ਲੁਧਿਆਣਾ, 05 ਫਰਵਰੀ। ਨਗਰ ਨਿਗਮ ਅਤੇ ਸੋਸਾਇਟੀ ਫਾਰ ਕੰਜ਼ਰਵੇਸ਼ਨ ਐਂਡ ਹੀਲਿੰਗ ਆਫ ਐਨਵਾਇਰਮੈਂਟ (ਸੋਚ-ਐਨ.ਜੀ.ਓ) ਦੁਆਰਾ ਆਯੋਜਿਤ ਤੀਜਾ ਵਾਤਾਵਰਣ ਸੰਭਾਲ ਮੇਲਾ – 2024 ਆਉਣ ਵਾਲੀਆਂ ਪੀੜ੍ਹੀਆਂ ਲਈ ਹਵਾ, ਪਾਣੀ ਅਤੇ ਮਿੱਟੀ ਬਚਾਉਣ ਦੇ ਸੰਦੇਸ਼ ਨਾਲ ਐਤਵਾਰ ਨੂੰ ਨਹਿਰੂ ਰੋਜ਼ ਗਾਰਡਨ ਵਿਖੇ ਸਮਾਪਤ ਹੋਇਆ। ਦੋ ਰੋਜ਼ਾ ਮੇਲੇ ਦੇ ਆਖ਼ਰੀ ਦਿਨ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਦੇ ਚੇਅਰਮੈਨ ਪ੍ਰੋ.(ਡਾ.) ਆਦਰਸ਼ ਪਾਲ ਵਿਗ, ਪਦਮਸ੍ਰੀ ਡਾ. ਸੁਰਜੀਤ ਪਾਤਰ, ਨਗਰ ਨਿਗਮ ਜ਼ੋਨਲ ਕਮਿਸ਼ਨਰ ਜਸਦੇਵ ਸਿੰਘ ਸੇਖੋਂ ਸਮੇਤ ਮੇਲੇ ਵਿੱਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸਬੰਧਤ ਹੋਰ ਸ਼ਖ਼ਸੀਅਤਾਂ ਨੇ ਸ਼ਮੂਲੀਅਤ ਕੀਤੀ ਅਤੇ ਸ਼ਹਿਰ ਵਾਸੀਆਂ ਨੂੰ ਵਾਤਾਵਰਣ ਦੀ ਸੰਭਾਲ ਲਈ ਆਪਣਾ ਬਣਦਾ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਸਮਾਜ ਸੇਵੀ ਸੰਸਥਾ-ਸੋਚ ਦੇ ਸਰਪ੍ਰਸਤ ਬਾਬਾ ਗੁਰਮੀਤ ਸਿੰਘ, ਪ੍ਰਧਾਨ ਡਾ. ਬਲਵਿੰਦਰ ਸਿੰਘ ਲੱਖੇਵਾਲੀ ਅਤੇ ਸਕੱਤਰ ਡਾ. ਬ੍ਰਿਜ ਮੋਹਨ ਭਾਰਦਵਾਜ ਨੇ ਕਿਹਾ ਕਿ ਐਨ.ਜੀ.ਓ. ਦਾ ਉਦੇਸ਼ ਲੋਕਾਂ ਨੂੰ ਕੁਦਰਤੀ ਸੋਮਿਆਂ ਦੀ ਸੰਭਾਲ ਕਰਨ ਅਤੇ ਉਨ੍ਹਾਂ ਨੂੰ ਵਾਤਾਵਰਣ ਨਾਲ ਮੁੜ ਜੁੜਨ ਲਈ ਪ੍ਰੇਰਿਤ ਕਰਨਾ ਹੈ। ਇਨ੍ਹਾਂ ਲੀਹਾਂ ‘ਤੇ ਕੰਮ ਕਰਦੇ ਹੋਏ ਇਹ ਮੇਲਾ ਵੱਖ-ਵੱਖ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ, ਸਰਕਾਰੀ ਅਤੇ ਗੈਰ-ਸਰਕਾਰੀ ਸੰਸਥਾਵਾਂ ਅਤੇ ਪ੍ਰਾਈਵੇਟ ਕੰਪਨੀਆਂ ਦੇ ਸਹਿਯੋਗ ਨਾਲ ਲਗਾਇਆ ਗਿਆ, ਤਾਂ ਜੋ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਾਵਰਣ ਨੂੰ ਬਚਾਉਣ ਲਈ ਸਾਂਝੇ ਉਪਰਾਲੇ ਕਰ ਸਕੀਏ।
ਮੇਲੇ ਦੌਰਾਨ ਵੱਖ-ਵੱਖ ਸਕੂਲਾਂ, ਕਾਲਜਾਂ, ਯੂਨੀਵਰਸਿਟੀਆਂ ਅਤੇ ਸਮਾਜਿਕ ਸੰਸਥਾਵਾਂ ਵੱਲੋਂ ਸਾਇੰਸ ਮਾਡਲ ਲਗਾਏ ਗਏ। ਇਸੇ ਤਰ੍ਹਾਂ ਸੱਭਿਆਚਾਰਕ ਪ੍ਰੋਗਰਾਮਾਂ ਰਾਹੀਂ ਵੀ ਜਾਗਰੂਕਤਾ ਫੈਲਾਉਣ ਦੇ ਉਪਰਾਲੇ ਕੀਤੇ ਗਏ। ਵਰਮੀ ਕੰਪੋਸਟ, ਬੋਨਸਾਈ ਆਦਿ ‘ਤੇ ਲਾਈਵ ਵਰਕਸ਼ਾਪ ਵੀ ਲਗਾਈ ਗਈ, ਜਿਸ ਨਾਲ ਲੋਕਾਂ ਨੂੰ ਵਾਤਾਵਰਣ ਨਾਲ ਸਬੰਧਤ ਚੁਣੌਤੀਆਂ ਦੇ ਹੱਲ ਲਈ ਕੁਝ ਵਿਕਲਪ ਮਿਲੇ। ਮੇਲੇ ਦੌਰਾਨ ਲਗਾਏ ਗਏ ਵੱਖ-ਵੱਖ ਸਟਾਲਾਂ, ਖਾਸ ਤੌਰ ‘ਤੇ ਪਰਾਲੀ ਦੇ ਪ੍ਰਬੰਧਨ ਅਤੇ ਪਲਾਸਟਿਕ ਦੇ ਵਿਕਲਪਾਂ ਬਾਰੇ, ਨੇ ਵੀ ਭਾਗੀਦਾਰਾਂ ਨੂੰ ਪ੍ਰੇਰਿਤ ਕੀਤਾ। ਇਹ ਉਨ੍ਹਾਂ ਲੋਕਾਂ ਲਈ ਵੀ ਲਾਹੇਵੰਦ ਹੈ ਜੋ ਵਾਤਾਵਰਨ ਦੀ ਸੰਭਾਲ ਦੇ ਨਾਲ-ਨਾਲ ਰੁਜ਼ਗਾਰ ਦੇ ਮੌਕੇ ਵੀ ਲੱਭ ਰਹੇ ਹਨ।
ਇਸ ਮੌਕੇ ਵਾਤਾਵਰਨ ਦੀ ਸੰਭਾਲ ਵਿੱਚ ਯੋਗਦਾਨ ਪਾਉਣ ਵਾਲੀਆਂ ਵੱਖ-ਵੱਖ ਸੰਸਥਾਵਾਂ, ਗ੍ਰਾਮ ਪੰਚਾਇਤਾਂ ਆਦਿ ਨੂੰ ਕਰੀਬ 5 ਲੱਖ ਰੁਪਏ ਦੇ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ।
