ਵਾਸ਼ਿੰਗਟਨ, 26 ਅਕਤੂਬਰ। ਅਮਰੀਕਾ ਦੇ ਲੇਵਿਸਟਨ ਸ਼ਹਿਰ ‘ਚ ਬੁੱਧਵਾਰ ਰਾਤ ਨੂੰ ਇਕ ਵਿਅਕਤੀ ਵਲੋਂ ਕੀਤੀ ਗਈ ਅੰਨ੍ਹੇਵਾਹ ਗੋਲੀਬਾਰੀ ‘ਚ 22 ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਕਈ ਜ਼ਖਮੀਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ, ਇਸ ਲਈ ਮਰਨ ਵਾਲਿਆਂ ਦੀ ਗਿਣਤੀ ਵਧਣ ਦਾ ਖਦਸ਼ਾ ਹੈ। ਹਮਲਾਵਰ ਅਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਾ ਹੈ। ਐਂਡਰੋਸਕੌਗਿਨ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਹਮਲਾਵਰ ਦੀ ਫੋਟੋ ਜਾਰੀ ਕੀਤੀ ਹੈ ਅਤੇ ਲੋਕਾਂ ਨੂੰ ਚੌਕਸ ਰਹਿਣ ਦੀ ਅਪੀਲ ਕੀਤੀ ਹੈ।
ਪੁਲਿਸ ਮੁਤਾਬਕ ਬੁੱਧਵਾਰ ਰਾਤ ਨੂੰ ਇਕ ਸ਼ੂਟਰ ਨੇ ਅੰਨ੍ਹੇਵਾਹ ਗੋਲੀਬਾਰੀ ਕਰ ਕੇ 22 ਲੋਕਾਂ ਦੀ ਹੱਤਿਆ ਕਰ ਦਿੱਤੀ। ਗੋਲੀਬਾਰੀ ‘ਚ 50 ਤੋਂ ਵੱਧ ਲੋਕ ਜ਼ਖਮੀ ਹੋਏ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ‘ਚ ਦਾਖਲ ਕਰਵਾਇਆ ਗਿਆ ਹੈ। ਪੁਲਿਸ ਹਮਲਾਵਰ ਦੀ ਭਾਲ ਕਰ ਰਹੀ ਹੈ। ਪੁਲਿਸ ਨੇ ਹਮਲਾਵਰ ਦੀ ਤਸਵੀਰ ਜਾਰੀ ਕਰਕੇ ਲੋਕਾਂ ਤੋਂ ਮਦਦ ਮੰਗੀ ਹੈ। ਪੁਲਿਸ ਉਸ ਵਾਹਨ ਦੀ ਵੀ ਤਲਾਸ਼ ਕਰ ਰਹੀ ਹੈ ਜਿਸ ਰਾਹੀਂ ਹਮਲਾਵਰ ਸਫ਼ਰ ਕਰ ਰਿਹਾ ਸੀ।
ਲੇਵਿਸਟਨ ਐਂਡਰੋਸਕੌਗਿਨ ਕਾਉਂਟੀ ਦਾ ਹਿੱਸਾ ਹੈ। ਐਂਡਰੋਸਕੌਗਿਨ ਕਾਉਂਟੀ ਸ਼ੈਰਿਫ ਦੇ ਦਫਤਰ ਨੇ ਇੱਕ ਬਿਆਨ ਜਾਰੀ ਕਰਕੇ ਕਿਹਾ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਾਰੋਬਾਰੀਆਂ ਨੂੰ ਆਪਣੇ ਅਦਾਰੇ ਬੰਦ ਕਰਨ ਲਈ ਕਿਹਾ ਗਿਆ ਹੈ। ਪਬਲਿਕ ਸੇਫਟੀ ਵਿਭਾਗ ਦੇ ਬੁਲਾਰੇ ਨੇ ਲੋਕਾਂ ਨੂੰ ਘਰਾਂ ਵਿੱਚ ਰਹਿਣ ਅਤੇ ਵਧੇਰੇ ਸਾਵਧਾਨ ਰਹਿਣ ਦੀ ਅਪੀਲ ਕੀਤੀ ਹੈ।
