰ ਨੂੰ ਪਈ ਹੈ ਜਾਂ ਨਹੀਂ। ਉਨ੍ਹਾਂ ਦੱਸਿਆ ਕਿ ਇਸ ਮਸ਼ੀਨ ਰਾਹੀਂ ਵੋਟਰ 7 ਸੈਕਿੰਡ ਤੱਕ ਡਿਸਪਲੇ ਫਰੇਮ ਵਿਚ ਆਪਣੀ ਵੋਟ ਪਾਉਣ ਵਾਲੇ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਅਤੇ ਚੋਣ ਨਿਸ਼ਾਨ ਦੇਖ ਸਕਦਾ ਹੈ। ਉਨ੍ਹਾਂ ਦੱਸਿਆ ਕਿ ਉਮੀਦਵਾਰ ਦਾ ਸੀਰੀਅਲ ਨੰਬਰ, ਨਾਮ ਅਤੇ ਚੋਣ ਨਿਸ਼ਾਨ ਦਰਸਾਉਣ ਵਾਲੀ ਪਰਚੀ ਮਸ਼ੀਨ ਨਾਲ ਜੁੜੇ ਬਕਸੇ ਵਿਚ ਡਿੱਗੇਗੀ, ਜੋ ਬਕਸੇ ਵਿਚ ਸੀਲ ਰਹੇਗੀ ਅਤੇ ਕੋਈ ਹੋਰ ਇਸ ਨੂੰ ਨਹੀਂ ਦੇਖ ਸਕੇਗਾ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
