ਲੰਡਨ, 16 ਨਵੰਬਰ (ਹਿ.ਸ.)। ਭਾਰਤ ਦੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਦੋਸ਼ਾਂ ਬਾਰੇ ਬੁੱਧਵਾਰ ਨੂੰ ਕਿਹਾ ਕਿ ਭਾਰਤ ਕਿਸੇ ਵੀ ਜਾਂਚ ਤੋਂ ਇਨਕਾਰ ਨਹੀਂ ਕਰ ਰਿਹਾ ਹੈ ਪਰ ਕੈਨੇਡਾ ਨੇ ਆਪਣੇ ਦੋਸ਼ਾਂ ਦੇ ਸਮਰਥਨ ਵਿੱਚ ਭਾਰਤ ਨਾਲ ਕੋਈ ਸਬੂਤ ਸਾਂਝਾ ਨਹੀਂ ਕੀਤਾ ਹੈ।
ਬ੍ਰਿਟੇਨ ਦੇ ਪੰਜ ਦਿਨਾਂ ਦੌਰੇ ‘ਤੇ ਪਹੁੰਚੇ ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ ਕਿਹਾ ਕਿ ਕੈਨੇਡਾ ਨੂੰ ਖਾਲਿਸਤਾਨੀ ਵੱਖਵਾਦੀ ਦੀ ਹੱਤਿਆ ‘ਚ ਭਾਰਤ ਸਰਕਾਰ ਦੇ ਏਜੰਟਾਂ ਦੇ ਸ਼ਾਮਲ ਹੋਣ ਦੇ ਆਪਣੇ ਦੋਸ਼ਾਂ ਬਾਰੇ ਸਬੂਤ ਮੁਹੱਈਆ ਕਰਵਾਉਣ ਲਈ ਕਿਹਾ ਗਿਆ। ਉਨ੍ਹਾਂ ਕਿਹਾ ਕਿ ਭਾਰਤ ਜਾਂਚ ਤੋਂ ਇਨਕਾਰ ਨਹੀਂ ਕਰਦਾ ਪਰ ਕੈਨੇਡਾ ਨੇ ਆਪਣੇ ਦੋਸ਼ ਦੇ ਸਮਰਥਨ ਲਈ ਕੋਈ ਸਬੂਤ ਸਾਂਝਾ ਨਹੀਂ ਕੀਤਾ ਹੈ। ਉਨ੍ਹਾਂ ਖਾਲਿਸਤਾਨ ਪੱਖੀ ਗਤੀਵਿਧੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਬੋਲਣ ਜਾਂ ਪ੍ਰਗਟਾਵੇ ਦੀ ਆਜ਼ਾਦੀ ਖਾਸ ਜ਼ਿੰਮੇਵਾਰੀ ਵੀ ਲਿਆਉਂਦੀ ਹੈ ਅਤੇ ਉਸ ਆਜ਼ਾਦੀ ਦੀ ਦੁਰਵਰਤੋਂ ਅਤੇ ਸਿਆਸੀ ਉਦੇਸ਼ਾਂ ਲਈ ਵਰਤੋਂ ਨੂੰ ਬਰਦਾਸ਼ਤ ਕਰਨਾ ਗਲਤ ਹੋਵੇਗਾ।
ਜ਼ਿਕਰਯੋਗ ਹੈ ਕਿ 18 ਜੂਨ ਨੂੰ ਬ੍ਰਿਟਿਸ਼ ਕੋਲੰਬੀਆ ‘ਚ ਖਾਲਿਸਤਾਨੀ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਕਰ ਦਿੱਤੀ ਗਈ ਸੀ। 2020 ਵਿੱਚ ਭਾਰਤ ਵੱਲੋਂ ਅੱਤਵਾਦੀ ਐਲਾਨੇ ਗਏ ਨਿੱਝਰ ਦੇ ਕਤਲ ਵਿੱਚ ਟਰੂਡੋ ਵੱਲੋਂ ਭਾਰਤੀ ਏਜੰਟਾਂ ਦੀ ਸੰਭਾਵੀ ਸ਼ਮੂਲੀਅਤ ਦੇ ਦੋਸ਼ਾਂ ਤੋਂ ਬਾਅਦ ਦੋਵਾਂ ਦੇਸ਼ਾਂ ਦਰਮਿਆਨ ਗੰਭੀਰ ਤਣਾਅ ਪੈਦਾ ਹੋ ਗਿਆ ਸੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
