ਨਵੀਂ ਦਿੱਲੀ, 21 ਫਰਵਰੀ । ਕੇਂਦਰੀ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਅਰਜੁਨ ਮੁੰਡਾ ਨੇ ਕਿਸਾਨਾਂ ਨੂੰ ਪੰਜਵੇਂ ਦੌਰ ਦੀ ਗੱਲਬਾਤ ਲਈ ਅੱਗੇ ਆਉਣ ਦੀ ਅਪੀਲ ਕੀਤੀ ਹੈ। ਇੱਕ ਬਿਆਨ ਵਿੱਚ, ਮੰਤਰੀ ਨੇ ਕਿਹਾ ਕਿ ਸਰਕਾਰ ਇਸ ਮਾਮਲੇ ਦਾ ਹੱਲ ਚਾਹੁੰਦੀ ਹੈ। ਉਨ੍ਹਾਂ ਕਿਸਾਨਾਂ ਨੂੰ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ।
ਮੁੰਡਾ ਨੇ ਬੁੱਧਵਾਰ ਨੂੰ ਇਕ ਬਿਆਨ ‘ਚ ਕਿਹਾ ਕਿ ਸਰਕਾਰ ਚੌਥੇ ਦੌਰ ਤੋਂ ਬਾਅਦ ਪੰਜਵੇਂ ਦੌਰ ਦੀ ਗੱਲਬਾਤ ‘ਚ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.), ਫਸਲੀ ਵਿਭਿੰਨਤਾ, ਪਰਾਲੀ ਦਾ ਮੁੱਦਾ, ਐੱਫ.ਆਈ.ਆਰ. ਵਰਗੇ ਸਾਰੇ ਮੁੱਦਿਆਂ ‘ਤੇ ਚਰਚਾ ਕਰਨ ਲਈ ਤਿਆਰ ਹੈ। ਗੱਲਬਾਤ ਰਾਹੀਂ ਹੀ ਹੱਲ ਲੱਭਿਆ ਜਾ ਸਕਦਾ ਹੈ। ਉਨ੍ਹਾਂ ਕਿਸਾਨ ਆਗੂਆਂ ਨੂੰ ਮੁੜ ਵਿਚਾਰ ਵਟਾਂਦਰੇ ਲਈ ਸੱਦਾ ਦਿੱਤਾ ਹੈ।
ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਅਤੇ ਕਿਸਾਨਾਂ ਵਿਚਾਲੇ ਚੌਥੇ ਦੌਰ ਦੀ ਗੱਲਬਾਤ ਵੀ ਅਸਫਲ ਰਹੀ ਹੈ। ਕਿਸਾਨ ਜਥੇਬੰਦੀਆਂ ਨੇ ਸਰਕਾਰ ਵੱਲੋਂ ਦਿੱਤੀਆਂ ਤਜਵੀਜ਼ਾਂ ਨੂੰ ਮੰਨਣ ਤੋਂ ਇਨਕਾਰ ਕਰਦਿਆਂ ਸੰਘਰਸ਼ ਤੇਜ਼ ਕਰਨ ਦੀ ਧਮਕੀ ਦਿੱਤੀ ਹੈ। ਪ੍ਰਦਰਸ਼ਨ ਕਰ ਰਹੇ ਪੰਜਾਬ ਦੇ ਕਿਸਾਨ ਧੜੇ ਨੂੰ ਸੰਯੁਕਤ ਕਿਸਾਨ ਮੋਰਚਾ ਦਾ ਵੀ ਸਮਰਥਨ ਮਿਲਿਆ ਹੈ। ਕਿਸਾਨ ਜਥੇਬੰਦੀਆਂ ਘੱਟੋ-ਘੱਟ ਸਮਰਥਨ ਮੁੱਲ ਦੇ ਮੁੱਦੇ ‘ਤੇ ਕੋਈ ਸਮਝੌਤਾ ਨਹੀਂ ਕਰਨਾ ਚਾਹੁੰਦੀਆਂ ਹਨ।
