ਨਵੀਂ ਦਿੱਲੀ, 30 ਅਕਤੂਬਰ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਂਧਰਾ ਪ੍ਰਦੇਸ਼ ਵਿੱਚ ਰੇਲ ਹਾਦਸੇ ਨੂੰ ਲੈ ਕੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਗੱਲ ਕਰਕੇ ਸਥਿਤੀ ਦਾ ਜਾਇਜ਼ਾ ਲਿਆ ਹੈ। ਪ੍ਰਧਾਨ ਮੰਤਰੀ ਦਫ਼ਤਰ (ਪੀਐਮਓ) ਮੁਤਾਬਕ ਰੇਲ ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ। ਪ੍ਰਧਾਨ ਮੰਤਰੀ ਨੇ ਦੁਖੀ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਅਤੇ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕੀਤੀ। ਇਸ ਤੋਂ ਇਲਾਵਾ ਪ੍ਰਧਾਨ ਮੰਤਰੀ ਦਫ਼ਤਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਪੀਐੱਮਐੱਨਆਰਐੱਫ ਫੰਡ ਵਿੱਚੋਂ 2 ਲੱਖ ਰੁਪਏ ਦੀ ਵਿੱਤੀ ਰਾਸ਼ੀ ਦੇਣ ਦਾ ਐਲਾਨ ਕੀਤਾ ਹੈ, ਜਦੋਂ ਕਿ ਜ਼ਖਮੀਆਂ ਨੂੰ 50,000 ਰੁਪਏ ਦਿੱਤੇ ਜਾਣਗੇ।
ਇਸ ਹਾਦਸੇ ਬਾਰੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨੇ ਕਿਹਾ ਕਿ ਬਚਾਅ ਕਾਰਜ ਜਾਰੀ ਹੈ ਅਤੇ ਟੀਮਾਂ ਤਾਇਨਾਤ ਕਰ ਦਿੱਤੀਆਂ ਗਈਆਂ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਥਿਤੀ ਦਾ ਜਾਇਜ਼ਾ ਲਿਆ ਹੈ। ਮੈਂ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਨਾਲ ਵੀ ਗੱਲ ਕੀਤੀ ਹੈ। ਫਿਲਹਾਲ ਸਥਿਤੀ ਕਾਬੂ ਹੇਠ ਹੈ।
ਜ਼ਿਕਰਯੋਗ ਹੈ ਕਿ ਆਂਧਰਾ ਪ੍ਰਦੇਸ਼ ਦੇ ਵਿਸ਼ਾਖਾਪਟਨਮ ਨੇੜੇ ਵਿਜ਼ਿਆਨਗਰਮ ਜ਼ਿਲ੍ਹੇ ਦੇ ਕੋਠਾਵਲਾਸਾ ਡਿਵੀਜ਼ਨ ਦੇ ਅਲਮਾਂਡਾ-ਕੰਥਕਪੱਲੀ ‘ਤੇ ਐਤਵਾਰ ਸ਼ਾਮ ਨੂੰ ਦੋ ਟਰੇਨਾਂ ਵਿਚਾਲੇ ਟੱਕਰ ਹੋ ਗਈ ਸੀ। ਦੋਵਾਂ ਟਰੇਨਾਂ ਦੀ ਟੱਕਰ ਤੋਂ ਬਾਅਦ ਚਾਰ ਬੋਗੀਆਂ ਪਟੜੀ ਤੋਂ ਉੱਤਰ ਗਈਆਂ। ਇਸ ਘਟਨਾ ‘ਚ 6 ਯਾਤਰੀਆਂ ਦੀ ਮੌਤ ਹੋ ਗਈ, ਜਦਕਿ 40 ਲੋਕ ਜ਼ਖਮੀ ਦੱਸੇ ਜਾ ਰਹੇ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
