ਮਾਸਕੋ, 28 ਦਸੰਬਰ (ਹਿ. ਸ.)। ਭਾਰਤ ਦੇ ਵਿਦੇਸ਼ ਮੰਤਰੀ ਐੱਸ ਜੈਸ਼ੰਕਰ, ਜੋ ਰੂਸ ਦੇ ਪੰਜ ਦਿਨਾਂ ਦੌਰੇ ‘ਤੇ ਹਨ, ਨੇ ਬੁੱਧਵਾਰ ਨੂੰ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਰਾਸ਼ਟਰਪਤੀ ਨੇ ਜੈਸ਼ੰਕਰ ਨਾਲ ਗਰਮਜੋਸ਼ੀ ਨਾਲ ਮੁਲਾਕਾਤ ਕੀਤੀ ਅਤੇ ਭਾਰਤੀ ਪ੍ਰਧਾਨ ਮੰਤਰੀ ਮੋਦੀ ਨੂੰ ਅਗਲੇ ਸਾਲ ਰੂਸ ਦਾ ਦੌਰਾ ਕਰਨ ਦਾ ਸੱਦਾ ਦਿੱਤਾ। ਇਸ ਦੌਰਾਨ ਪੁਤਿਨ ਨੇ ਕਿਹਾ ਕਿ ਚੋਣਾਂ ਦੇ ਲਿਹਾਜ਼ ਨਾਲ ਅਗਲਾ ਸਾਲ ਭਾਰਤ ਲਈ ਕਾਫੀ ਵਿਅਸਤ ਹੋਣ ਵਾਲਾ ਹੈ। ਉਨ੍ਹਾਂ ਨੇ ਮੋਦੀ ਨੂੰ ਚੋਣਾਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਚੋਣਾਂ ਭਾਵੇਂ ਕੋਈ ਵੀ ਜਿੱਤੇ ਪਰ ਭਾਰਤ-ਰੂਸ ਸਬੰਧ ਮਜ਼ਬੂਤ ਅਤੇ ਸਥਿਰ ਰਹਿਣਗੇ।
ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਰਾਸ਼ਟਰਪਤੀ ਭਵਨ ਕ੍ਰੇਮਲਿਨ ਵਿਖੇ ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਜੈਸ਼ੰਕਰ ਨੇ ਆਪਣੇ ਐਕਸ-ਪੋਸਟ ‘ਚ ਇਹ ਜਾਣਕਾਰੀ ਦਿੱਤੀ – ‘ਅੱਜ ਸ਼ਾਮ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨਾਲ ਮੁਲਾਕਾਤ ਕੀਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਤਰਫੋਂ ਉਨ੍ਹਾਂ ਨੂੰ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਇੱਕ ਨਿੱਜੀ ਸੰਦੇਸ਼ ਸੌਂਪਿਆ। ਰਾਸ਼ਟਰਪਤੀ ਪੁਤਿਨ ਨੂੰ ਉਪ ਰਾਸ਼ਟਰਪਤੀ ਡੇਨਿਸ ਮੰਤੁਰੋਵ ਅਤੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਆਪਣੀ ਚਰਚਾ ਬਾਰੇ ਜਾਣੂ ਕਰਵਾਇਆ। ਦੋਵਾਂ ਦੇਸ਼ਾਂ ਦੇ ਸਬੰਧਾਂ ਨੂੰ ਅੱਗੇ ਵਧਾਉਣ ਲਈ ਉਨ੍ਹਾਂ ਦੇ ਮਾਰਗਦਰਸ਼ਨ ਦੀ ਸ਼ਲਾਘਾ ਕੀਤੀ।
ਇਸ ਗੱਲਬਾਤ ਦੌਰਾਨ ਰੂਸੀ ਰਾਸ਼ਟਰਪਤੀ ਨੇ ਭਾਰਤੀ ਪ੍ਰਧਾਨ ਮੰਤਰੀ ਦੀ ਤਾਰੀਫ ਕੀਤੀ ਅਤੇ ਕਿਹਾ ਕਿ ਪੀ. ਐੱਮ. ਮੋਦੀ ਰੂਸ-ਯੂਕ੍ਰੇਨ ਵਿਵਾਦ ਨੂੰ ਸ਼ਾਂਤੀਪੂਰਵਕ ਹੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਅਸੀਂ ਕਈ ਮੌਕਿਆਂ ‘ਤੇ ਇਸ ਦਾ ਵਾਰ-ਵਾਰ ਜ਼ਿਕਰ ਕੀਤਾ ਹੈ। ਭਾਰਤ-ਰੂਸ ਸਬੰਧਾਂ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਅਸੀਂ ਊਰਜਾ ਤੋਂ ਲੈ ਕੇ ਤਕਨਾਲੋਜੀ ਤੱਕ ਦੇ ਖੇਤਰਾਂ ਵਿੱਚ ਇਕੱਠੇ ਹਾਂ। ਅਸੀਂ ਪੈਟਰੋਲ ਦੇ ਨਾਲ-ਨਾਲ ਉੱਚ ਤਕਨਾਲੋਜੀ ਖੇਤਰ ਵਿੱਚ ਵੀ ਮਿਲ ਕੇ ਕੰਮ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਦੁਨੀਆ ‘ਚ ਕਾਫੀ ਉਥਲ-ਪੁਥਲ ਦੇ ਬਾਵਜੂਦ ਰੂਸ ਅਤੇ ਭਾਰਤ ਦੇ ਰਿਸ਼ਤੇ ਮਜ਼ਬੂਤ ਹੋ ਰਹੇ ਹਨ। ਉਨ੍ਹਾਂ ਭਾਰਤੀ ਲੀਡਰਸ਼ਿਪ ਦੀ ਤਾਰੀਫ਼ ਕਰਦਿਆਂ ਕਿਹਾ ਕਿ ਭਾਰਤ ਤੇਜ਼ੀ ਨਾਲ ਵਿਕਾਸ ਕਰ ਰਿਹਾ ਹੈ।
ਇਸ ਤੋਂ ਪਹਿਲਾਂ ਭਾਰਤੀ ਵਿਦੇਸ਼ ਮੰਤਰੀ ਨੇ ਰੂਸ ਦੇ ਵਿਦੇਸ਼ ਮੰਤਰੀ ਸਰਗੇਈ ਲਾਵਰੋਵ ਨਾਲ ਮੁਲਾਕਾਤ ਕੀਤੀ। ਦੋਹਾਂ ਵਿਚਾਲੇ ਹੋਈ ਦੁਵੱਲੀ ਬੈਠਕ ‘ਚ ਲਾਵਰੋਵ ਨੇ ਸੰਯੁਕਤ ਰਾਸ਼ਟਰ ਦੀ ਸੁਰੱਖਿਆ ਪ੍ਰੀਸ਼ਦ ‘ਚ ਭਾਰਤ ਦੀ ਸਥਾਈ ਮੈਂਬਰਸ਼ਿਪ ਦਾ ਸਮਰਥਨ ਕੀਤਾ। ਉਨ੍ਹਾਂ ਕਿਹਾ ਕਿ ਭਾਰਤ ਨੇ ਜੀ-20 ਦੀ ਪ੍ਰਧਾਨਗੀ ਕਰਕੇ ਆਪਣੀ ਵਿਦੇਸ਼ ਨੀਤੀ ਦੀ ਤਾਕਤ ਨੂੰ ਸਾਬਤ ਕੀਤਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
