ਨਵੀਂ ਦਿੱਲੀ/ਹੈਦਰਾਬਾਦ, 07 ਦਸੰਬਰ (ਹਿ. ਸ.)। ਤੇਲੰਗਾਨਾ ’ਚ ਅੱਜ ਅਨੁਮੁਲਾ ਰੇਵੰਤ ਰੈੱਡੀ ਸੂਬੇ ਦੇ ਨਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ। ਸਹੁੰ ਚੁੱਕ ਸਮਾਗਮ ਲਈ ਹੈਦਰਾਬਾਦ ਦੇ ਲਾਲ ਬਹਾਦੁਰ ਸ਼ਾਸਤਰੀ ਸਟੇਡੀਅਮ ਨੂੰ ਹਰ ਤਰ੍ਹਾਂ ਨਾਲ ਤਿਆਰ ਕੀਤਾ ਜਾ ਰਿਹਾ ਹੈ। ਦੁਪਹਿਰ 1:04 ਵਜੇ ਰਾਜਪਾਲ ਤਮਿਲਿਸਾਈ ਸੁੰਦਰਰਾਜਨ ਨਵੇਂ ਮੁੱਖ ਮੰਤਰੀ ਅਤੇ ਮੰਤਰੀਆਂ ਨੂੰ ਅਹੁਦੇ ਅਤੇ ਭੇਦ ਗੁਪਤ ਰੱਖਣ ਦੀ ਸਹੁੰ ਚੁਕਾਉਣਗੇ। ਰੈੱਡੀ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਰਾਓ ਦੀ ਥਾਂ ਲੈਣਗੇ। ਸਮਾਗਮ ਵਿੱਚ ਕਾਂਗਰਸ ਦੇ ਕਈ ਸੀਨੀਅਰ ਆਗੂਆਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।
ਰੇਵੰਤ ਰੈੱਡੀ ਨੇ ਬੁੱਧਵਾਰ ਨੂੰ ਕਾਂਗਰਸ ਪ੍ਰਧਾਨ ਮਲਿਕਾਰਜੁਨ ਖੜਗੇ, ਸਾਬਕਾ ਪ੍ਰਧਾਨ ਸੋਨੀਆ ਗਾਂਧੀ ਅਤੇ ਰਾਹੁਲ ਗਾਂਧੀ, ਪਾਰਟੀ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ ਅਤੇ ਕੁਝ ਹੋਰ ਨੇਤਾਵਾਂ ਨਾਲ ਮੁਲਾਕਾਤ ਕੀਤੀ ਸੀ। ਰੈਡੀ ਵੀ ਸੰਸਦ ਭਵਨ ਪੁੱਜੇ ਸਨ, ਹਾਲਾਂਕਿ ਉਨ੍ਹਾਂ ਨੇ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਨਹੀਂ ਦਿੱਤਾ। ਸਹੁੰ ਚੁੱਕਣ ਤੋਂ ਬਾਅਦ ਉਹ ਲੋਕ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦੇਣਗੇ। ਸਹੁੰ ਚੁੱਕ ਸਮਾਗਮ ’ਚ ਲਗਭਗ ਵੱਡੀ ਗਿਣਤੀ ’ਚ ਲੋਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ, ਕਿਉਂਕਿ ਰੇਵੰਤ ਰੈੱਡੀ ਨੇ ਇਸ ਪ੍ਰੋਗਰਾਮ ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ਖੁੱਲ੍ਹਾ ਸੱਦਾ ਦਿੱਤਾ ਹੈ। ਤੇਲੰਗਾਨਾ ਪੁਲਿਸ ਦਾ ਕਹਿਣਾ ਹੈ ਕਿ ਸਹੁੰ ਚੁੱਕ ਸਮਾਗਮ ਦੇ ਮੱਦੇਨਜ਼ਰ ਸਖ਼ਤ ਪ੍ਰਬੰਧ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਤੇਲੰਗਾਨਾ ਵਿੱਚ ਹਾਲ ਹੀ ਵਿੱਚ ਹੋਈਆਂ ਵਿਧਾਨ ਸਭਾ ਚੋਣਾਂ ਵਿੱਚ ਕਾਂਗਰਸ ਨੇ ਬੀ. ਆਰ. ਐੱਸ. ਨੂੰ ਹਰਾਇਆ ਹੈ। ਕਾਂਗਰਸ ਨੇ 119 ‘ਚੋਂ 64 ਸੀਟਾਂ ‘ਤੇ ਜਿੱਤ ਹਾਸਲ ਕੀਤੀ, ਜਦਕਿ ਸੂਬੇ ‘ਚ ਬਹੁਮਤ ਦਾ ਅੰਕੜਾ 60 ਹੈ। ਇਸ ਚੋਣ ਵਿੱਚ ਬੀ. ਆਰ. ਐੱਸ. ਸਿਰਫ਼ 39 ਸੀਟਾਂ ਹੀ ਜਿੱਤ ਸਕੀ। ਇਸ ਤੋਂ ਇਲਾਵਾ ਭਾਜਪਾ ਨੇ 8, ਏਆਈਐੱਮਆਈਐੱਮ ਨੇ 7 ਅਤੇ ਸੀਪੀਆਈ ਨੇ 1 ਸੀਟ ਜਿੱਤੀ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
