ਇਸਲਾਮਾਬਾਦ, 04 ਅਕਤੂਬਰ। ਪਾਕਿਸਤਾਨ ਦੇ ਅਸ਼ਾਂਤ ਖੈਬਰ ਪਖਤੂਨਖਵਾ ਸੂਬੇ ਦੇ ਟੈਂਕ ਜ਼ਿਲੇ ‘ਚ ਸੁਰੱਖਿਆ ਬਲਾਂ ਨੇ ਇਕ ਆਪਰੇਸ਼ਨ ਦੌਰਾਨ ਘੱਟੋ-ਘੱਟ 10 ਅੱਤਵਾਦੀਆਂ ਨੂੰ ਮਾਰ ਦਿੱਤਾ। ਪਾਕਿਸਤਾਨੀ ਫੌਜ ਦੇ ਮੀਡੀਆ ਵਿੰਗ ਆਈਐੱਸਪੀਆਰ ਨੇ ਮੰਗਲਵਾਰ ਸ਼ਾਮ ਨੂੰ ਇਹ ਜਾਣਕਾਰੀ ਦਿੱਤੀ ਹੈ। ਸਥਾਨਕ ਮੀਡੀਆ ਰਿਪੋਰਟਾਂ ਵਿੱਚ ਇਸ ਨੂੰ ਪ੍ਰਮੁੱਖਤਾ ਦਿੱਤੀ ਗਈ ਹੈ।
ਮੀਡੀਆ ਰਿਪੋਰਟਾਂ ਮੁਤਾਬਕ ਸੁਰੱਖਿਆ ਬਲਾਂ ਨੂੰ ਇੱਥੇ ਅੱਤਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਅਫਗਾਨਿਸਤਾਨ ਦੀ ਸਰਹੱਦ ਨਾਲ ਲੱਗਦੇ ਇਸ ਅਸ਼ਾਂਤ ਜ਼ਿਲੇ ‘ਚ ਇਹ ਮੁਹਿੰਮ ਚਲਾਈ ਗਈ। ਸੁਰੱਖਿਆ ਬਲਾਂ ਨੇ ਸੋਮਵਾਰ ਰਾਤ 10 ਅੱਤਵਾਦੀਆਂ ਨੂੰ ਮਾਰ ਮੁਕਾਇਆ। ਰਿਪੋਰਟਾਂ ਵਿੱਚ ਕਿਹਾ ਗਿਆ ਹੈ ਕਿ ਇਹ ਅੱਤਵਾਦੀ ਆਮ ਲੋਕਾਂ ਤੋਂ ਪੈਸੇ ਵੀ ਵਸੂਲਦੇ ਸਨ। ਉਨ੍ਹਾਂ ਕੋਲੋਂ ਵੱਡੀ ਗਿਣਤੀ ‘ਚ ਹਥਿਆਰ, ਗੋਲਾ ਬਾਰੂਦ ਅਤੇ ਵਿਸਫੋਟਕ ਸਮੱਗਰੀ ਬਰਾਮਦ ਹੋਈ ਹੈ।
ਜ਼ਿਕਰਯੋਗ ਹੈ ਕਿ 28 ਸਤੰਬਰ ਨੂੰ ਬਲੋਚਿਸਤਾਨ ਸੂਬੇ ‘ਚ ਪਾਕਿਸਤਾਨੀ ਫੌਜੀਆਂ ਨੇ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਦੇ ਤਿੰਨ ਅੱਤਵਾਦੀਆਂ ਨੂੰ ਮਾਰ ਦਿੱਤਾ ਸੀ। ਇਸ ਮੁਕਾਬਲੇ ਵਿੱਚ ਚਾਰ ਜਵਾਨਾਂ ਦੀ ਜਾਨ ਵੀ ਚਲੇ ਗਈ ਸੀ।
