ਇਸਲਾਮਾਬਾਦ, 16 ਫਰਵਰੀ : ਪਾਕਿਸਤਾਨ ’ਚ ਹੋਈਆਂ ਆਮ ਚੋਣਾਂ ‘ਚ ਧਾਂਦਲੀ ਦਾ ਦੋਸ਼ ਲਗਾਉਂਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੇ ਅਮਰੀਕਾ ਨੂੰ ਇਸ ਸਬੰਧ ‘ਚ ਆਵਾਜ਼ ਉਠਾਉਣ ਦੀ ਅਪੀਲ ਕੀਤੀ ਹੈ। ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਡਿਆਲਾ ਜੇਲ ’ਚ ਬੰਦ ਹਨ।
ਖ਼ਾਨ ਦੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਪਾਰਟੀ ਨੇ ਦੋਸ਼ ਲਾਇਆ ਹੈ ਕਿ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਨਿਰਪੱਖ ਢੰਗ ਨਾਲ ਨਹੀਂ ਕਰਵਾਈਆਂ ਗਈਆਂ ਅਤੇ ਚੋਣਾਂ ਦੇ ਨਤੀਜੇ ਧਾਂਦਲੀ ਵਾਲੇ ਹਨ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ (ਪੀ.ਐੱਮ.ਐੱਲ.-ਐੱਨ), ਪਾਕਿਸਤਾਨ ਪੀਪਲਜ਼ ਪਾਰਟੀ (ਪੀ. ਪੀਪੀਪੀ) ਅਤੇ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਸਮੇਤ ਤਿੰਨਾਂ ਪਾਰਟੀਆਂ ਵਿੱਚੋਂ ਕਿਸੇ ਨੇ ਵੀ ਨੂੰ 8 ਫਰਵਰੀ ਨੂੰ ਹੋਈਆਂ ਆਮ ਚੋਣਾਂ ਵਿੱਚ ਨੈਸ਼ਨਲ ਅਸੈਂਬਲੀ ਵਿੱਚ ਬਹੁਮਤ ਹਾਸਲ ਕਰਨ ਲਈ ਲੋੜੀਂਦੀ ਗਿਣਤੀ ਵਿੱਚ ਸੀਟਾਂ ਨਹੀਂ ਮਿਲੀਆਂ ਹਨ। ਇਸ ਲਈ ਇਨ੍ਹਾਂ ਵਿੱਚੋਂ ਕੋਈ ਵੀ ਪਾਰਟੀ ਇਕੱਲੀ ਸਰਕਾਰ ਬਣਾਉਣ ਦੇ ਸਮਰੱਥ ਨਹੀਂ ਹੈ।
ਇਮਰਾਨ ਖਾਨ ਦੀ ਪਾਰਟੀ ‘ਪੀਟੀਆਈ’ ਦੇ ਸਮਰਥਨ ਵਾਲੇ 100 ਤੋਂ ਵੱਧ ਆਜ਼ਾਦ ਉਮੀਦਵਾਰਾਂ ਨੇ ਜਿੱਤ ਹਾਸਲ ਕੀਤੀ, ਪਰ ਪਾਰਟੀ ਨੇ ਦੋਸ਼ ਲਾਇਆ ਹੈ ਕਿ ਚੋਣਾਂ ‘ਚ ਧਾਂਦਲੀ ਕੀਤੀ ਗਈ ਹੈ। ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਪਾਰਟੀ ਆਗੂਆਂ ਦੀ ਮੀਟਿੰਗ ਤੋਂ ਬਾਅਦ ਪੀਟੀਆਈ ਆਗੂ ਅਸਦ ਕੈਸਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਾਰਟੀ ਨੇ ਉਮਰ ਅਯੂਬ ਖ਼ਾਨ ਨੂੰ ਪ੍ਰਧਾਨ ਮੰਤਰੀ ਅਹੁਦੇ ਦਾ ਉਮੀਦਵਾਰ ਨਾਮਜ਼ਦ ਕੀਤਾ ਹੈ। ਕੈਸਰ ਨੇ ਕਿਹਾ, ਖ਼ਾਨ ਨੇ ਇਹ ਸੁਨੇਹਾ ਦਿੱਤਾ ਹੈ ਕਿ ਅਮਰੀਕਾ ਨੂੰ ਚੋਣਾਂ ’ਚ ਕਥਿਤ ਧਾਂਦਲੀ ਖ਼ਿਲਾਫ਼ ਆਵਾਜ਼ ਉਠਾਉਣੀ ਚਾਹੀਦੀ ਹੈ। ਉਨ੍ਹਾਂ (ਖਾਨ) ਨੇ ਕਿਹਾ ਹੈ ਕਿ ਅਮਰੀਕਾ ਨੇ ਆਪਣੀ ਭੂਮਿਕਾ ਸਹੀ ਢੰਗ ਨਾਲ ਨਹੀਂ ਨਿਭਾਈ ਹੈ। ਪੀਟੀਆਈ ਦੇ ਅਹੁਦੇਦਾਰ ਨੇ ਦਾਅਵਾ ਕੀਤਾ ਕਿ ਖਾਨ ਦਾ ਸੰਦੇਸ਼ ਸੀ ਕਿ ”ਅਮਰੀਕਾ ਕੋਲ ਮੌਕਾ ਹੈ ਅਤੇ ਉਸਨੂੰ ਚੋਣ ਧਾਂਦਲੀ ਵਿਰੁੱਧ ਆਵਾਜ਼ ਉਠਾਉਣੀ ਚਾਹੀਦੀ ਹੈ।” ਉਨ੍ਹਾਂ ਕਿਹਾ ਕਿ ਜੇਕਰ ਇਹ (ਅਮਰੀਕਾ) ਲੋਕਤੰਤਰ ਦਾ ਸਮਰਥਕ ਹੈ ਤਾਂ ਉਸ ਨੂੰ ਆਵਾਜ਼ ਉਠਾਉਣ ਦੀ ਲੋੜ ਹੈ। ਇਸ ਦੌਰਾਨ, ਅਮਰੀਕਾ ਨੇ ਪਾਕਿਸਤਾਨ ਵਿੱਚ ਪਾਰਦਰਸ਼ੀ ਚੋਣ ਪ੍ਰਕਿਰਿਆ ਨੂੰ ਯਕੀਨੀ ਬਣਾਉਣ ਦਾ ਬੁੱਧਵਾਰ ਨੂੰ ਸੱਦਾ ਦਿੱਤਾ ਅਤੇ ਕਿਹਾ ਕਿ ਪਾਕਿਸਤਾਨੀ ਲੋਕਾਂ ਦੀ ਇੱਛਾ ਦਾ ਸਨਮਾਨ ਕਰਨ ਦੀ ਲੋੜ ਹੈ।
