
ਦੁਬਈ, 02 ਦਸੰਬਰ (ਹਿ.ਸ.)। ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਇੱਥੇ ਸੰਯੁਕਤ ਰਾਸ਼ਟਰ ਦੀ ਸਰਪ੍ਰਸਤੀ ਹੇਠ ਆਯੋਜਿਤ ਵਾਤਾਵਰਣ ਸੁਰੱਖਿਆ ‘ਤੇ ਕਾਨਫਰੰਸ ਆਫ ਦਾ ਪਾਰਟੀਜ਼ (ਸੀਓਪੀ)-28 ਵਿੱਚ ਹਿੱਸਾ ਲੈਣ ਤੋਂ ਬਾਅਦ ਸ਼ੁੱਕਰਵਾਰ ਰਾਤ ਨੂੰ ਵਤਨ ਪਰਤ ਪਏ। ਪ੍ਰਧਾਨ ਮੰਤਰੀ ਮੋਦੀ ਨੇ ਆਪਣੇ ਦੁਬਈ ਦੌਰੇ ਦੌਰਾਨ ਵੱਖ-ਵੱਖ ਦੇਸ਼ਾਂ ਦੇ ਰਾਜਾਂ ਦੇ ਮੁਖੀਆਂ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਸੰਮੇਲਨ ਦੇ ਸਫਲ ਆਯੋਜਨ ‘ਤੇ ਸੰਯੁਕਤ ਅਰਬ ਅਮੀਰਾਤ (ਯੂਏਈ) ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਮੋਦੀ ਨੇ ਸੰਮੇਲਨ ਦੌਰਾਨ ਯੂਏਈ ਦੇ ਰਾਸ਼ਟਰਪਤੀ ਸ਼ੇਖ ਮੁਹੰਮਦ ਬਿਨ ਜਾਏਦ ਅਲ ਨਾਹਯਾਨ ਨਾਲ ਵੀ ਮੁਲਾਕਾਤ ਕੀਤੀ। ਉਨ੍ਹਾਂ ਨੂੰ ਅਗਲੇ ਮਹੀਨੇ ਭਾਰਤ ਵਿੱਚ ਹੋਣ ਵਾਲੇ ਵਾਈਬ੍ਰੈਂਟ ਗੁਜਰਾਤ ਸਮਿਟ ਲਈ ਸੱਦਾ ਦਿੱਤਾ।
ਇਸ ਦੌਰਾਨ ਪ੍ਰਧਾਨ ਮੰਤਰੀ ਮੋਦੀ ਨੇ ਇਟਲੀ ਦੀ ਪ੍ਰਧਾਨ ਮੰਤਰੀ ਜੌਰਜੀਆ ਮੇਲੋਨੀ ਨਾਲ ਵੀ ਮੁਲਾਕਾਤ ਕੀਤੀ। ਮੇਲੋਨੀ ਨੇ ਉਨ੍ਹਾਂ ਨਾਲ ਸੈਲਫੀ ਲਈ ਅਤੇ ਸੋਸ਼ਲ ਮੀਡੀਆ ‘ਤੇ ਪੋਸਟ ਕਰਦਿਆਂ ਕਿਹਾ ਕਿ ਅਸੀਂ ਚੰਗੇ ਦੋਸਤ ਹਾਂ। ਮੇਲੋਨੀ ਤੋਂ ਇਲਾਵਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੁਨਕ, ਬ੍ਰਾਜ਼ੀਲ ਦੇ ਪ੍ਰਧਾਨ ਮੰਤਰੀ ਲੁਈਜ਼ ਇਨਾਸੀਓ ਲੂਲਾ ਦਿ ਸਿਲਵਾ, ਬ੍ਰਿਟੇਨ ਦੇ ਵਿਦੇਸ਼ ਮੰਤਰੀ ਡੇਵਿਡ ਕੈਮਰੂਨ, ਸਾਬਕਾ ਬ੍ਰਿਟਿਸ਼ ਪ੍ਰਧਾਨ ਮੰਤਰੀ ਟੋਨੀ ਬਲੇਅਰ ਨਾਲ ਵੀ ਮੁਲਾਕਾਤ ਕੀਤੀ।
ਪ੍ਰਧਾਨ ਮੰਤਰੀ ਮੋਦੀ ਨੇ ਸੰਯੁਕਤ ਰਾਸ਼ਟਰ ਜਲਵਾਯੂ ਪਰਿਵਰਤਨ ਸੰਮੇਲਨ ਦੇ ਚਾਰ ਸੈਸ਼ਨਾਂ ਨੂੰ ਸੰਬੋਧਨ ਕੀਤਾ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਮੋਦੀ ਨੇ ਸੰਯੁਕਤ ਰਾਸ਼ਟਰ ਦੇ ਸਕੱਤਰ ਜਨਰਲ ਐਂਟੋਨੀਓ ਗੁਟੇਰੇਸ ਨਾਲ ਵੀ ਮੀਟਿੰਗ ਕੀਤੀ। ਪ੍ਰਧਾਨ ਮੰਤਰੀ ਨੇ ਜਲਵਾਯੂ ਟੀਚਿਆਂ ਨੂੰ ਪ੍ਰਾਪਤ ਕਰਨ ਵਿੱਚ ਭਾਰਤ ਦੀਆਂ ਪਹਿਲਕਦਮੀਆਂ ਅਤੇ ਪ੍ਰਗਤੀ ਨੂੰ ਉਜਾਗਰ ਕੀਤਾ। ਪ੍ਰਧਾਨ ਮੰਤਰੀ ਮੋਦੀ ਨੇ ਆਪਣੀ ਜੀ-20 ਪ੍ਰਧਾਨਗੀ ਦੌਰਾਨ ਭਾਰਤ ਦਾ ਸਮਰਥਨ ਕਰਨ ਲਈ ਗੁਟੇਰੇਸ ਦਾ ਧੰਨਵਾਦ ਕੀਤਾ। ਗੁਟੇਰੇਸ ਨੇ ਵਾਤਾਵਰਨ ਸਬੰਧੀ ਭਾਰਤ ਦੇ ਯਤਨਾਂ ਦੀ ਸ਼ਲਾਘਾ ਕੀਤੀ। ਗੁਟੇਰੇਸ ਨੇ ਪ੍ਰਧਾਨ ਮੰਤਰੀ ਦੀ ਗ੍ਰੀਨ ਕ੍ਰੈਡਿਟ ਪਹਿਲਕਦਮੀ ਦਾ ਵੀ ਸਵਾਗਤ ਕੀਤਾ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਉਣ ਵਾਲੀਆਂ ਪੀੜ੍ਹੀਆਂ ਲਈ ਬਿਹਤਰ ਭਵਿੱਖ ਸੁਰੱਖਿਅਤ ਕਰਨ ਲਈ ਵਿਸ਼ਵ ਨੇਤਾਵਾਂ ਨੂੰ ਗ੍ਰੀਨ ਕ੍ਰੈਡਿਟ ਇਨੀਸ਼ੀਏਟਿਵ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਕਾਰਬਨ ਕ੍ਰੈਡਿਟ ਦੀ ਧਾਰਨਾ ਵਪਾਰਕ ਲਾਭਾਂ ਤੋਂ ਪ੍ਰਭਾਵਿਤ ਹੈ। ਇਸ ਵਿੱਚ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਦੀ ਘਾਟ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
