ਲੁਧਿਆਣਾ, 22 ਜਨਵਰੀ (ਹਿ. ਸ.)। ਪਿਛਲੇ ਲੰਮੇ ਸਮੇਂ ਤੋਂ ਮੰਗਾਂ ਨੂੰ ਲੈ ਕੇ ਸੰਘਰਸ਼ ਕਰ ਰਹੇ ਅਧਿਆਪਕ ਅੱਜ ਲੁਧਿਆਣਾ ਵਿਖੇ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। ਆਪਣੀਆਂ ਸੇਵਾਵਾਂ ਪੱਕੀਆਂ ਕਰਾਉਣ ਦੀ ਮੰਗ ਨੂੰ ਲੈ ਕੇ ਅਧਿਆਪਕ ਸੰਘਰਸ਼ ਕਰ ਰਹੇ ਹਨ। ਲੁਧਿਆਣਾ ਦੇ ਜਵਾਹਰ ਨਗਰ ਸਥਿਤ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਦੋ ਮਹਿਲਾ ਅਤੇ ਇਕ ਪੁਰਸ਼ ਅਧਿਆਪਕ ਪਾਣੀ ਵਾਲੀ ਟੈਂਕੀ ਉਤੇ ਚੜ੍ਹ ਗਏ। ਪ੍ਰਦਰਸ਼ਨਕਾਰੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਕਰਾਉਣ ਦੀ ਮੰਗ ਕਰ ਰਹੇ ਹਨ।
ਫਾਜ਼ਿਲਕਾ ਦੇ ਰਹਿਣ ਵਾਲੇ ਗੌਰਵ ਅਤੇ ਪੂਜਾ ਨੇ ਕਿਹਾ ਕਿ ਕੁਝ ਸਮਾਂ ਪਹਿਲਾਂ ਸਰਕਾਰ ਵੱਲੋਂ ਕੱਚੇ ਅਧਿਆਪਕਾਂ ਨੂੰ ਪੱਕਾ ਕੀਤਾ ਗਿਆ, ਪ੍ਰੰਤੂ 130 ਅਧਿਆਪਕ ਬਾਕੀ ਰਹਿ ਗਏ ਹਨ। ਜਿਨ੍ਹਾਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ। ਉਨ੍ਹਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਨਹੀਂ ਕਰਵਾਈ ਜਾ ਰਹੀ, ਜਿਸ ਕਾਰਨ ਅੱਜ ਟੈਂਕੀ ਉਤੇ ਚੜ੍ਹਨਾ ਪਿਆ। ਸੰਘਰਸ਼ਕਾਰੀ ਅਧਿਆਪਕਾਂ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਨਹੀਂ ਕਰਵਾਈ ਜਾਂਦੀ ਉਦੋਂ ਤੱਕ ਹੇਠਾਂ ਨਹੀਂ ਆਉਣਗੇ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
