ਮੁੰਬਈ, 25 ਸਤੰਬਰ (ਹਿ. ਸ.)। ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੂਬਾ ਮੀਤ ਪ੍ਰਧਾਨ ਕਿਰੀਟ ਸੋਮਈਆ ਤੋਂ 50 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕਰਨ ਵਾਲੇ ਵਿਅਕਤੀ ਦੇ ਖਿਲਾਫ ਮੁਲੁੰਡ ਨਵਘਰ ਪੁਲਿਸ ਸਟੇਸ਼ਨ ’ਚ ਮਾਮਲਾ ਦਰਜ ਕੀਤਾ ਗਿਆ ਹੈ। ਕਿਰੀਟ ਸੋਮਈਆ ਨੇ ਦੱਸਿਆ ਕਿ ਉਨ੍ਹਾਂ ਦੇ ਦਫਤਰ ਨੂੰ ਇਕ ਈ-ਮੇਲ ਭੇਜ ਕੇ ਫਿਰੌਤੀ ਦੀ ਮੰਗ ਕੀਤੀ ਗਈ ਸੀ। ਮੇਲ ਵਿੱਚ ਕਿਹਾ ਗਿਆ ਸੀ ਕਿ ਮੈਨੂੰ 50 ਲੱਖ ਰੁਪਏ ਦਿਓ, ਨਹੀਂ ਤਾਂ ਮੈਂ ਕਥਿਤ ਅਸ਼ਲੀਲ ਵੀਡੀਓ ਵਾਇਰਲ ਕਰ ਦਿਆਂਗਾ। ਇਸ ਤੋਂ ਬਾਅਦ ਕਿਰੀਟ ਸੋਮਈਆ ਨੇ ਥਾਣਾ ਨਵਘਰ ’ਚ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਇਸ ਘਟਨਾ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ।
ਦਰਅਸਲ, ਕੁਝ ਦਿਨ ਪਹਿਲਾਂ ਕਿਰੀਟ ਸੋਮਈਆ ਦਾ ਇੱਕ ਅਸ਼ਲੀਲ ਵੀਡੀਓ ਵਾਇਰਲ ਹੋਇਆ ਸੀ। ਵਿਰੋਧੀ ਧਿਰ ਨੇ ਇਹ ਮਾਮਲਾ ਵਿਧਾਨ ਸਭਾ ਅਤੇ ਵਿਧਾਨ ਪ੍ਰੀਸ਼ਦ ਵਿੱਚ ਉਠਾਇਆ ਸੀ। ਇਸ ਤੋਂ ਬਾਅਦ ਗ੍ਰਹਿ ਮੰਤਰੀ ਦੇਵੇਂਦਰ ਫਡਨਵੀਸ ਨੇ ਮਾਮਲੇ ਦੀ ਜਾਂਚ ਦੇ ਹੁਕਮ ਦਿੱਤੇ ਸਨ। ਇਸ ਦੌਰਾਨ ਕਿਰੀਟ ਸੋਮਈਆ ਤੋਂ ਅਸ਼ਲੀਲ ਵੀਡੀਓ ਦੇ ਨਾਮ ’ਤੇ ਫਿਰ ਤੋਂ ਫਿਰੌਤੀ ਦੀ ਮੰਗ ਕੀਤੀ ਗਈ ਹੈ। ਇਸ ਸਬੰਧੀ ਸਿਆਸੀ ਹਲਕਿਆਂ ਵਿੱਚ ਕਈ ਤਰ੍ਹਾਂ ਦੀਆਂ ਚਰਚਾਵਾਂ ਹੋਣ ਲੱਗੀਆਂ ਹਨ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
