ਜੈਨੇਵਾ, 26 ਸਤੰਬਰ (ਹਿ. ਸ.)। ਪਾਕਿਸਤਾਨ ਦੇ ਬਲੋਚਿਸਤਾਨ ਵਿੱਚ ਲੋਕ ਬੇਹੱਦ ਪ੍ਰੇਸ਼ਾਨ ਹਨ। ਉੱਥੇ ਪਾਕਿਸਤਾਨੀ ਫੌਜ ਨਾ ਸਿਰਫ ਮੌਲਿਕ ਅਧਿਕਾਰਾਂ ਦਾ ਉਲੰਘਣ ਕਰ ਰਹੀ ਹੈ ਸਗੋਂ ਲੋਕਾਂ ਦਾ ਕਤਲ ਵੀ ਕਰ ਰਹੀ ਹੈ। ਜਨੇਵਾ ਵਿੱਚ ਚੱਲ ਰਹੀ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦੀ ਮੀਟਿੰਗ ਵਾਲੇ ਸਥਾਨ ਦੇ ਸਾਹਮਣੇ ਸੁਤੰਤਰ ਬਲੋਚਿਸਤਾਨ ਦੀ ਮੰਗ ਗੂੰਜੀ। ਬਲੋਚਿਸਤਾਨ ਦੀ ਆਜ਼ਾਦੀ ਦੇ ਸਮਰਥਨ ’ਚ ਪੋਸਟਰ ਅਤੇ ਬੈਨਰ ਲਗਾਉਣ ਦੇ ਨਾਲ-ਨਾਲ ਪਾਕਿਸਤਾਨੀ ਫੌਜ ਦੇ ਖਿਲਾਫ ਪ੍ਰਦਰਸ਼ਨ ਵੀ ਕੀਤੇ ਜਾ ਰਹੇ ਹਨ।
ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਪ੍ਰੀਸ਼ਦ ਦੀ ਬੈਠਕ ਸਵਿਟਜ਼ਰਲੈਂਡ ਦੇ ਜਨੇਵਾ ’ਚ ਚੱਲ ਰਹੀ ਹੈ। ਬਲੋਚਿਸਤਾਨ ਦੀ ਆਜ਼ਾਦੀ ਦੇ ਸਮਰਥਕਾਂ ਨੇ ਮੀਟਿੰਗ ਵਾਲੀ ਥਾਂ ਦੇ ਬਾਹਰ ਕਈ ਬੈਨਰ ਲਾਏ ਹੋਏ ਹਨ। ਸਮੇਂ-ਸਮੇਂ ’ਤੇ ਪਾਕਿਸਤਾਨੀ ਫੌਜ ਦੇ ਖਿਲਾਫ ਪ੍ਰਦਰਸ਼ਨ ਚੱਲ ਰਹੇ ਹਨ। ਬਲੋਚਿਸਤਾਨ ਦੀ ਆਜ਼ਾਦੀ ਦੇ ਸਮਰਥਕਾਂ ਨੇ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦੇ ਦਫ਼ਤਰ ਦੇ ਬਾਹਰ ਤਿੰਨ ਦਿਨਾਂ ਫੋਟੋ ਪ੍ਰਦਰਸ਼ਨੀ ਦਾ ਆਯੋਜਨ ਕੀਤਾ ਹੈ। ਇਸ ਫੋਟੋ ਪ੍ਰਦਰਸ਼ਨੀ ਰਾਹੀਂ ਬਲੋਚਿਸਤਾਨ ਵਿੱਚ ਹੋ ਰਹੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਨੂੰ ਦਿਖਾਇਆ ਗਿਆ ਹੈ।
ਬਲੋਚ ਵਾਇਸ ਐਸੋਸੀਏਸ਼ਨ ਦੇ ਪ੍ਰਧਾਨ ਮੁਨੀਰ ਮੈਂਗਲ ਨੇ ਕਿਹਾ ਕਿ ਉਹ ਸੰਯੁਕਤ ਰਾਸ਼ਟਰ ਮਨੁੱਖੀ ਅਧਿਕਾਰ ਕੌਂਸਲ ਦੀ ਮੀਟਿੰਗ ਦੌਰਾਨ ਜਨੇਵਾ ਵਿੱਚ ਮੀਟਿੰਗ ਵਾਲੀ ਥਾਂ ਦੇ ਸਾਹਮਣੇ ਇਕੱਠੇ ਹੋ ਕੇ ਸੰਯੁਕਤ ਰਾਸ਼ਟਰ ਦਾ ਧਿਆਨ ਬਲੋਚਿਸਤਾਨ ਵੱਲ ਖਿੱਚਣਾ ਚਾਹੁੰਦੇ ਹਨ। ਪਾਕਿਸਤਾਨੀ ਫੌਜ ਬਲੋਚਿਸਤਾਨ ਵਿੱਚ ਲੋਕਾਂ ਦੇ ਮੌਲਿਕ ਅਧਿਕਾਰਾਂ ਦੀ ਉਲੰਘਣਾ ਕਰ ਰਹੀ ਹੈ। ਉੱਥੇ ਪਾਕਿਸਤਾਨੀ ਫੌਜ ਬਲੋਚਾਂ ’ਤੇ ਕਹਿਰ ਢਾਹ ਰਹੀ ਹੈ। ਪਾਕਿਸਤਾਨੀ ਫ਼ੌਜ ਲੋਕਾਂ ਨੂੰ ਅਗਵਾ ਕਰ ਲੈਂਦੀ ਹੈ ਅਤੇ ਜਿਨ੍ਹਾਂ ਨੂੰ ਅਗਵਾ ਕੀਤਾ ਜਾਂਦਾ ਹੈ, ਉਨ੍ਹਾਂ ਦੀਆਂ ਲਾਸ਼ਾਂ ਵੱਖ-ਵੱਖ ਇਲਾਕਿਆਂ ਵਿੱਚੋਂ ਮਿਲਦੀਆਂ ਹਨ। ਉਨ੍ਹਾਂ ਪਾਕਿਸਤਾਨ ਤੋਂ ਆਜ਼ਾਦ ਬਲੋਚਿਸਤਾਨ ਦੀ ਮੰਗ ਕੀਤੀ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
