ਸੰਯੁਕਤ ਰਾਸ਼ਟਰ, 28 ਅਕਤੂਬਰ (ਹਿ.ਸ.)। ਸੰਯੁਕਤ ਰਾਸ਼ਟਰ ਮਹਾਸਭਾ ‘ਚ ਇਜ਼ਰਾਈਲ-ਹਮਾਸ ਜੰਗਬੰਦੀ ਪ੍ਰਸਤਾਵ ‘ਤੇ ਵੋਟਿੰਗ ਤੋਂ ਦੂਰ ਰਹਿਣ ਵਾਲੇ ਭਾਰਤ ਨੇ ਇਕ ਵਾਰ ਫਿਰ ਅੱਤਵਾਦ ‘ਤੇ ਦੁਨੀਆ ਦੇ ਸਾਹਮਣੇ ਆਪਣਾ ਨਜ਼ਰੀਆ ਪੇਸ਼ ਕੀਤਾ ਹੈ। ਸੰਯੁਕਤ ਰਾਸ਼ਟਰ ‘ਚ ਭਾਰਤ ਦੀ ਉਪ ਸਥਾਈ ਪ੍ਰਤੀਨਿਧੀ ਯੋਜਨਾ ਪਟੇਲ ਨੇ ਵੋਟ ‘ਤੇ ਸਪੱਸ਼ਟੀਕਰਨ ਦਿੱਤਾ। ਉਨ੍ਹਾਂ ਕਿਹਾ ਕਿ ਅੱਤਵਾਦ ਨੁਕਸਾਨਦੇਹ ਹੈ। ਅੱਤਵਾਦ ਦੀ ਕੋਈ ਸੀਮਾ ਨਹੀਂ ਹੁੰਦੀ। ਇਸ ਦੀ ਨਾ ਤਾਂ ਕੌਮੀਅਤ ਹੁੰਦੀ ਹੈ ਅਤੇ ਨਾ ਹੀ ਨਸਲ। ਵਿਸ਼ਵ ਭਾਈਚਾਰੇ ਨੂੰ ਉਨ੍ਹਾਂ ਲੋਕਾਂ ਨੂੰ ਨਜ਼ਰਅੰਦਾਜ਼ ਨਹੀਂ ਕਰਨਾ ਚਾਹੀਦਾ ਜੋ ਅੱਤਵਾਦੀ ਕਾਰਵਾਈਆਂ ਨੂੰ ਜਾਇਜ਼ ਠਹਿਰਾਉਣ ਦੀ ਕੋਸ਼ਿਸ਼ ਕਰਦੇ ਹਨ। ਆਓ ਆਪਾਂ ਆਪਣੇ ਮਤਭੇਦਾਂ ਨੂੰ ਪਾਸੇ ਰੱਖ ਕੇ ਏਕਤਾ ਕਰੀਏ। ਅੱਤਵਾਦ ਪ੍ਰਤੀ ਜ਼ੀਰੋ ਟੋਲਰੈਂਸ ਪਹੁੰਚ ਅਪਣਾਈਏ। ਮੀਡੀਆ ਰਿਪੋਰਟਾਂ ‘ਚ ਭਾਰਤ ਦੇ ਅੱਤਵਾਦ ‘ਤੇ ਇਸ ਨਜ਼ਰੀਏ ਨੂੰ ਤਰਜੀਹ ਦਿੱਤੀ ਗਈ ਹੈ।
ਭਾਰਤ ਦੀ ਉਪ ਸਥਾਈ ਪ੍ਰਤੀਨਿਧੀ ਯੋਜਨਾ ਪਟੇਲ ਨੇ ਕਿਹਾ ਕਿ ਮਤਭੇਦਾਂ ਅਤੇ ਵਿਵਾਦਾਂ ਨੂੰ ਗੱਲਬਾਤ ਰਾਹੀਂ ਹੱਲ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਇਸ ਵੱਕਾਰੀ ਸੰਸਥਾ ਨੂੰ ਹਿੰਸਾ ਦਾ ਸਹਾਰਾ ਲੈਣ ਦੀਆਂ ਘਟਨਾਵਾਂ ‘ਤੇ ਡੂੰਘੀ ਚਿੰਤਾ ਹੋਣੀ ਚਾਹੀਦੀ ਹੈ। ਵੱਡੇ ਪੱਧਰ ‘ਤੇ ਤੀਬਰ ਹਿੰਸਾ ਬੁਨਿਆਦੀ ਮਨੁੱਖੀ ਕਦਰਾਂ-ਕੀਮਤਾਂ ਦੀ ਉਲੰਘਣਾ ਕਰਦੀ ਹੈ।
ਉਨ੍ਹਾਂ ਕਿਹਾ ਕਿ ਸਿਆਸੀ ਉਦੇਸ਼ਾਂ ਦੀ ਪ੍ਰਾਪਤੀ ਲਈ ਹਿੰਸਾ ਦੀ ਵਰਤੋਂ ਬਹੁਤ ਨੁਕਸਾਨ ਪਹੁੰਚਾਉਂਦੀ ਹੈ। ਯੋਜਨਾ ਪਟੇਲ ਨੇ 7 ਅਕਤੂਬਰ ਨੂੰ ਇਜ਼ਰਾਈਲ ‘ਚ ਹੋਏ ਅੱਤਵਾਦੀ ਹਮਲਿਆਂ ਨੂੰ ਹੈਰਾਨ ਕਰਨ ਵਾਲਾ ਕਰਾਰ ਦਿੰਦਿਆਂ ਕਿਹਾ ਕਿ ਇਹ ਨਿੰਦਣਯੋਗ ਹਨ। ਉਨ੍ਹਾਂ ਉਮੀਦ ਜ਼ਾਹਰ ਕੀਤੀ ਕਿ ਮਹਾਸਭਾ ‘ਚ ਹੋਈ ਇਸ ਚਰਚਾ ਨਾਲ ਅੱਤਵਾਦ ਅਤੇ ਹਿੰਸਾ ਵਿਰੁੱਧ ਸਪੱਸ਼ਟ ਸੰਦੇਸ਼ ਜਾਵੇਗਾ। ਇਸ ਨਾਲ ਕੂਟਨੀਤੀ ਅਤੇ ਗੱਲਬਾਤ ਦੀਆਂ ਸੰਭਾਵਨਾਵਾਂ ਦਾ ਵਿਸਤਾਰ ਹੋਵੇਗਾ। ਇਹ ਇਸ ਸਮੇਂ ਸਾਡੇ ਸਾਹਮਣੇ ਆ ਰਹੇ ਮਨੁੱਖੀ ਸੰਕਟ ਨਾਲ ਨਜਿੱਠਣ ਵਿੱਚ ਮਦਦ ਕਰੇਗਾ। ਭਾਰਤ ਇਸ ਸੰਘਰਸ਼ ਵਿੱਚ ਵੱਡੀ ਗਿਣਤੀ ਵਿੱਚ ਨਾਗਰਿਕਾਂ ਦੀ ਮੌਤ ਨੂੰ ਲੈ ਕੇ ਡੂੰਘੀ ਚਿੰਤਾ ਵਿੱਚ ਹੈ। ਉਨ੍ਹਾਂ ਕਿਹਾ ਕਿ ਭਾਰਤ ਬੰਧਕਾਂ ਦੀ ਤੁਰੰਤ ਅਤੇ ਬਿਨਾਂ ਸ਼ਰਤ ਰਿਹਾਈ ਦੀ ਮੰਗ ਕਰਦਾ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
