ਗੁਰਦਾਸਪੁਰ, 25 ਸਤੰਬਰ (ਹਿ. ਸ.)। ਪਠਾਨਕੋਟ ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਸਥਿਤ ਪਿੰਡ ਸੌਹਲ ਨੇੜੇ ਕਾਰ ਅਤੇ ਮੋਟਰਸਾਈਕਲ ਵਿਚਕਾਰ ਹੋਈ ਜ਼ਬਰਦਸਤ ਟੱਕਰ ’ਚ ਮੋਟਰਸਾਈਕਲ ਸਵਾਰ ਦੋ ਨੌਜਵਾਨ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਐਂਬੂਲੈਂਸ ਦੀ ਮਦਦ ਨਾਲ ਇਲਾਜ ਲਈ ਗੁਰਦਾਸਪੁਰ ਦੇ ਸਿਵਲ ਹਸਪਤਾਲ ਭੇਜ ਦਿੱਤਾ ਗਿਆ ਹੈ। ਟੱਕਰ ਕਾਰਨ ਕਾਰ ਵੀ ਡਿਵਾਇਡਡ ਨਾਲ ਟਕਰਾ ਕੇ ਪਲਟ ਗਈ ਅਤੇ ਕਾਰ ‘ਚ ਸਵਾਰ ਪਤੀ-ਪਤਨੀ ਨੂੰ ਵੀ ਸੱਟਾਂ ਲੱਗੀਆਂ, ਜਦਕਿ ਮੌਕੇ ‘ਤੇ ਪਹੁੰਚੇ ਪੁਲਿਸ ਮੁਲਾਜ਼ਮਾਂ ਨੇ ਦੋਵਾਂ ਗਡੀਆਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਜਾਣਕਾਰੀ ਦਿੰਦੇ ਹੋਏ ਕਾਰ ਚਾਲਕ ਨੌਜਵਾਨ ਤਰੁਣ ਸ਼ਰਮਾ ਅਤੇ ਜ਼ਖ਼ਮੀ ਨੌਜਵਾਨਾਂ ਵਿੱਚੋਂ ਇੱਕ ਦੀ ਮਾਤਾ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਦਾ ਰਹਿਣ ਵਾਲਾ ਹੈ ਅਤੇ ਅੱਜ ਜਦੋਂ ਉਹ ਆਪਣੀ ਪਤਨੀ ਨਾਲ ਡਲਹੌਜ਼ੀ ਤੋਂ ਵਾਪਿਸ ਆ ਰਿਹਾ ਸੀ। ਜਦੋਂ ਉਹ ਪਿੰਡ ਸੋਹਲ ਨੇੜੇ ਪਹੁੰਚਿਆ ਤਾਂ ਅਚਾਨਕ ਪਿੰਡ ਤੋਂ ਆਉਂਦੇ ਰਸਤੇ ਤੋਂ ਅਚਾਨਕ ਦੋ ਮੋਟਰਸਾਈਕਲ ਸਵਾਰ ਕਾਰ ਦੇ ਸਾਹਮਣੇ ਆ ਗਏ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ਅਤੇ ਕਾਰ ਦਾ ਸੰਤੁਲਨ ਵਿਗੜਨ ਕਾਰਨ ਕਾਰ ਫੁੱਟਪਾਥ ਨਾਲ ਟਕਰਾ ਕੇ ਪਲਟ ਗਈ ਜਦਕਿ ਮੋਟਰਸਾਈਕਲ ਸਵਾਰ ਨੌਜਵਾਨ ਜ਼ਖਮੀ ਹੋ ਗਏ ਹਨ। ਜਿਸ ਤੋਂ ਬਾਅਦ ਉਥੇ ਖੜ੍ਹੇ ਰਾਹਗੀਰਾਂ ਵਲੋਂ ਤੁਰੰਤ ਐਂਬੂਲੈਂਸ ਬੁਲਾਈ ਗਈ, ਜਿਸ ਦੀ ਮਦਦ ਨਾਲ ਉਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਭੇਜਿਆ ਗਿਆ ਹੈ ਅਤੇ ਉਸ ਦੀ ਕਾਰ ਦਾ ਵੀ ਕਾਫੀ ਨੁਕਸਾਨ ਹੋਇਆ ਹੈ।
ਪੁਲਿਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਦੋਵਾਂ ਵਾਹਨਾਂ ਨੂੰ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੌਕੇ ਤੇ ਪਹੁੰਚੇ ਅਧਿਕਾਰੀ ਨੇ ਦੱਸਿਆ ਕਿ ਜ਼ਖਮੀ ਨੌਜਵਾਨਾਂ ਦੀ ਪਹਿਚਾਣ ਰਾਣਾ ਪੁੱਤਰ ਹਰਜੀਤ ਅਤੇ ਸ਼ੀਲਾ ਪੁੱਤਰ ਕਾਲਾ ਵਾਸੀ ਪਿੰਡ ਸੋਹਲ ਵਜੋਂ ਹੋਈ ਹੈ, ਜਿਨ੍ਹਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਭੇਜ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਹਿੰਦੂਸਥਾਨ ਸਮਾਚਾਰ/ਦਵਿੰਦਰ/ਸੰਜੀਵ
