ਜਲੰਧਰ, 11 ਦਸੰਬਰ (ਹਿ. ਸ.) ਡਿਪਟੀ ਕਮਿਸ਼ਨਰ ਸ੍ਰੀ ਵਿਸ਼ੇਸ਼ ਸਾਰੰਗਲ ਨੇ ਸੋਮਵਾਰ ਨੂੰ ਜ਼ਿਲ੍ਹੇ ਵਿੱਚ ਪੰਜਵੇਂ ਪੜਾਅ ਦੌਰਾਨ ਖੁੱਲ਼੍ਹਣ ਜਾ ਰਹੇ 10 ਹੋਰ ਆਮ ਆਦਮੀ ਕਲੀਨਿਕਾਂ ਦੇ ਚੱਲ ਰਹੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਰਹਿੰਦੇ ਕਾਰਜ ਨੂੰ 15 ਦਸੰਬਰ ਤੱਕ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਤਾਂ ਜੋ ਲੋਕਾਂ ਨੂੰ ਜਲਦ ਤੋਂ ਜਲਦ ਇਹ ਸਹੂਲਤ ਮੁਹੱਈਆ ਕਰਵਾਈ ਜਾ ਸਕੇ। ਇਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨ੍ਹਾਂ ਨੂੰ ਕੰਮ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੀਆਂ ਹਦਾਇਤਾਂ ਦਿੱਤੀਆਂ ।
ਉਨ੍ਹਾਂ ਕਿਹਾ ਕਿ ਜੇਕਰ ਕਿਤੇ ਵੀ ਕਲੀਨਿਕਾਂ ਦੇ ਕੰਮ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਆਉਂਦੀ ਹੈ ਤਾਂ ਤੁਰੰਤ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਜਾਵੇ ਤਾਂ ਜੋ ਉਸ ਨੂੰ ਤੁਰੰਤ ਦੂਰ ਕਰਕੇ ਮਿੱਥੇ ਸਮੇਂ ’ਤੇ ਲੋਕਾਂ ਲਈ ਬਿਹਤਰ ਸਿਹਤ ਸੇਵਾਵਾਂ ਸ਼ੁਰੂ ਕੀਤੀਆਂ ਜਾ ਸਕਣ। ਸ੍ਰੀ ਸਾਰੰਗਲ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚੱਲ ਰਹੇ 55 ਆਮ ਆਦਮੀ ਕਲੀਨਿਕ ਲੋਕਾਂ ਨੂੰ ਪਹਿਲਾਂ ਹੀ ਉਨ੍ਹਾਂ ਦੇ ਘਰਾਂ ਨੇੜੇ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਹਨ ਅਤੇ ਇਨ੍ਹਾਂ ਕਲੀਨਿਕਾਂ ਦੀ ਸਫ਼ਲਤਾਂ ਨੂੰ ਦੇਖਦੇ ਹੋਏ ਜ਼ਿਲ੍ਹੇ ਵਿੱਚ 10 ਹੋਰ ਆਮ ਆਦਮੀ ਕਲੀਨਿਕ ਹੋਰ ਖੋਲ੍ਹੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਕਲੀਨਿਕ ਭੋਗਪੁਰ, ਕਾਕੜ ਕਲਾਂ, ਪਿੰਡ ਅਠੋਲਾ, ਢੰਡੋਰ, ਨਿੱਜਰਾਂ, ਮੱਲੀਆਂ, ਬੜਿੰਗ, ਸਿਟੀ ਪਾਰਕ ਨੂਰਮਹਿਲ, ਮੁਹੱਲਾ ਸ਼ੇਰਪੁਰ ਨੇੜੇ ਕਪੂਰਥਲਾ ਬਾਈਪਾਸ ਨਕੋਦਰ ਅਤੇ ਸਥਾਨਕ ਸਪੋਰਟਸ ਕਾਲਜ ਵਿਖੇ ਖੋਲ੍ਹੇ ਜਾ ਰਹੇ ਹਨ, ਜੋ ਕਿ ਇਨ੍ਹਾਂ ਇਲਾਕਿਆਂ ਦੀ ਆਬਾਦੀ ਦੀਆਂ ਸਿਹਤ ਸੇਵਾਵਾਂ ਸਬੰਧੀ ਲੋੜਾਂ ਨੂੰ ਪੂਰਾ ਕਰਨ ਵਿੱਚ ਸਹਾਇਕ ਸਾਬਤ ਹੋਣਗੇ। ਇਸ ਮੌਕੇ ਡੀ.ਐਮ.ਸੀ. ਡਾ. ਜਯੋਤੀ ਸ਼ਰਮਾ, ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ ਡਾ. ਮਨਦੀਪ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਮੌਜੂਦ ਸਨ।
ਹਿੰਦੂਸਥਾਨ ਸਮਾਚਾਰ/ ਅਸ਼੍ਵਨੀ ਠਾਕੁਰ/ਸੰਜੀਵ
