
ਬਠਿੰਡਾ, 29 ਦਸੰਬਰ (ਹਿ. ਸ.)। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਸ਼ੁੱਕਰਵਾਰ ਨੂੰ ਪੰਜਾਬ ਦੇ ਬਠਿੰਡਾ ਦੌਰੇ ‘ਤੇ ਸਨ। ਉਨ੍ਹਾਂ ਨੇ ਵਿਕਸਤ ਭਾਰਤ ਸੰਕਲਪ ਯਾਤਰਾ ਸਮੇਤ ਵੱਖ-ਵੱਖ ਪ੍ਰੋਗਰਾਮਾਂ ‘ਚ ਹਿੱਸਾ ਲਿਆ। ਸ਼ੇਖਾਵਤ ਨੇ ਬਠਿੰਡਾ ਜ਼ਿਲ੍ਹੇ ਵਿੱਚ ਸਥਿਤ ਸਿੱਖ ਧਰਮ ਦੇ ਮਹਾਨ ਇਤਿਹਾਸ ਨਾਲ ਸਬੰਧਤ ਪ੍ਰਸਿੱਧ ਅਸਥਾਨ ਦਮਦਮਾ ਸਾਹਿਬ (ਤਲਵੰਡੀ ਸਾਬੋ) ਵਿਖੇ ਮੱਥਾ ਟੇਕਿਆ। ਉਨ੍ਹਾਂ ਦੱਸਿਆ ਕਿ ਇਹ ਸਿੱਖ ਧਰਮ ਦੇ ਪੰਜ ਪਾਵਨ ਤਖ਼ਤਾਂ ਵਿੱਚੋਂ ਇੱਕ ਹੈ।
ਸ਼ੇਖਾਵਤ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਬਠਿੰਡਾ ਲੋਕ ਸਭਾ ਹਲਕੇ ਦੇ ਪਿੰਡ ਸੰਦੋਹਾ ਪੁੱਜੇ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਭਾਰਤ ਨੂੰ ਵਿਕਸਤ ਭਾਰਤ ਬਣਾਉਣ ਦੇ ਉਦੇਸ਼ਾਂ ਨੂੰ ਸਥਾਨਕ ਨਿਵਾਸੀਆਂ ਨਾਲ ਸਾਂਝਾ ਕੀਤਾ। ਕੇਂਦਰੀ ਸਕੀਮਾਂ ਨਾਲ ਜੁੜੇ ਨਾਗਰਿਕਾਂ ਨੂੰ ਕਾਰਡ ਵੰਡੇ ਗਏ। ਸ਼ੇਖਾਵਤ ਨੇ ਵਿਕਸਤ ਭਾਰਤ ਸੰਕਲਪ ਯਾਤਰਾ ਤਹਿਤ ਬਠਿੰਡਾ ਲੋਕ ਸਭਾ ਹਲਕੇ ਦੇ ਤਲਵੰਡੀ ਸਾਬੋ ਵਿਧਾਨ ਸਭਾ ਹਲਕੇ ਵਿੱਚ ਆਯੋਜਿਤ ਸ਼ਾਨਦਾਰ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਇੱਥੇ ਵੱਡੀ ਗਿਣਤੀ ਵਿੱਚ ਆਏ ਨਾਗਰਿਕਾਂ ਨੇ ਮੋਦੀ ਸਰਕਾਰ ਦੀਆਂ ਨੀਤੀਆਂ ਵਿੱਚ ਲਗਾਤਾਰ ਵੱਧ ਰਹੇ ਵਿਸ਼ਵਾਸ ਨੂੰ ਸਾਬਤ ਕੀਤਾ ਹੈ। ਕੇਂਦਰੀ ਮੰਤਰੀ ਨੇ ਲਾਭਪਾਤਰੀਆਂ ਨੂੰ ਕਾਰਡ ਵੰਡਣ ਦੇ ਨਾਲ-ਨਾਲ ਸਥਾਨਕ ਲੋਕਾਂ ਨਾਲ ਵੀ ਗੱਲਬਾਤ ਕੀਤੀ। ਸ਼ੇਖਾਵਤ ਨੇ ਕਿਹਾ ਕਿ ਮੋਦੀ ਸਰਕਾਰ ਨੂੰ ਹਰ ਕੋਈ 100 ‘ਚੋਂ 100 ਨੰਬਰ ਦਿੰਦਾ ਹੈ। ਇਸ ਦੌਰਾਨ ਪ੍ਰਦੇਸ਼ ਭਾਜਪਾ ਦੇ ਅਹੁਦੇਦਾਰ ਅਤੇ ਵਰਕਰ ਹਾਜ਼ਰ ਰਹੇ।
ਸ਼ੇਖਾਵਤ ਨੇ ਲੋਕ ਸਭਾ ਪ੍ਰਵਾਸ ਸਕੀਮ ਤਹਿਤ ਬਠਿੰਡਾ ਲੋਕ ਸਭਾ ਹਲਕੇ ਦੀ ਬੌਧਿਕ ਮੀਟਿੰਗ ਵਿੱਚ ਮੋਦੀ ਸਰਕਾਰ ਦੇ ਕੰਮਕਾਜ ਸਬੰਧੀ ਬੁੱਧੀਜੀਵੀਆਂ ਦੀ ਰਾਏ ਜਾਣੀ। ਉਨ੍ਹਾਂ ਨਾਲ ਮੋਦੀ ਜੀ ਦੇ ਵਿਕਸਤ ਭਾਰਤ ਬਣਾਉਣ ਦੇ ਵਿਜ਼ਨ ਨੂੰ ਸਾਂਝਾ ਕਰਕੇ ਯੋਗਦਾਨ ਪਾਉਣ ਦੀ ਬੇਨਤੀ ਕੀਤੀ। ਸ਼ੇਖਾਵਤ ਨੇ ਕਿਹਾ ਕਿ ਬੁੱਧੀਜੀਵੀ ਵਰਗ ਤੋਂ ਪ੍ਰਸ਼ੰਸਾ ਮਿਲਣ ਨਾਲ ਆਤਮ-ਵਿਸ਼ਵਾਸ ਵਧਦਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
