ਇਸਲਾਮਾਬਾਦ, 25 ਸਤੰਬਰ (ਹਿ. ਸ.)। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਜੋ ਕਿ ਪੰਜਾਹ ਦਿਨਾਂ ਤੋਂ ਅਟਕ ਜੇਲ੍ਹ ਵਿੱਚ ਬੰਦ ਹਨ, ਨੂੰ ਹੁਣ ਜੇਲ੍ਹ ਵਿੱਚ ਹੋਰ ਸਹੂਲਤਾਂ ਮਿਲਣਗੀਆਂ। ਇਸਲਾਮਾਬਾਦ ਹਾਈ ਕੋਰਟ ਨੇ ਉਨ੍ਹਾਂ ਨੂੰ ਅਟਕ ਜੇਲ੍ਹ ਤੋਂ ਹਟਾ ਕੇ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਭੇਜਣ ਦੇ ਨਿਰਦੇਸ਼ ਦਿੱਤੇ ਹਨ। ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਤੋਸ਼ਾਖਾਨਾ ਭ੍ਰਿਸ਼ਟਾਚਾਰ ਮਾਮਲੇ ਵਿੱਚ ਦੋਸ਼ੀ ਠਹਿਰਾਏ ਜਾਣ ਤੋਂ ਬਾਅਦ 5 ਅਗਸਤ ਨੂੰ ਗ੍ਰਿਫਤਾਰ ਕੀਤਾ ਗਿਆ ਸੀ ਅਤੇ ਅਟਕ ਜੇਲ੍ਹ ਵਿੱਚ ਰੱਖਿਆ ਗਿਆ ਸੀ। ਬਾਅਦ ਵਿੱਚ ਇਸਲਾਮਾਬਾਦ ਹਾਈ ਕੋਰਟ ਵੱਲੋਂ ਭ੍ਰਿਸ਼ਟਾਚਾਰ ਦੇ ਮਾਮਲੇ ਵਿੱਚ ਉਨ੍ਹਾਂ ਦੀ ਸਜ਼ਾ ਮੁਅੱਤਲ ਕੀਤੇ ਜਾਣ ਦੇ ਬਾਵਜੂਦ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕੇ ਸਨ।
ਦਰਅਸਲ, ਉਨ੍ਹਾਂ ਦੇ ਸਾਹਮਣੇ ਆਉਣ ਤੋਂ ਪਹਿਲਾਂ ਹੀ ਉਨ੍ਹਾਂ ਦੇ ਖਿਲਾਫ ਆਫੀਸ਼ੀਅਲ ਸੀਕ੍ਰੇਟ ਐਕਟ ਦੇ ਤਹਿਤ ਮਾਮਲਾ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਸੀ। ਇਮਰਾਨ ’ਤੇ ਦੋਸ਼ ਹੈ ਕਿ ਜਦੋਂ ਉਹ ਪ੍ਰਧਾਨ ਮੰਤਰੀ ਸਨ ਤਾਂ ਗੁਪਤ ਦਸਤਾਵੇਜ਼ ਲੀਕ ਕੀਤੇ ਸਨ। 13 ਸਤੰਬਰ ਨੂੰ ਉਨ੍ਹਾਂ ਦੀ ਨਿਆਂਇਕ ਹਿਰਾਸਤ 26 ਸਤੰਬਰ ਤੱਕ ਵਧਾ ਦਿੱਤੀ ਗਈ ਸੀ।
ਇਮਰਾਨ ਖ਼ਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਨੇ ਉਨ੍ਹਾਂ ਨੂੰ ਅਟਕ ਜੇਲ੍ਹ ਤੋਂ ਹਟਾਉਣ ਦੀ ਮੰਗ ਕਰਦਿਆਂ ਕਿਹਾ ਸੀ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਅਟਕ ਜੇਲ੍ਹ ਵਿੱਚ ਲੋੜੀਂਦੀਆਂ ਸਹੂਲਤਾਂ ਨਹੀਂ ਮਿਲ ਰਹੀਆਂ ਹਨ। ਇਮਰਾਨ ਦੀ ਪਤਨੀ ਬੁਸ਼ਰਾ ਬੀਬੀ ਨੇ ਵੀ ਕਿਹਾ ਸੀ ਕਿ ਇਮਰਾਨ ਖਾਨ ਦੀ ਜਾਨ ਨੂੰ ਖਤਰਾ ਹੈ। ਇਸ ਮਾਮਲੇ ’ਚ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ ਨੇ ਇਸਲਾਮਾਬਾਦ ਹਾਈ ਕੋਰਟ ’ਚ ਪਟੀਸ਼ਨ ਦਾਇਰ ਕਰਕੇ ਇਮਰਾਨ ਖਾਨ ਨੂੰ ਅਟਕ ਜੇਲ੍ਹ ਤੋਂ ਉੱਚ ਸੁਰੱਖਿਆ ਵਾਲੀ ਅਦਿਆਲਾ ਜੇਲ੍ਹ ਭੇਜਣ ਦੀ ਮੰਗ ਕੀਤੀ ਸੀ। ਹਾਈ ਕੋਰਟ ਨੇ ਅਧਿਕਾਰੀਆਂ ਨੂੰ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਨੂੰ ਪੰਜਾਬ ਸੂਬੇ ਦੀ ਅਟਕ ਜੇਲ੍ਹ ਤੋਂ ਰਾਵਲਪਿੰਡੀ ਦੀ ਅਦਿਆਲਾ ਜੇਲ੍ਹ ਵਿੱਚ ਤਬਦੀਲ ਕਰਨ ਦੇ ਹੁਕਮ ਦਿੱਤੇ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
