ਨਵੀਂ ਦਿੱਲੀ, 10 ਨਵੰਬਰ (ਹਿ.ਸ.)। ਇਨਫੋਰਸਮੈਂਟ ਡਾਇਰੈਕਟੋਰੇਟ ਨੇ ਸ਼ੁੱਕਰਵਾਰ ਨੂੰ ਹੀਰੋ ਮੋਟੋਕਾਰਪ ਦੇ ਕਾਰਜਕਾਰੀ ਚੇਅਰਮੈਨ ਪਵਨ ਕਾਂਤ ਮੁੰਜਾਲ ਦੀ 24.95 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ। ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਜਾਂਚ ਦੇ ਹਿੱਸੇ ਵਜੋਂ ਮੁੰਜਾਲ ਦੀ ਜਾਇਦਾਦ ਜ਼ਬਤ ਕੀਤੀ ਹੈ।
ਕੇਂਦਰੀ ਜਾਂਚ ਏਜੰਸੀ ਨੇ ਇੱਕ ਬਿਆਨ ਵਿੱਚ ਕਿਹਾ ਕਿ ਨਵੀਂ ਦਿੱਲੀ ਸਥਿਤ ਪਵਨ ਕਾਂਤ ਮੁੰਜਾਲ ਦੀਆਂ ਤਿੰਨ ਅਚੱਲ ਜਾਇਦਾਦਾਂ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) 2002 ਦੇ ਪ੍ਰਬੰਧਾਂ ਦੇ ਤਹਿਤ ਅਸਥਾਈ ਤੌਰ ‘ਤੇ ਜ਼ਬਤ ਕੀਤਾ ਗਿਆ ਹੈ। ਏਜੰਸੀ ਨੇ ਕਿਹਾ ਕਿ ਹੀਰੋ ਮੋਟੋਕਾਰਪ ਲਿਮਟਿਡ ਦੇ ਸੀਐਮਡੀ (ਚੇਅਰਪਰਸਨ ਅਤੇ ਪ੍ਰਬੰਧ ਨਿਰਦੇਸ਼ਕ) ਪਵਨ ਕਾਂਤ ਮੁੰਜਾਲ ਦੀ ਕੁੱਲ 24.95 ਕਰੋੜ ਰੁਪਏ ਦੀ ਜਾਇਦਾਦ ਜ਼ਬਤ ਕੀਤੀ ਗਈ ਹੈ।
ਜ਼ਿਕਰਯੋਗ ਹੈ ਕਿ ਈਡੀ ਨੇ ਅਗਸਤ ਵਿੱਚ ਪਵਨ ਕਾਂਤ ਮੁੰਜਾਲ ਅਤੇ ਉਨ੍ਹਾਂ ਦੀਆਂ ਕੰਪਨੀਆਂ ਖ਼ਿਲਾਫ਼ ਪੀਐਮਐਲਏ 2002 ਦੇ ਤਹਿਤ ਕੇਸ ਦਰਜ ਕਰਨ ਤੋਂ ਬਾਅਦ ਛਾਪੇਮਾਰੀ ਕੀਤੀ ਸੀ। ਈਡੀ ਨੇ ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਦੁਆਰਾ ਚਾਰਜਸ਼ੀਟ ਦਾ ਨੋਟਿਸ ਲੈਣ ਤੋਂ ਬਾਅਦ ਇਹ ਕੇਸ ਦਾਇਰ ਕੀਤਾ ਸੀ, ਜਿਸ ਵਿੱਚ ਉਨ੍ਹਾਂ ‘ਤੇ ਗੈਰ-ਕਾਨੂੰਨੀ ਢੰਗ ਨਾਲ ਭਾਰਤ ਤੋਂ ਵਿਦੇਸ਼ੀ ਕਰੰਸੀ ਨੂੰ ਲਿਜਾਣ ਦਾ ਦੋਸ਼ ਲਗਾਇਆ ਗਿਆ ਸੀ। ਕੇਂਦਰੀ ਜਾਂਚ ਏਜੰਸੀ ਈਡੀ ਅਨੁਸਾਰ ਇਸਤਗਾਸਾ ਪੱਖ ਵੱਲੋਂ ਦਾਇਰ ਸ਼ਿਕਾਇਤ ਵਿੱਚ ਦੋਸ਼ ਲਾਇਆ ਗਿਆ ਹੈ ਕਿ 54 ਕਰੋੜ ਰੁਪਏ ਦੀ ਵਿਦੇਸ਼ੀ ਕਰੰਸੀ ਗ਼ੈਰ-ਕਾਨੂੰਨੀ ਢੰਗ ਨਾਲ ਭਾਰਤ ਤੋਂ ਬਾਹਰ ਕੱਢੀ ਗਈ ਸੀ।
