ਅਹਿਮਦਾਬਾਦ, 29 ਸਤੰਬਰ (ਹਿ. ਸ.)। ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ 05 ਅਕਤੂਬਰ ਨੂੰ ਹੋਣ ਵਾਲੇ ਵਿਸ਼ਵ ਕੱਪ ਕ੍ਰਿਕਟ ਦੇ ਪਹਿਲੇ ਮੈਚ ’ਚ ਖਾਲਿਸਤਾਨੀ ਅੱਤਵਾਦੀ ਸੰਗਠਨ ਦੀ ਧਮਕੀ ’ਤੇ ਅਹਿਮਦਾਬਾਦ ਦੀ ਸਾਈਬਰ ਕ੍ਰਾਈਮ ਬ੍ਰਾਂਚ ’ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਖਾਲਿਸਤਾਨੀ ਅੱਤਵਾਦੀ ਸੰਗਠਨ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਵਿਸ਼ਵ ਕੱਪ ਕ੍ਰਿਕਟ ਮੈਚ ਨੂੰ ਲੈ ਕੇ ਧਮਕੀ ਦਿੱਤੀ ਹੈ। ਧਮਕੀ ਦਾ ਕਾਰਨ ਕੈਨੇਡਾ ਵਿੱਚ ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਬਦਲਾ ਲੈਣਾ ਦੱਸਿਆ ਗਿਆ ਹੈ।
ਕ੍ਰਿਕਟ ਵਿਸ਼ਵ ਕੱਪ 4 ਅਕਤੂਬਰ ਤੋਂ ਸ਼ੁਰੂ ਹੋਵੇਗਾ। ਪਹਿਲੇ ਦਿਨ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਵਿਸ਼ਵ ਕੱਪ ਦਾ ਉਦਘਾਟਨੀ ਸਮਾਰੋਹ ਹੋਵੇਗਾ। ਇਸ ਤੋਂ ਬਾਅਦ ਪਹਿਲਾ ਮੈਚ 5 ਅਕਤੂਬਰ ਨੂੰ ਇੰਗਲੈਂਡ ਅਤੇ ਨਿਊਜ਼ੀਲੈਂਡ ਵਿਚਾਲੇ ਖੇਡਿਆ ਜਾਵੇਗਾ। ਇਸ ਪਹਿਲੇ ਮੈਚ ਸਬੰਧੀ ਇੱਕ ਆਡੀਓ ਵਾਇਰਲ ਹੋਈ ਹੈ, ਜਿਸ ਵਿੱਚ ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਕ੍ਰਿਕਟ ਵਿਸ਼ਵ ਕੱਪ ਦੌਰਾਨ ਨਰਿੰਦਰ ਮੋਦੀ ਸਟੇਡੀਅਮ ਵਿੱਚ ਖਾਲਿਸਤਾਨੀ ਝੰਡਾ ਲਹਿਰਾਉਣ ਦੀ ਧਮਕੀ ਦਿੱਤੀ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਅਹਿਮਦਾਬਾਦ ਸਾਈਬਰ ਕ੍ਰਾਈਮ ਬ੍ਰਾਂਚ ਨੇ ਐੱਫਆਈਆਰ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਪੁਲਿਸ ਵੱਲੋਂ ਦਰਜ ਐਫ.ਆਈ.ਆਰ. ਵਿੱਚ ਕਿਹਾ ਗਿਆ ਹੈ ਕਿ ਹਾਲ ਹੀ ਵਿੱਚ ਇੱਕ ਆਡੀਓ ਕਲਿੱਪ ਸੋਸ਼ਲ ਮੀਡੀਆ ’ਤੇ ਵਾਇਰਲ ਹੋਈ ਹੈ। ਇਸ ’ਚ ਸਿੱਖ ਫਾਰ ਜਸਟਿਸ ਦੇ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਨੇ ਅਹਿਮਦਾਬਾਦ ਦੇ ਨਰਿੰਦਰ ਮੋਦੀ ਸਟੇਡੀਅਮ ’ਚ ਕ੍ਰਿਕਟ ਵਰਲਡ ਕੱਪ ਮੈਚ ਦੌਰਾਨ ਹਮਲੇ ਦੀ ਧਮਕੀ ਦਿੱਤੀ ਹੈ। ਆਡੀਓ ਕਲਿੱਪ ’ਚ ਕਿਹਾ ਗਿਆ ਹੈ ਕਿ ਕ੍ਰਿਕੇਟ ਵਰਲਡ ਕੱਪ ਨਹੀਂ ਬਲਕਿ ਅੱਤਵਾਦ ਵਿਸ਼ਵ ਕੱਪ 5 ਅਕਤੂਬਰ ਤੋਂ ਸ਼ੁਰੂ ਹੋਵੇਗਾ। ਮੈਚ ਵਾਲੇ ਦਿਨ ਸਟੇਡੀਅਮ ’ਚ ਸਿਰਫ ਖਾਲਿਸਤਾਨ ਦਾ ਝੰਡਾ ਨਜ਼ਰ ਆਵੇਗਾ। ਹਰਦੀਪ ਸਿੰਘ ਨਿੱਝਰ ਦੇ ਕਤਲ ਦਾ ਬਦਲਾ ਲਿਆ ਜਾਵੇਗਾ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
