ਫਤਿਹਗੜ੍ਹ ਸਾਹਿਬ, 10 ਦਸੰਬਰ (ਹਿ. ਸ.)। ਘਰਾਂ ਨੇੜੇ ਆਮ ਆਦਮੀ ਕਲੀਨਕ ਖੁਲਣ ਨਾਲ ਆਮ ਲੋਕਾਂ ਨੂੰ ਸਿਹਤ ਸੇਵਾਵਾਂ ਲੈਣ ਲਈ ਵੱਡਾ ਫਾਇਦਾ ਹੋ ਰਿਹਾ, ਛੋਟੇ ਮੋਟੇ ਇਲਾਜ ਲਈ ਹੁਣ ਲੋਕਾਂ ਨੂੰ ਦੂਰ ਦੁਰਾਡੇ ਹਸਪਤਾਲਾਂ ਵਿੱਚ ਨਹੀਂ ਜਾਣਾ ਪੈਂਦਾ ਜਿਸ ਨਾਲ ਲੋਕਾਂ ਦਾ ਸਮਾਂ ਅਤੇ ਪੈਸੇ ਦੀ ਬਚਤ ਹੋ ਰਹੀ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਆਮ ਆਦਮੀ ਕਲੀਨਿਕ ਬਾੜਾ, ਸਰਹਿੰਦ ਦੀ ਚੈਕਿੰਗ ਕਰਨ ਲਈ ਪਹੁੰਚੇ ਸਿਵਲ ਸਰਜਨ ਫਤਿਹਗੜ੍ਹ ਸਾਹਿਬ ਡਾ. ਦਵਿੰਦਰਜੀਤ ਕੌਰ ਨੇ ਕੀਤਾ।
ਜਾਣਕਾਰੀ ਦਿੰਦਿਆਂ ਡਾ. ਦਵਿੰਦਰਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਲੋਕਾਂ ਨੂੰ ਮੁਫ਼ਤ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕ ਸਫਲਤਾ ਪੂਰਵਕ ਸੇਵਾਵਾਂ ਦੇ ਰਹੇ ਹਨ ਅਤੇ ਜ਼ਿਲ੍ਹੇ ਵਿੱਚ ਕੰਮ ਕਰ ਰਹੇ 19 ਕਲੀਨਿਕਾਂ ਵਿੱਚ ਹੁਣ ਤੱਕ 246506 ਮਰੀਜ਼ ਆਪਣਾ ਮੁਫ਼ਤ ਇਲਾਜ ਕਰਵਾ ਚੁੱਕੇ ਹਨ ਅਤੇ ਇਨ੍ਹਾਂ ਦੇ 40709 ਪ੍ਰਕਾਰ ਦੇ ਮੁਫਤ ਲੈਬੋਰਟਰੀ ਟੈਸਟ ਵੀ ਕੀਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਇਨ੍ਹਾਂ ਕਲੀਨਿਕਾਂ ਵਿਚ ਇਲਾਜ਼ ਲਈ ਆਉਣ ਵਾਲੇ ਮਰੀਜ਼ਾਂ ਨੂੰ 80 ਕਿਸਮ ਦੀਆਂ ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ ਅਤੇ 40 ਕਿਸਮ ਦੇ ਲੈਬੋਰਟਰੀ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸਰਕਾਰ ਦੀਆਂ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ। ਚੈਕਿੰਗ ਦੌਰਾਨ ਉਨ੍ਹਾਂ ਸਮੂਹ ਸਟਾਫ ਨੂੰ ਇਲਾਜ ਕਰਾਉਣ ਲਈ ਆਏ ਮਰੀਜ਼ਾਂ ਨੂੰ ਦਵਾਈਆਂ ਅੰਦਰੋਂ ਹੀ ਦੇਣ ਲਈ ਕਿਹਾ ਉਨ੍ਹਾਂ ਕਿਹਾ ਕਿ ਸਾਰੇ ਮਰੀਜ਼ਾਂ ਨਾਲ ਦੋਸਤਾਨਾ ਵਿਵਹਾਰ ਕੀਤਾ ਜਾਵੇ, ਆਪੋ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਅਤੇ ਤਨਦੇਹੀ ਨਾਲ ਨਿਭਾਈ ਜਾਵੇ ਅਤੇ ਲੋਕਾਂ ਦੀ ਹਰ ਸੰਭਵ ਸਹਾਇਤਾ ਕੀਤੀ ਜਾਵੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
