ਨਵੀਂ ਦਿੱਲੀ, 26 ਸਤੰਬਰ (ਹਿ. ਸ.)। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਰੁਜ਼ਗਾਰ ਮੇਲੇ ਵਿੱਚ ਵੀਡੀਓ ਕਾਨਫਰੰਸ ਰਾਹੀਂ 51,000 ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ। ਇਸ ਮੌਕੇ ਪ੍ਰਧਾਨ ਮੰਤਰੀ ਨੇ ਕਿਹਾ ਕਿ ਰੋਜ਼ਗਾਰ ਮੇਲਾ ਨੌਜਵਾਨਾਂ ਨੂੰ ਸਸ਼ਕਤ ਕਰਨ ਅਤੇ ਦੇਸ਼ ਦੇ ਵਿਕਾਸ ਵਿੱਚ ਉਨ੍ਹਾਂ ਦੀ ਸਰਗਰਮ ਭਾਗੀਦਾਰੀ ਨੂੰ ਮਜ਼ਬੂਤ ਕਰਨ ਲਈ ਇੱਕ ਸਮਰਪਿਤ ਯਤਨ ਹੈ।
ਉਨ੍ਹਾਂ ਕਿਹਾ ਕਿ ਨਵੀਂ ਸੰਸਦ ਭਵਨ ਨਾਲ ਦੇਸ਼ ਦੇ ਨਵੇਂ ਭਵਿੱਖ ਦੀ ਸ਼ੁਰੂਆਤ ਹੋਈ ਹੈ। ਸਰਕਾਰ ਦੀ ਨੀਤੀ ਔਰਤਾਂ ਲਈ ਨਵੇਂ ਦਰਵਾਜ਼ੇ ਖੋਲ੍ਹਣ ਦੀ ਹੈ। ਪ੍ਰਧਾਨ ਮੰਤਰੀ ਨੇ ਨਵ-ਨਿਯੁਕਤ ਨੌਜਵਾਨਾਂ ਨੂੰ ਭਵਿੱਖ ਲਈ ਸ਼ੁਭਕਾਮਨਾਵਾਂ ਦਿੱਤੀਆਂ। ਉਨ੍ਹਾਂ ਕਿਹਾ ਕਿ ਤੁਸੀਂ ਸਾਰਿਆਂ ਨੇ ਸਖ਼ਤ ਮਿਹਨਤ ਕਰਕੇ ਇਹ ਸਫ਼ਲਤਾ ਹਾਸਲ ਕੀਤੀ ਹੈ।
ਪ੍ਰਧਾਨ ਮੰਤਰੀ ਮੋਦੀ ਨੇ ਕਿਹਾ ਕਿ ਅੱਜ ਸਾਡਾ ਦੇਸ਼ ਇਤਿਹਾਸਕ ਪ੍ਰਾਪਤੀਆਂ ਅਤੇ ਫੈਸਲਿਆਂ ਦਾ ਗਵਾਹ ਹੈ। ਅਜੇ ਕੁੱਝ ਦਿਨ ਪਹਿਲਾਂ ਹੀ ਦੇਸ਼ ਦੀ ਅੱਧੀ ਆਬਾਦੀ ਨੂੰ ਨਾਰੀ ਸ਼ਕਤੀ ਵੰਦਨ ਐਕਟ ਦੇ ਰੂਪ ਵਿਚ ਵੱਡੀ ਤਾਕਤ ਮਿਲੀ ਹੈ। ਔਰਤਾਂ ਦੇ ਰਾਖਵੇਂਕਰਨ ਦਾ ਮੁੱਦਾ ਜੋ 30 ਸਾਲਾਂ ਤੋਂ ਲਟਕਿਆ ਹੋਇਆ ਸੀ, ਹੁਣ ਦੋਵਾਂ ਸਦਨਾਂ ਨੇ ਰਿਕਾਰਡ ਵੋਟਾਂ ਨਾਲ ਪਾਸ ਕਰ ਦਿੱਤਾ ਗਿਆ ਹੈ।
ਹਿੰਦੂਸਥਾਨ ਸਮਾਚਾਰ/ਸੁਰਿੰਦਰ/ਸੰਜੀਵ
