ਚੰਡੀਗੜ੍ਹ, 29 ਦਸੰਬਰ (ਹਿ. ਸ.)। ਸੁਪਰੀਮ ਕੋਰਟ ਕਾਲੇਜੀਅਮ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਜੱਜ ਜਸਟਿਸ ਸ਼ੀਲ ਨਾਗੂ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦਾ ਨਵਾਂ ਚੀਫ਼ ਜਸਟਿਸ ਨਿਯੁਕਤ ਕਰਨ ਦੀ ਸਿਫਾਰਿਸ਼ ਕੀਤੀ ਹੈ। ਉਹ ਸੇਵਾਮੁਕਤ ਚੀਫ਼ ਜਸਟਿਸ ਰਵੀ ਸ਼ੰਕਰ ਝਾਅ ਦੀ ਜਗ੍ਹਾ ਲੈਣਗੇ, ਜਿਨ੍ਹਾਂ ਦੀ ਸੇਵਾਮੁਕਤੀ ਤੋਂ ਬਾਅਦ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਦਾ ਅਹੁਦਾ ਖਾਲੀ ਹੈ।
ਚੀਫ਼ ਜਸਟਿਸ ਰਵੀਸ਼ੰਕਰ ਝਾਅ ਦੇ ਸੇਵਾਮੁਕਤ ਹੋਣ ਤੋਂ ਬਾਅਦ ਫਿਲਹਾਲ ਹਾਈ ਕੋਰਟ ਦੀ ਸੀਨੀਅਰ ਜੱਜ ਜਸਟਿਸ ਰਿਤੂ ਬਾਹਰੀ ਹਾਈ ਕੋਰਟ ਦੇ ਕਾਰਜਕਾਰੀ ਚੀਫ਼ ਜਸਟਿਸ ਦਾ ਚਾਰਜ ਸੰਭਾਲ ਰਹੀ ਹਨ। ਰਿਤੂ ਬਾਹਰੀ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਦੀ ਪਹਿਲੀ ਮਹਿਲਾ ਕਾਰਜਕਾਰੀ ਚੀਫ਼ ਜਸਟਿਸ ਨਿਯੁਕਤ ਕੀਤਾ ਗਿਆ ਸੀ।
ਜਸਟਿਸ ਸ਼ੀਲ ਨਾਗੂ ਨੂੰ 27 ਮਈ 2011 ਨੂੰ ਮੱਧ ਪ੍ਰਦੇਸ਼ ਹਾਈ ਕੋਰਟ ਦਾ ਜੱਜ ਨਿਯੁਕਤ ਕੀਤਾ ਗਿਆ ਸੀ। ਹੁਣ ਸੁਪਰੀਮ ਕੋਰਟ ਕਾਲੇਜੀਅਮ ਨੇ ਮੱਧ ਪ੍ਰਦੇਸ਼ ਹਾਈ ਕੋਰਟ ਦੇ ਸੀਨੀਅਰ ਜੱਜ ਜਸਟਿਸ ਸ਼ੀਲ ਨਾਗੂ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਚੀਫ਼ ਜਸਟਿਸ ਵਜੋਂ ਨਿਯੁਕਤੀ ਨੂੰ ਆਪਣੀ ਸਹਿਮਤੀ ਦੇ ਦਿੱਤੀ ਹੈ ਅਤੇ ਉਨ੍ਹਾਂ ਦੀ ਨਿਯੁਕਤੀ ਲਈ ਰਾਸ਼ਟਰਪਤੀ ਨੂੰ ਸਿਫਾਰਸ਼ ਭੇਜ ਦਿੱਤੀ ਹੈ। ਰਾਸ਼ਟਰਪਤੀ ਦੀ ਸਹਿਮਤੀ ਤੋਂ ਬਾਅਦ ਜਲਦੀ ਹੀ ਉਨ੍ਹਾਂ ਦੀ ਨਿਯੁਕਤੀ ਦੇ ਹੁਕਮ ਜਾਰੀ ਕਰ ਦਿੱਤੇ ਜਾਣਗੇ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
