ਟੋਰਾਂਟੋ, 26 ਸਤੰਬਰ (ਹਿ.ਸ.)। ਕੈਨੇਡਾ ਨੇ ਭਾਰਤ ਵਿੱਚ ਆਪਣੇ ਨਾਗਰਿਕਾਂ ਲਈ ਨਵੀਂ ਯਾਤਰਾ ਐਡਵਾਈਜ਼ਾਰੀ ਜਾਰੀ ਕਰਕੇ ਉਨ੍ਹਾਂ ਨੂੰ ਹਾਲ ਹੀ ਦੇ ਘਟਨਾਕ੍ਰਮ ਦੇ ਮੱਦੇਨਜ਼ਰ ‘ਸੁਚੇਤ ਰਹਿਣ ਅਤੇ ਸਾਵਧਾਨੀ ਵਰਤਣ ਲਈ ਕਿਹਾ ਹੈ, ਕਿਉਂਕਿ ਸੋਸ਼ਲ ਮੀਡੀਆ ’ਤੇ ਕੈਨੇਡਾ ਦੇ ਖਿਲਾਫ ਵਿਰੋਧ ਪ੍ਰਦਰਸ਼ਨ ਅਤੇ ਕੁਝ ’ਨਕਾਰਾਤਮਕ ਭਾਵਨਾਵਾਂ ਜਾਰੀ ਹਨ।
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ਵਿੱਚ 45 ਸਾਲਾ ਖਾਲਿਸਤਾਨੀ ਵੱਖਵਾਦੀ ਆਗੂ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤੀ ਜਾਸੂਸਾਂ ਦੀ ‘ਸੰਭਵ’ ਸ਼ਮੂਲੀਅਤ ਬਾਰੇ ਗੰਭੀਰ ਦੋਸ਼ ਲਾਏ ਜਾਣ ਤੋਂ ਬਾਅਦ ਭਾਰਤ ਅਤੇ ਕੈਨੇਡਾ ਦਰਮਿਆਨ ਤਣਾਅ ਵਧ ਗਿਆ ਹੈ। ਭਾਰਤ ਨੇ 2020 ਵਿੱਚ ਨਿੱਝਰ ਨੂੰ ਅੱਤਵਾਦੀ ਘੋਸ਼ਿਤ ਕੀਤਾ ਸੀ।
ਭਾਰਤ ਨੇ ਦੋਸ਼ਾਂ ਨੂੰ ‘ਬੇਬੁਨਿਆਦ’ ਅਤੇ ਬੁਰੀ ਭਾਰਨਾ ਤੋਂ ਪ੍ਰੇਰਿਤ’ ਕਹਿ ਕੇ ਰੱਦ ਕਰ ਦਿੱਤਾ ਅਤੇ ਮਾਮਲੇ ’ਤੇ ਇਕ ਭਾਰਤੀ ਡਿਪਲੋਮੈਟ ਨੂੰ ਕੱਢੇ ਜਾਣ ਦਾ ਬਦਲਾ ਲੈਣ ਲਈ ਇਕ ਸੀਨੀਅਰ ਕੈਨੇਡੀਅਨ ਡਿਪਲੋਮੈਟ ਨੂੰ ਕੱਢ ਦਿੱਤਾ।
ਕੈਨੇਡੀਅਨ ਸਰਕਾਰ ਨੇ ਐਤਵਾਰ ਨੂੰ ਇੱਕ ਅਪਡੇਟ ਵਿੱਚ ਕਿਹਾ, ‘‘ਕੈਨੇਡਾ ਅਤੇ ਭਾਰਤ ਵਿੱਚ ਹਾਲ ਹੀ ਦੇ ਘਟਨਾਕ੍ਰਮ ਦੇ ਸੰਦਰਭ ਵਿੱਚ, ਵਿਰੋਧ ਪ੍ਰਦਰਸ਼ਨ ਦੇ ਸੱਦੇ ਅਤੇ ਸੋਸ਼ਲ ਮੀਡੀਆ ’ਤੇ ਕੈਨੇਡਾ ਪ੍ਰਤੀ ਕੁਝ ਨਕਾਰਾਤਮਕ ਭਾਵਨਾਵਾਂ ਹਨ। ਕਿਰਪਾ ਕਰਕੇ ਸੁਚੇਤ ਰਹੋ ਅਤੇ ਸਾਵਧਾਨੀ ਵਰਤੋ।’’ ਗਲੋਬਲ ਨਿਊਜ਼ ਦੀ ਰਿਪੋਰਟ ਦੇ ਅਨੁਸਾਰ, ਇਹ ਫੈਸਲਾ ਭਾਰਤ ਵੱਲੋਂ ਕੈਨੇਡਾ ਵਿੱਚ ਰਹਿ ਰਹੇ ਭਾਰਤੀ ਨਾਗਰਿਕਾਂ ਅਤੇ ਵਿਦਿਆਰਥੀਆਂ ਲਈ ਇਸੇ ਤਰ੍ਹਾਂ ਦੀ ਐਡਵਾਈਜ਼ਰੀ ਜਾਰੀ ਕਰਨ ਅਤੇ ਵੀਜ਼ਾ ਸੇਵਾਵਾਂ ਨੂੰ ਪਿਛਲੇ ਹਫਤੇ ਦੇ ਅਖੀਰ ਵਿੱਚ ਰੋਕਣ ਤੋਂ ਬਾਅਦ ਆਇਆ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
