ਨਵੀਂ ਦਿੱਲੀ, 16 ਜਨਵਰੀ (ਹਿ.ਸ.)। ਰਾਮ ਮੰਦਰ ਦੀ ਪ੍ਰਾਣ ਪ੍ਰਤਿਸ਼ਠਾ ਤੋਂ ਪਹਿਲਾਂ ਆਮ ਆਦਮੀ ਪਾਰਟੀ ਮੰਗਲਵਾਰ ਨੂੰ ਦਿੱਲੀ ਦੀ ਹਰ ਵਿਧਾਨ ਸਭਾ ‘ਚ ਸੁੰਦਰਕਾਂਡ ਪਾਠ ਕਰਵਾਉਣ ਜਾ ਰਹੀ ਹੈ। ਇਸ ‘ਤੇ ਪ੍ਰਤੀਕਿਰਿਆ ਦਿੰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਦਿੱਲੀ ਸਰਕਾਰ ਨੇ ਇੱਥੋਂ ਦੇ ਪੁਜਾਰੀਆਂ ਦੀ ਅਣਦੇਖੀ ਕੀਤੀ ਹੈ।
ਉਨ੍ਹਾਂ ਕਿਹਾ ਕਿ ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਕਿਹਾ ਕਰਦੀ ਸੀ ਕਿ ਭ੍ਰਿਸ਼ਟਾਚਾਰ ਮੁਕਤ ਸ਼ਾਸਨ ਹੋਵੇਗਾ ਪਰ ਇਹ ਭ੍ਰਿਸ਼ਟਾਚਾਰ ਦੀ ਦਲਦਲ ਵਿੱਚ ਫਸੀ ਹੋਈ ਹੈ। ਇਸ ਪਾਰਟੀ ਦੇ ਆਗੂ ਕਹਿੰਦੇ ਕੁੱਝ ਹੋਰ ਅਤੇ ਕਰਦੇ ਕੁੱਝ ਹੋਰ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਦਿੱਲੀ ਦੇ ਪੁਜਾਰੀਆਂ ਨੂੰ ਕੁਝ ਨਹੀਂ ਦਿੱਤਾ ਜਦਕਿ ਦੂਜਿਆਂ ਨੂੰ ਦੇਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ।
ਆਮ ਆਦਮੀ ਪਾਰਟੀ ‘ਤੇ ਹਮਲਾ ਕਰਦੇ ਹੋਏ ਅਨੁਰਾਗ ਠਾਕੁਰ ਨੇ ਕਿਹਾ ਕਿ ਸਾਬਕਾ ਉਪ ਮੁੱਖ ਮੰਤਰੀ ਅਤੇ ਸੰਸਦ ਮੈਂਬਰ ਭ੍ਰਿਸ਼ਟਾਚਾਰ ਦੇ ਦੋਸ਼ਾਂ ‘ਚ ਜੇਲ ‘ਚ ਹਨ ਅਤੇ ਮੁੱਖ ਮੰਤਰੀ ਨੂੰ ਈਡੀ ਨੇ ਚਾਰ ਵਾਰ ਸੰਮਨ ਭੇਜੇ ਹਨ, ਜੋ ਇਕ ਵਾਰ ਵੀ ਪੇਸ਼ ਨਹੀਂ ਹੋਏ। ਅਨੁਰਾਗ ਠਾਕੁਰ ਨੇ ਸਵਾਲੀਆ ਲਹਿਜੇ ਵਿੱਚ ਕਿਹਾ ਕਿ ਕਿਹੜੀ ਮਜਬੂਰੀ ਹੈ ਕਿ ਮੁੱਖ ਮੰਤਰੀ ਨੇ ਈਡੀ ਤੋਂ ਦੂਰੀ ਬਣਾ ਰੱਖੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
