ਮੁੰਬਈ/ਨਵੀਂ ਦਿੱਲੀ, 06 ਅਕਤੂਬਰ (ਹਿ. ਸ.)। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਨੇ ਮੌਜੂਦਾ ਵਿੱਤੀ ਸਾਲ 2023-24 ਲਈ ਦੇਸ਼ ਦੇ ਕੁੱਲ ਘਰੇਲੂ ਉਤਪਾਦ (ਜੀਡੀਪੀ) ਵਿਕਾਸ ਦਰ ਦੇ ਅਨੁਮਾਨ ਨੂੰ 6.50 ਪ੍ਰਤੀਸ਼ਤ ‘ਤੇ ਬਰਕਰਾਰ ਰੱਖਿਆ ਹੈ।
ਆਰਬੀਆਈ ਗਵਰਨਰ ਸ਼ਕਤੀਕਾਂਤ ਦਾਸ ਨੇ ਸ਼ੁੱਕਰਵਾਰ ਨੂੰ ਇੱਥੇ ਦੋ-ਮਾਸਿਕ ਮੁਦਰਾ ਨੀਤੀ ਕਮੇਟੀ (ਐੱਮਪੀਸੀ) ਦੀ ਤਿੰਨ ਦਿਨਾਂ ਸਮੀਖਿਆ ਮੀਟਿੰਗ ਤੋਂ ਬਾਅਦ ਇਹ ਜਾਣਕਾਰੀ ਦਿੱਤੀ। ਸ਼ਕਤੀਕਾਂਤ ਦਾਸ ਨੇ ਕਿਹਾ ਕਿ ਮਜ਼ਬੂਤ ਮੰਗ ਕਾਰਨ ਘਰੇਲੂ ਅਰਥਵਿਵਸਥਾ ਜੁਝਾਰੂ ਸਮਰੱਥਾ ਦਿਖਾ ਰਹੀ ਹੈ। ਆਰਬੀਆਈ ਗਵਰਨਰ ਨੇ ਕਿਹਾ ਕਿ ਮਹਿੰਗਾਈ ਅਜੇ ਵੀ ਅਰਥਵਿਵਸਥਾ ਲਈ ਚੁਣੌਤੀ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਦੀਆਂ ਚੁਣੌਤੀਆਂ ਦੇ ਬਾਵਜੂਦ ਭਾਰਤ ਵਿਕਾਸ ਦਾ ਇੰਜਣ ਬਣਿਆ ਹੋਇਆ ਹੈ।
ਸ਼ਕਤੀਕਾਂਤ ਦਾਸ ਨੇ ਕਿਹਾ ਕਿ ਜੋਖਮ ਬਰਾਬਰ ਸੰਤੁਲਿਤ ਹਨ, ਇਸ ਲਈ ਵਿੱਤੀ ਸਾਲ 2023-24 ਵਿੱਚ ਆਰਥਿਕ ਵਿਕਾਸ ਦਰ 6.5 ਫੀਸਦੀ ਰਹਿਣ ਦਾ ਅਨੁਮਾਨ ਹੈ। ਇਸ ਤੋਂ ਪਹਿਲਾਂ ਅਗਸਤ ਦੀ ਮੁਦਰਾ ਨੀਤੀ ਕਮੇਟੀ ਦੀ ਸਮੀਖਿਆ ਵਿੱਚ, ਜੀਡੀਪੀ ਵਿਕਾਸ ਦਰ 6.50 ਪ੍ਰਤੀਸ਼ਤ ਰਹਿਣ ਦਾ ਅਨੁਮਾਨ ਲਗਾਇਆ ਗਿਆ ਸੀ।
ਜ਼ਿਕਰਯੋਗ ਹੈ ਕਿ ਰਿਜ਼ਰਵ ਬੈਂਕ ਦੇ ਐੱਮਪੀਸੀ ਨੇ ਲਗਾਤਾਰ ਚੌਥੀ ਵਾਰ ਮੁੱਖ ਨੀਤੀਗਤ ਦਰ ਰੇਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
