ਜਲੰਧਰ, 25 ਸਤੰਬਰ (ਹਿ. ਸ.)
ਪੰਜਾਬ ਦੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਵੱਲੋਂ ਸੋਮਵਾਰ ਨੂੰ ਸਬ ਡਵੀਜ਼ਨ ਸ਼ਾਹਕੋਟ ਵਿਖੇ ਕਰੀਬ 1.21 ਕਰੋੜ ਰੁਪਏ ਦੀ ਲਾਗਤ ਨਾਲ ਕਰਵਾਏ ਜਾਣ ਵਾਲੇ ਵਿਕਾਸ ਕਾਰਜਾਂ ਦੇ ਨੀਂਹ ਪੱਥਰ ਰੱਖੇ ਗਏ, ਜਿਨ੍ਹਾਂ ਵਿੱਚ ਬੱਸ ਸਟੈਂਡ ਵਿਖੇ 64.63 ਲੱਖ ਰੁਪਏ ਦੀ ਲਾਗਤ ਨਾਲ ਫਾਇਰ ਬ੍ਰਿਗੇਡ ਸਟੇਸ਼ਨ ਦੇ ਦਫ਼ਤਰ ਦੀ ਉਸਾਰੀ ਅਤੇ 57.02 ਲੱਖ ਰੁਪਏ ਦੀ ਲਾਗਤ ਨਾਲ ਮੋਗਾ ਰੋਡ ’ਤੇ ਕਮਿਊਨਿਟੀ ਸੈਂਟਰ ਦਾ ਨਿਰਮਾਣ ਸ਼ਾਮਲ ਹੈ। ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਜੰਗੀ ਪੱਧਰ ’ਤੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਇਸ ਦਿਸ਼ਾ ਵਿੱਚ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਸਟੇਸ਼ਨ ਸ਼ਾਹਕੋਟ ਤੋਂ ਇਲਾਵਾ ਆਲੇ-ਦੁਆਲੇ ਦੇ ਇਲਾਕਿਆਂ ਲਈ ਵੀ ਲਾਹੇਵੰਦ ਸਾਬਿਤ ਹੋਵੇਗਾ, ਜਿਸ ਦੇ ਬਣਨ ਨਾਲ ਅਣਸੁਖਾਵੀਂ ਘਟਨਾ ਵਾਪਰਣ ਦੀ ਸੂਰਤ ਵਿੱਚ ਉਸ ’ਤੇ ਤੁਰੰਤ ਕਾਬੂ ਪਾਉਣ ਵਿੱਚ ਮਦਦ ਮਿਲੇਗੀ। ਉਨ੍ਹਾਂ ਕਿਹਾ ਕਿ ਕਮਿਊਨਿਟੀ ਹਾਲ ਦੀ ਉਸਾਰੀ ਹੋਣ ਨਾਲ ਇਲਾਕੇ ਦੇ ਆਰਥਿਕ ਪੱਖੋਂ ਕਮਜ਼ੋਰ ਲੋਕਾਂ ਨੂੰ ਲਾਭ ਮਿਲੇਗਾ, ਜੋ ਕਿ ਆਪਣੇ ਧਾਰਮਿਕ-ਸਮਾਜਿਕ ਪ੍ਰੋਗਰਾਮ ਘੱਟ ਖਰਚੇ ਵਿੱਚ ਕਰਵਾ ਸਕਣਗੇ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਸੂਬੇ ਦੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਿਕਾਸ ਕਾਰਜ ਕਰਵਾਉਣ ਲਈ ਸਰਕਾਰ ਪਾਸ ਫੰਡਜ਼ ਦੀ ਕੋਈ ਕਮੀ ਨਹੀਂ ਹੈ ਅਤੇ ਸੂਬੇ ਦਾ ਕੋਈ ਵੀ ਖੇਤਰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਕੰਮ ਕਰਦੇ ਹੋਏ ਹਰ ਵਰਗ ਦੀ ਭਲਾਈ ਲਈ ਕ੍ਰਾਂਤੀਕਾਰੀ ਫੈਸਲੇ ਲਏ ਹਨ, ਜਿਨ੍ਹਾਂ ਵਿੱਚ 600 ਯੂਨਿਟ ਬਿਜਲੀ ਮੁਆਫੀ, ਲੋਕਾਂ ਨੂੰ ਉਨ੍ਹਾਂ ਦੀਆਂ ਬਰੂਹਾਂ ’ਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਆਮ ਆਦਮੀ ਕਲੀਨਿਕਾਂ ਦੀ ਸ਼ੁਰੂਆਤ, ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ, ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਦੇਣ ਲਈ ਸਕੂਲ ਆਫ ਐਮੀਨੈਂਸ ਦਾ ਆਗਾਜ਼ ਆਦਿ ਪਹਿਲਕਦਮੀਆਂ ਸ਼ਾਮਲ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਦੋਵੇਂ ਪ੍ਰਾਜੈਕਟ ਲਗਭਗ ਤਿੰਨ ਮਹੀਨਿਆਂ ਦੇ ਅੰਦਰ ਮੁਕੰਮਲ ਹੋ ਜਾਣਗੇ। ਇਸ ਦੌਰਾਨ ਉਨ੍ਹਾਂ ਮੌਕੇ ’ਤੇ ਮੌਜੂਦ ਅਧਿਕਾਰੀਆਂ ਨੂੰ ਗੁਣਵੱਤਾ ਦਾ ਪੂਰਾ ਧਿਆਨ ਰੱਖਦੇ ਹੋਏ ਵਿਕਾਸ ਪ੍ਰਾਜੈਕਟਾਂ ਨੂੰ ਨਿਰਧਾਰਤ ਸਮੇਂ ਦੇ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਵੀ ਦਿੱਤੀਆਂ ਤਾਂ ਜੋ ਇਹ ਵਿਕਾਸ ਪ੍ਰਾਜੈਕਟ ਸਮੇਂ ਸਿਰ ਲੋਕਾਂ ਨੂੰ ਸਮਰਪਿਤ ਕੀਤੇ ਜਾ ਸਕਣ। ਇਸ ਮੌਕੇ ਆਪ ਆਗੂ ਰਤਨ ਸਿੰਘ ਕਾਕੜ ਕਲਾਂ ਨੇ ਸ਼ਾਹਕੋਟ ਇਲਾਕੇ ਵਿੱਚ ਇਨ੍ਹਾਂ ਅਹਿਮ ਪ੍ਰਾਜੈਕਟਾਂ ਦੀ ਸ਼ੁਰੂਆਤ ਕਰਵਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਬਲਕਾਰ ਸਿੰਘ ਦਾ ਧੰਨਵਾਦ ਵੀ ਕੀਤਾ।
ਹਿੰਦੂਸਥਾਨ ਸਮਾਚਾਰ/ ਅਸ਼ਵਨੀ ਠਾਕੁਰ/ਸੰਜੀਵ
