ਨਵੀਂ ਦਿੱਲੀ, 27 ਦਸੰਬਰ (ਹਿ. ਸ.)। ਰਾਸ਼ਟਰੀ ਰਾਜਧਾਨੀ ਦਿੱਲੀ ਅਤੇ ਐੱਨ. ਸੀ. ਆਰ. ਵਿੱਚ ਅੱਜ ਸਵੇਰੇ ਸੰਘਣੀ ਧੁੰਦ ਛਾਈ ਹੋਈ ਹੈ। ਇਸ ਦਾ ਸਭ ਤੋਂ ਵੱਧ ਅਸਰ ਬੱਸਾਂ, ਰੇਲ ਗੱਡੀਆਂ ਅਤੇ ਜਹਾਜ਼ਾਂ ਦੀ ਆਵਾਜਾਈ ‘ਤੇ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ ਨੇ ਅੱਜ ਤੋਂ ਸ਼ੁੱਕਰਵਾਰ ਤੱਕ ਤਿੰਨ ਦਿਨਾਂ ਲਈ ਸਵੇਰੇ ਬਹੁਤ ਸੰਘਣੀ ਧੁੰਦ ਦੀ ਚੇਤਾਵਨੀ ਜਾਰੀ ਕੀਤੀ ਹੈ। ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੁੱਧਵਾਰ ਨੂੰ ਵੱਧ ਤੋਂ ਵੱਧ ਤਾਪਮਾਨ 24 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ ਸੱਤ ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ।
ਰਾਜਾਂ ਦੇ ਵਿਭਾਗੀ ਅਧਿਕਾਰੀਆਂ ਦਾ ਕਹਿਣਾ ਹੈ ਕਿ ਅੱਜ ਸਵੇਰੇ ਹਰਿਆਣਾ, ਪੰਜਾਬ, ਦਿੱਲੀ-ਐੱਨ. ਸੀ.ਆਰ., ਉੱਤਰ ਪ੍ਰਦੇਸ਼, ਰਾਜਸਥਾਨ, ਬਿਹਾਰ, ਝਾਰਖੰਡ ਵਿੱਚ ਸੰਘਣੀ ਧੁੰਦ ਛਾਈ ਹੋਈ ਹੈ। ਮੱਧ ਪ੍ਰਦੇਸ਼ ਅਤੇ ਛੱਤੀਸਗੜ੍ਹ ‘ਚ ਵੀ ਧੁੰਦ ਕਾਰਨ ਵਿਜ਼ੀਬਿਲਟੀ ਕਾਫੀ ਘੱਟ ਗਈ ਹੈ। ਇਨ੍ਹਾਂ ਸਾਰੇ ਰਾਜਾਂ ਵਿੱਚ ਵੱਧ ਤੋਂ ਵੱਧ ਅਤੇ ਘੱਟੋ-ਘੱਟ ਤਾਪਮਾਨ ਵਿੱਚ ਇੱਕ ਤੋਂ ਡੇਢ ਡਿਗਰੀ ਸੈਲਸੀਅਸ ਦੀ ਗਿਰਾਵਟ ਦਰਜ ਕੀਤੀ ਗਈ ਹੈ। ਬੁੱਧਵਾਰ ਸਵੇਰੇ 6 ਵਜੇ ਦਿੱਲੀ-ਐੱਨਸੀਆਰ ਵਿੱਚ ਪਾਰਾ 7.6 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਉੱਤਰ ਪ੍ਰਦੇਸ਼ ਦੇ ਲਖਨਊ ਅਤੇ ਪ੍ਰਯਾਗਰਾਜ ਵਿੱਚ ਘੱਟੋ-ਘੱਟ ਤਾਪਮਾਨ 7 ਡਿਗਰੀ ਸੈਲਸੀਅਸ ਤੋਂ ਵੀ ਹੇਠਾਂ ਦਰਜ ਕੀਤਾ ਗਿਆ।
ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਸੰਘਣੀ ਧੁੰਦ ਕਾਰਨ ਦਿੱਲੀ ਦੇ ਆਈ. ਜੀ. ਆਈ. ਏਅਰਪੋਰਟ ਨੇੜੇ ਸਵੇਰੇ 7 ਵਜੇ ਤੋਂ ਸਵੇਰੇ 10 ਵਜੇ ਤੱਕ ਵਿਜ਼ੀਬਿਲਟੀ ਸਿਰਫ਼ 50 ਮੀਟਰ ਸੀ। ਇਸ ਕਾਰਨ ਉਡਾਣਾਂ ਪ੍ਰਭਾਵਿਤ ਹੋਈਆਂ। ਇਸ ਨਾਲ ਰੇਲ ਆਵਾਜਾਈ ਵੀ ਪ੍ਰਭਾਵਿਤ ਹੋਈ। ਇਸ ਦੌਰਾਨ ਦਿੱਲੀ-ਐੱਨ. ਸੀ. ਆਰ. ਵਿੱਚ ਵੀ ਪ੍ਰਦੂਸ਼ਣ ਲਗਾਤਾਰ ਵੱਧ ਰਿਹਾ ਹੈ। ਬੁੱਧਵਾਰ ਸਵੇਰੇ ਦਿੱਲੀ ਦਾ ਏਕਿਊਆਈ 450 ਦਰਜ ਕੀਤਾ ਗਿਆ।
ਭਾਰਤੀ ਮੌਸਮ ਵਿਭਾਗ ਨੇ ਅਗਲੇ ਚਾਰ ਦਿਨਾਂ ਤੱਕ ਤਾਮਿਲਨਾਡੂ, ਕੇਰਲ, ਪੁਡੂਚੇਰੀ ਅਤੇ ਲਕਸ਼ਦੀਪ ਦੇ ਤੱਟਵਰਤੀ ਖੇਤਰਾਂ ਵਿੱਚ ਕੁਝ ਥਾਵਾਂ ‘ਤੇ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਭਵਿੱਖਬਾਣੀ ਕੀਤੀ ਹੈ। ਧੁੰਦ ਕਾਰਨ ਮੰਗਲਵਾਰ ਨੂੰ ਮੇਰਠ ਐਕਸਪ੍ਰੈੱਸ ਵੇਅ ‘ਤੇ ਵਾਹਨਾਂ ਦੀ ਰਫਤਾਰ ਕਰੀਬ 30 ਕਿਲੋਮੀਟਰ ਪ੍ਰਤੀ ਘੰਟਾ ਰਹੀ। ਈਸਟਰਨ ਅਤੇ ਵੈਸਟਰਨ ਪੈਰੀਫਿਰਲ ਐਕਸਪ੍ਰੈਸਵੇਅ ‘ਤੇ ਵਾਹਨਾਂ ਦੀ ਰਫ਼ਤਾਰ ਸਿਰਫ਼ 20 ਕਿਲੋਮੀਟਰ ਪ੍ਰਤੀ ਘੰਟਾ ਰਹੀ। ਦਿੱਲੀ ਪਹੁੰਚਣ ਵਾਲੀਆਂ 12 ਉਡਾਣਾਂ ਨੂੰ ਡਾਇਵਰਟ ਕੀਤਾ ਗਿਆ। 14 ਟਰੇਨਾਂ ਕਈ ਘੰਟੇ ਦੀ ਦੇਰੀ ਨਾਲ ਦਿੱਲੀ ਪਹੁੰਚੀਆਂ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
