ਨਵੀਂ ਦਿੱਲੀ, 13 ਦਸੰਬਰ (ਹਿ.ਸ.)। ਕਾਂਗਰਸ ਨੇਤਾ ਰਾਹੁਲ ਗਾਂਧੀ ਦੇ ਬਿਆਨ ‘ਤੇ ਪਲਟਵਾਰ ਕਰਦੇ ਹੋਏ ਕੇਂਦਰੀ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਕਾਂਗਰਸ ਨੇ ਸਿਆਸੀ ਲਾਹੇ ਲਈ ਦੇਸ਼ ਨੂੰ ਜੋ ਜ਼ਖਮ ਦਿੱਤੇ ਹਨ, ਇਤਿਹਾਸ ਉਸਦਾ ਗਵਾਹ ਹੈ। ਇਤਿਹਾਸ ਸਾਬਕਾ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਅਤੇ ਕਾਂਗਰਸ ਪਾਰਟੀ ਨੂੰ ਕਦੇ ਮੁਆਫ ਨਹੀਂ ਕਰੇਗਾ।
ਅਨੁਰਾਗ ਠਾਕੁਰ ਨੇ ਅੱਜ ਇੱਥੇ ਇੱਕ ਪ੍ਰੋਗਰਾਮ ਵਿੱਚ ਕਿਹਾ ਕਿ ਨਹਿਰੂ ਵੱਲੋਂ ਕੀਤੀਆਂ ਗਈਆਂ ਗਲਤੀਆਂ ਦਾ ਨਤੀਜਾ ਲੋਕ ਅੱਜ ਵੀ ਭੁਗਤ ਰਹੇ ਹਨ। ਉਨ੍ਹਾਂ ਕਿਹਾ ਕਿ ਸਰਦਾਰ ਪਟੇਲ ਨੇ 553 ਤੋਂ ਵੱਧ ਰਿਆਸਤਾਂ ਨੂੰ ਸ਼ਾਮਲ ਕੀਤਾ ਅਤੇ ਨਹਿਰੂ ਨੇ ਇੱਕ ਜੰਮੂ-ਕਸ਼ਮੀਰ ਦੀ ਜ਼ਿੰਮੇਵਾਰੀ ਲਈ ਸੀ ਪਰ ਇਸ ਨੂੰ ਸਹੀ ਢੰਗ ਨਾਲ ਪੂਰਾ ਨਹੀਂ ਕਰ ਸਕੇ।
ਅਨੁਰਾਗ ਠਾਕੁਰ ਨੇ ਪੁੱਛਿਆ ਕਿ ਰਾਹੁਲ ਗਾਂਧੀ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ (ਪੀਓਕੇ) ਲਈ ਕਿਸ ਨੂੰ ਜ਼ਿੰਮੇਵਾਰ ਠਹਿਰਾਉਂਦੇ ਹਨ? 1962 ਵਿੱਚ ਚੀਨ ਨਾਲ ਹੋਈ ਜੰਗ ਵਿੱਚ 3000 ਲੋਕਾਂ ਦੀ ਮੌਤ ਦਾ ਜ਼ਿੰਮੇਵਾਰ ਕੌਣ ਸੀ? ਕਾਂਗਰਸ ਇਨ੍ਹਾਂ ਸਾਰੀਆਂ ਗਲਤੀਆਂ ‘ਤੇ ਪਰਦਾ ਪਾਉਣ ਦੀ ਕੋਸ਼ਿਸ਼ ਕਰ ਰਹੀ ਹੈ।
ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਨੇ ਕਿਹਾ ਸੀ ਕਿ ਪੰਡਿਤ ਨਹਿਰੂ ਨੇ ਭਾਰਤ ਲਈ ਆਪਣਾ ਜੀਵਨ ਦੇ ਦਿੱਤਾ। ਉਹ ਸਾਲਾਂ ਤੱਕ ਜੇਲ੍ਹ ਵਿੱਚ ਰਹੇ। ਅਮਿਤ ਸ਼ਾਹ ਇਤਿਹਾਸ ਤੋਂ ਅਣਜਾਣ ਹਨ। ਉਨ੍ਹਾਂ ਤੋਂ ਇਤਿਹਾਸ ਜਾਣਨ ਦੀ ਉਮੀਦ ਨਹੀਂ ਕੀਤੀ ਜਾ ਸਕਦੀ, ਉਨ੍ਹਾਂ ਨੂੰ ਇਸ ਨੂੰ ਦੁਬਾਰਾ ਲਿਖਣ ਦੀ ਆਦਤ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
