ਨਵੀਂ ਦਿੱਲੀ, 29 ਅਪ੍ਰੈਲ । ਭ੍ਰਿਸ਼ਟਾਚਾਰ ਦੇ ਵੱਖ-ਵੱਖ ਦੋਸ਼ਾਂ ਦੇ ਮਾਮਲਿਆਂ ’ਚ ਕੁੱਝ ਮਹੀਨਾਂ ਪਹਿਲਾਂ ਜੇਲ੍ਹ ਦੀਆਂ ਸਲਾਖਾਂ ਪਿੱਛੇ ਗਏ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਝਾਰਖੰਡ ਦੇ ਸਾਬਕਾ ਮੁੱਖ ਮੰਤਰੀ ਹੇਮੰਤ ਸੋਰੇਨ ਲਈ ਅੱਜ ਦਾ ਦਿਨ ਮਹੱਤਵਪੂਰਨ ਹੈ। ਸੁਪਰੀਮ ਕੋਰਟ ‘ਚ ਅੱਜ ਦੋਵਾਂ ਦੀ ਗ੍ਰਿਫਤਾਰੀ ‘ਤੇ ਸੁਣਵਾਈ ਹੋਣੀ ਹੈ।
ਜਸਟਿਸ ਸੰਜੀਵ ਖੰਨਾ ਦੀ ਅਗਵਾਈ ਵਾਲੀ ਬੈਂਚ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀਆਂ ਪਟੀਸ਼ਨਾਂ ‘ਤੇ ਸੁਣਵਾਈ ਕਰੇਗਾ। ਕੇਜਰੀਵਾਲ ਨੇ ਦਿੱਲੀ ਆਬਕਾਰੀ ਘੁਟਾਲੇ ਮਾਮਲੇ ‘ਚ ਈਡੀ ਵੱਲੋਂ ਕੀਤੀ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦਿੱਤੀ ਹੈ। ਸੋਰੇਨ ਨੇ ਕਿਹਾ ਹੈ ਕਿ ਝਾਰਖੰਡ ਹਾਈਕੋਰਟ ਉਨ੍ਹਾਂ ਦੀ ਗ੍ਰਿਫਤਾਰੀ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਫੈਸਲਾ ਸੁਣਾਉਣ ‘ਚ ਦੇਰੀ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਅਤੇ ਹੇਮੰਤ ਸੋਰੇਨ ਨੂੰ 31 ਜਨਵਰੀ ਨੂੰ ਗ੍ਰਿਫਤਾਰ ਕੀਤਾ ਸੀ।
