ਲੁਧਿਆਣਾ, 29 ਜਨਵਰੀ (ਹਿ. ਸ.)। ਵਿਧਾਨ ਸਭਾ ਹਲਕਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਭੋਲਾ ਗਰੇਵਾਲ ਅਤੇ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਵੱਲੋਂ ਥਾਣਾ ਟਿੱਬਾ ਦੀ ਨਵੀਂ ਬਣਨ ਜਾ ਰਹੀ ਇਮਾਰਤ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਗਰੇਵਾਲ ਅਤੇ ਚੇਅਰਮੈਨ ਤਰਸੇਮ ਸਿੰਘ ਭਿੰਡਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਜਿੱਥੇ ਸੂਬੇ ਅੰਦਰ ਸਕੂਲਾਂ ਅਤੇ ਹਸਪਤਾਲਾਂ ਦੀਆਂ ਬਿਲਡਿੰਗਾਂ ਨੂੰ ਨਵੀਂ ਦਿੱਖ ਦਿੱਤੀ ਜਾ ਰਹੀ ਹੈ ਉਸੇ ਤਰ੍ਹਾਂ ਹੋਰ ਵਿਭਾਗਾਂ ਦੀਆਂ ਬਿਲਡਿੰਗਾਂ ਨੂੰ ਵੀ ਨਵੇਂ ਸਿਰੇ ਤੋਂ ਤਿਆਰ ਕੀਤਾ ਜਾ ਰਿਹਾ ਹੈ। ਇਸ ਮੌਕੇ ਥਾਣਾ ਟਿੱਬਾ ਦੇ ਐੱਸ. ਐੱਚ. ਓ. ਹਰਜਿੰਦਰ ਸਿੰਘ ਵੀ ਹਾਜ਼ਰ ਰਹੇ।
ਉਨ੍ਹਾਂ ਅੱਗੇ ਕਿਹਾ ਕਿ ਥਾਣਾ ਟਿੱਬਾ ਦੀ ਨਵੀਂ ਬਿਲਡਿੰਗ ਜੋ ਕਿ ਜਲਦ ਹੀ ਬਣ ਕੇ ਤਿਆਰ ਹੋ ਜਾਵੇਗੀ ਦਾ ਉਦਘਾਟਨ ਕੀਤਾ ਗਿਆ ਹੈ ਜਿਸ ‘ਤੇ ਕਰੀਬ 45 ਲੱਖ ਰੁਪਏ ਦੀ ਲਾਗਤ ਆਵੇਗੀ। ਉਨ੍ਹਾਂ ਪਿਛਲੀਆਂ ਸਰਕਾਰਾਂ ‘ਤੇ ਵਰ੍ਹਦਿਆਂ ਕਿਹਾ ਕਿ ਪਿਛਲੀਆਂ ਸਰਕਾਰਾਂ ਦੀ ਅਣਦੇਖੀ ਦਾ ਸ਼ਿਕਾਰ ਹੋਈਆਂ ਇਹ ਇਮਾਰਤਾਂ ਜੋ ਕਿ ਬਹੁਤ ਹੀ ਖਸਤਾ ਹਾਲਤ ਵਿੱਚ ਸਨ। ਉਨ੍ਹਾਂ ਕਿਹਾ ਕਿ ਥਾਣੇ ਦੀ ਇਹ ਬਿਲਡਿੰਗ ਦੇ ਮੁਕੰਮਲ ਹੋਣ ਨਾਲ ਜਿੱਥੇ ਡਿਊਟੀ ਕਰ ਰਹੇ ਮੁਲਾਜ਼ਮਾਂ ਨੂੰ ਰਹਿਣ ਸਹਿਣ ਅਤੇ ਜਨਤਾ ਨੂੰ ਸੇਵਾਵਾਂ ਮੁੱਹਈਆ ਕਰਵਾਉਣੀਆਂ ਸੌਖੀਆਂ ਹੋਣਗੀਆਂ ਉੱਥੇ, ਹਲਕਾ ਨਿਵਾਸੀਆਂ ਨੂੰ ਵੀ ਇਸ ਦਾ ਲਾਭ ਮਿਲੇਗਾ। ਵਿਧਾਇਕ ਗਰੇਵਾਲ ਅਤੇ ਚੇਅਰਮੈਨ ਭਿੰਡਰ ਨੇ ਕਿਹਾ ਕਿ ਨਗਰ ਸੁਧਾਰ ਟਰੱਸਟ ਦੇ ਕੋਟੇ ਵਿੱਚੋਂ ਬਣਨ ਜਾ ਰਹੀ ਇਸ ਬਿਲਡਿੰਗ ਵਿੱਚ ਹਰ ਤਰ੍ਹਾਂ ਦੀਆਂ ਸਹੂਲਤਾਂ ਵੀ ਉਪਲੱਬਧ ਕਰਵਾਈਆਂ ਜਾਣਗੀਆਂ।
