ਇਸਲਾਮਾਬਾਦ, 12 ਦਸੰਬਰ (ਹਿ.ਸ.)। ਉੱਤਰ-ਪੱਛਮੀ ਪਾਕਿਸਤਾਨ ਦੇ ਸਭ ਤੋਂ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੇ ਦਰਬਾਨ ਪੁਲਿਸ ਸਟੇਸ਼ਨ ‘ਤੇ ਮੰਗਲਵਾਰ ਨੂੰ ਹੋਏ ਆਤਮਘਾਤੀ ਅੱਤਵਾਦੀ ਹਮਲੇ ‘ਚ ਘੱਟੋ-ਘੱਟ 6 ਸੁਰੱਖਿਆ ਕਰਮਚਾਰੀ ਮਾਰੇ ਗਏ ਅਤੇ 28 ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਦੱਸਿਆ ਕਿ ਆਤਮਘਾਤੀ ਹਮਲਾਵਰਾਂ ਨੇ ਦੱਖਣੀ ਵਜ਼ੀਰਿਸਤਾਨ ਕਬਾਇਲੀ ਜ਼ਿਲ੍ਹੇ ਨਾਲ ਲੱਗਦੇ ਅਸ਼ਾਂਤ ਡੇਰਾ ਇਸਮਾਈਲ ਖ਼ਾਨ ਜ਼ਿਲ੍ਹੇ ਦੇ ਦਰਬਾਨ ਪੁਲਿਸ ਸਟੇਸ਼ਨ ਨੂੰ ਨਿਸ਼ਾਨਾ ਬਣਾਇਆ। ਵਿਸਫੋਟਕਾਂ ਨਾਲ ਭਰੇ ਵਾਹਨ ਨੇ ਪੁਲਿਸ ਸਟੇਸ਼ਨ ਦੀ ਇਮਾਰਤ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਮੋਰਟਾਰ ਨਾਲ ਹਮਲਾ ਕੀਤਾ।
ਪੁਲਿਸ ਅਧਿਕਾਰੀਆਂ ਮੁਤਾਬਕ ਸੁਰੱਖਿਆ ਬਲਾਂ ਅਤੇ ਹਮਲਾਵਰਾਂ ਵਿਚਾਲੇ ਹੋਈ ਗੋਲੀਬਾਰੀ ‘ਚ ਘੱਟੋ-ਘੱਟ 6 ਸੁਰੱਖਿਆ ਕਰਮਚਾਰੀ ਮਾਰੇ ਗਏ ਅਤੇ 28 ਹੋਰ ਜ਼ਖਮੀ ਹੋ ਗਏ। ਸੁਰੱਖਿਆ ਬਲਾਂ ਨੇ ਸਾਰੇ ਹਮਲਾਵਰਾਂ ਨੂੰ ਮਾਰ ਦਿੱਤਾ ਹੈ। ਅੱਤਵਾਦੀ ਸੰਗਠਨ ਤਹਿਰੀਕ-ਏ-ਜੇਹਾਦ ਪਾਕਿਸਤਾਨ (ਟੀਜੇਪੀ) ਨੇ ਇਸ ਹਮਲੇ ਦੀ ਜ਼ਿੰਮੇਵਾਰੀ ਲਈ ਹੈ। ਪਾਕਿਸਤਾਨ ਵਿੱਚ ਹੋਏ ਕੁੱਝ ਵੱਡੇ ਹਮਲਿਆਂ ਪਿੱਛੇ ਇਸ ਅੱਤਵਾਦੀ ਸੰਗਠਨ ਦਾ ਹੱਥ ਰਿਹਾ ਹੈ। ਟੀਜੇਪੀ ਦੇ ਬੁਲਾਰੇ ਮੁੱਲਾ ਕਾਸਿਮ ਨੇ ਇਸ ਨੂੰ ਆਤਮਘਾਤੀ ਹਮਲਾ ਦੱਸਿਆ ਹੈ। ਅਧਿਕਾਰੀਆਂ ਮੁਤਾਬਕ ਹਮਲੇ ਕਾਰਨ ਜ਼ਿਲ੍ਹੇ ਦੇ ਹਸਪਤਾਲਾਂ ਵਿੱਚ ਐਮਰਜੈਂਸੀ ਘੋਸ਼ਿਤ ਕਰ ਦਿੱਤੀ ਗਈ ਹੈ। ਸਾਰੇ ਸਕੂਲ ਅਤੇ ਕਾਲਜ ਬੰਦ ਰਹੇ।
ਬਚਾਅ ਟੀਮ ਨੇ ਜ਼ਖਮੀਆਂ ਨੂੰ ਡੇਰਾ ਹਸਪਤਾਲ ਪਹੁੰਚਾਇਆ ਹੈ। ਬਚਾਅ ਅਧਿਕਾਰੀ ਏਜਾਜ਼ ਮਹਿਮੂਦ ਨੇ ਮ੍ਰਿਤਕਾਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਕਾਰਜਕਾਰੀ ਗ੍ਰਹਿ ਮੰਤਰੀ ਸਰਫਰਾਜ਼ ਬੁਗਤੀ ਨੇ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਅਤੇ ਜਾਨੀ ਨੁਕਸਾਨ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਸਾਬਕਾ ਮੰਤਰੀ ਬਿਲਾਵਲ ਭੁੱਟੋ ਜ਼ਰਦਾਰੀ ਨੇ ਨਾਗਰਿਕਾਂ ਅਤੇ ਸੁਰੱਖਿਆ ਬਲਾਂ ‘ਤੇ ਹੋਏ ਹਮਲਿਆਂ ਦੀ ਨਿਖੇਧੀ ਕਰਦੇ ਹੋਏ ਇਸ ਨੂੰ ਨਾ ਮੁਆਫ਼ੀ ਯੋਗ ਦੱਸਿਆ ਹੈ। ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੇ ਹਮਲੇ ਦੀ ਸਖ਼ਤ ਨਿੰਦਾ ਕੀਤੀ ਹੈ ਅਤੇ ਅੱਤਵਾਦ ਨੂੰ ਜੜ੍ਹੋਂ ਪੁੱਟਣ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
